Punjab

ਅਜੇ ਵੀ ਨਹੀਂ ਮੁੱਕੀ ਚਿੱਟੀਸਿੰਘਪੁਰਾ ਕਤਲੇਆਮ ’ਚ ਸ਼ਹੀਦ ਹੋਏ 35 ਸਿੱਖਾਂ ਦੇ ਪਰਿਵਾਰ ਦੀ ਇਨਸਾਫ਼ ਦੀ ਉਡੀਕ : ਜਥੇਦਾਰ ਗੜਗੱਜ

ਅੰਮ੍ਰਿਤਸਰ, 19 ਅਗਸਤ : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਚਿੱਟੀਸਿੰਘਪੁਰਾ ਪਿੰਡ ਵਿੱਚ ਆਯੋਜਿਤ ਗੁਰਮਤਿ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ 20 ਮਾਰਚ 2000 ਨੂੰ ਹੋਏ ਦਰਦਨਾਕ ਕਤਲੇਆਮ ਦੀ ਯਾਦ ਵਿੱਚ ਬਣੇ ਸ਼ਹੀਦ ਸਮਾਰਕ ਅਤੇ ਤਸਵੀਰਾਂ ਵੇਖੀਆਂ, ਜਿਸ ਵਿੱਚ 35 ਸਿੱਖ ਮਾਰੇ ਗਏ ਸਨ। ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਘਟਨਾ ਨਾ ਸਿਰਫ਼ ਕਸ਼ਮੀਰ ਦੇ ਸਿੱਖਾਂ ਲਈ, ਸਗੋਂ ਸਮੁੱਚੇ ਸਿੱਖ ਭਾਈਚਾਰੇ ਲਈ ਹੈਰਾਨ ਕਰਨ ਵਾਲੀ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਅਜੇ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ, ਕਿਉਂਕਿ ਇਸ ਕਤਲੇਆਮ ਦੀ ਸੱਚਾਈ ਅੱਜ ਤੱਕ ਸਾਹਮਣੇ ਨਹੀਂ ਆ ਸਕੀ ਅਤੇ ਨਾ ਹੀ ਦੋਸ਼ੀਆਂ ਨੂੰ ਸਜ਼ਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅੱਜ ਵੀ ਪਿੰਡ ਦੀਆਂ ਕੰਧਾਂ ‘ਤੇ ਗੋਲੀਆਂ ਦੇ ਨਿਸ਼ਾਨ ਇਸ ਗੱਲ ਦੀ ਗਵਾਹੀ ਦਿੰਦੇ ਹਨ ਕਿ ਘੱਟ ਗਿਣਤੀ ਹੋਣ ਦੇ ਬਾਵਜੂਦ ਸਿੱਖ ਭਾਈਚਾਰੇ ਨੂੰ ਵਾਰ-ਵਾਰ ਨਿਸ਼ਾਨਾ ਬਣਾਇਆ ਗਿਆ। ਇਸ ਦੇ ਬਾਵਜੂਦ, ਕਸ਼ਮੀਰ ਦੇ ਸਿੱਖਾਂ ਨੇ ਆਪਣੀ ਧਰਤੀ ਨਹੀਂ ਛੱਡੀ ਅਤੇ ਅੱਜ ਵੀ ਉਹ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਹੇਠ ਬਹੁਤ ਸਤਿਕਾਰ ਨਾਲ ਉੱਥੇ ਰਹਿ ਰਹੇ ਹਨ। ਪਰ ਸਰਕਾਰਾਂ ਉਨ੍ਹਾਂ ਦੇ ਹੱਕਾਂ ਅਤੇ ਵਿਸ਼ੇਸ਼ ਅਧਿਕਾਰਾਂ ਨੂੰ ਲਗਾਤਾਰ ਦਬਾ ਰਹੀਆਂ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਚਿੱਠੀਸਿੰਘਪੁਰਾ ਦੀ ਘਟਨਾ ਸਾਨੂੰ ਸਿਖਾਉਂਦੀ ਹੈ ਕਿ ਜੇਕਰ ਸਿੱਖ ਭਾਈਚਾਰਾ ਇੱਕਜੁੱਟ ਹੋਵੇ ਤਾਂ ਇਹ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰ ਸਕਦਾ ਹੈ। ਪਿੰਡ ਦੀ ਸੰਗਤ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਇੱਕ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜਥੇਦਾਰ ਨੇ ਸੰਗਤ ਨਾਲ ਗੁਰਬਾਣੀ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਦੁੱਖ ਅਤੇ ਦਰਦ ਸਾਂਝਾ ਕੀਤਾ। ਉਨ੍ਹਾਂ ਪਿੰਡ ਦੇ ਸਰਕਾਰੀ ਅਧਿਆਪਕ ਗਿਆਨੀ ਰਾਜਿੰਦਰ ਸਿੰਘ ਅਤੇ ਨੌਜਵਾਨ ਸਭਾ ਵੱਲੋਂ ਸ਼ਹੀਦਾਂ ਦੀ ਯਾਦ ਨੂੰ ਸੰਭਾਲਣ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

Related Articles

Leave a Reply

Your email address will not be published. Required fields are marked *

Back to top button