
ਚੰਡੀਗੜ੍ਹ, 24 ਅਗਸਤ : ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈਟੀਆਈਜ਼) ਦੀ ਸਮਰੱਥਾ ਵਿਚ ਵਾਧਾ ਕੀਤਾ ਗਿਆ ਹੈ ਜਿਸ ਨਾਲ ਇਨ੍ਹਾਂ ਸੰਸਥਾਵਾਂ ਵਿਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕਰ ਦਿੱਤੀ ਹੈ ਜੋ ਨੌਜਵਾਨਾਂ ਨੂੰ ਵਧੇਰੇ ਹੁਨਰਮੰਦ ਤੇ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਅਹਿਮ ਸਿੱਧ ਹੋਵੇਗਾ। ਬੈਂਸ ਨੇ ਦੱਸਿਆ ਕਿ ਪੰਜਾਬ ਵਿਚ ਆਈਟੀਆਈ ਸੀਟਾਂ ਵਿਚ ਵੱਡਾ ਵਾਧਾ ਕੀਤਾ ਗਿਆ ਹੈ। ਸਾਲ 2023 ਵਿਚ 25,000 ਸੀਟਾਂ ਸਨ ਤੇ ਅਗਲੇ ਸਾਲ ਇਨ੍ਹਾਂ ਦੀ ਗਿਣਤੀ ਵਧਾ ਕੇ 35,000 ਕਰ ਦਿੱਤੀ ਅਤੇ ਹੁਣ ਸੀਟਾਂ 52,000 ਹੋ ਗਈਆਂ ਹਨ, ਜੋ ਕਿ ਸੀਟਾਂ ਵਿਚ 50% ਦਾ ਅਹਿਮ ਵਾਧਾ ਦਰਸਾਉਂਦਾ ਹੈ। ਇਸ ਵਿਸਥਾਰ ਤਹਿਤ ਇਨ੍ਹਾਂ ਸੰਸਥਾਵਾਂ ਵਿਚ 814 ਨਵੇਂ ਟਰੇਡ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਨੂੰ ਉਦਯੋਗ ਦੀਆਂ ਲੋੜਾਂ ਅਤੇ ਬਾਜ਼ਾਰ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਡਿਜ਼ਾਈਨ ਕੀਤਾ ਗਿਆ ਹੈ। ਇਹ ਟਰੇਡ ਉਦਯੋਗ ਭਾਈਵਾਲਾਂ, ਉਦਯੋਗਿਕ ਪ੍ਰਬੰਧਨ ਕਮੇਟੀਆਂ (ਆਈਐੱਮਸੀਜ਼) ਅਤੇ ਪੰਜਾਬ ਵਿਕਾਸ ਕਮਿਸ਼ਨ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਡਿਜ਼ਾਈਨ ਕੀਤੇ ਗਏ ਹਨ, ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋੜੀਂਦੇ ਹੁਨਰਾਂ ਨਾਲ ਲੈਸ ਕਰ ਕੇ ਉਨ੍ਹਾਂ ਦੀ ਰੁਜ਼ਗਾਰ ਸਮਰੱਥਾ ਨੂੰ ਵਧਾਉਣਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਨਵੇਂ ਟਰੇਡ ਅਤੇ ਕੋਰਸ ਆਧੁਨਿਕ ਤਕਨਾਲੋਜੀ ਅਤੇ ਰੁਜ਼ਗਾਰ ਸਮਰੱਥਾ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਹੁਨਰ ਅਤੇ ਗਿਆਨ ਨਾਲ ਲੈਸ ਕਰਨ ਲਈ ਤਿਆਰ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਅੱਜ ਦੇ ਸਖ਼ਤ ਮੁਕਾਬਲੇ ਵਾਲੇ ਦੌਰ ਵਿਚ ਰੁਜ਼ਗਾਰ ਹਾਸਲ ਕਰਨ ਦੇ ਕਾਬਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨਾ ਹੈ। ਬੈਂਸ ਨੇ ਕਿਹਾ ਕਿ ਸੀਟਾਂ ਵਿੱਚ ਵਾਧਾ ਅਤੇ ਨਵੇਂ ਟ੍ਰੇਡ ਪੰਜਾਬ ਵਿੱਚ ਹੁਨਰ ਤੇ ਉਦਯੋਗ ਦੀ ਮੰਗ ਵਿਚਾਲੇ ਦੇ ਪਾੜੇ ਨੂੰ ਪੂਰਦਿਆਂ ਉਨ੍ਹਾਂ ਦੀ ਰੁਜ਼ਗਾਰ ਸਮਰੱਥਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਅੱਗੇ ਚੱਲ ਕੇ ਆਪਣੇ ਕਰੀਅਰ ਦੇ ਸਫ਼ਰ ਵਿੱਚ ਸਫ਼ਲਤਾਪੂਰਵਕ ਸਥਾਪਤ ਕਰਨ ਲਈ ਵਿਸ਼ਵ ਪੱਧਰੀ ਸਿਖਲਾਈ ਅਤੇ ਸਕਿੱਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਵਿਸਥਾਰ ਤਕਨੀਕੀ ਸਿੱਖਿਆ ਅਤੇ ਕਿੱਤਾਮੁਖੀ ਸਿਖਲਾਈ ਪ੍ਰਤੀ ਪੰਜਾਬ ਸਰਕਾਰ ਦੇ ਸਮਰਪਣ ਨੂੰ ਦਰਸਾਉਂਦਾ ਹੈ, ਜਿਸਦਾ ਪੰਜਾਬ ਦੇ ਸਿੱਖਿਆ ਖੇਤਰ ਅਤੇ ਆਰਥਿਕਤਾ ‘ਤੇ ਸਕਾਰਾਤਮਕ ਪ੍ਰਭਾਵ ਪਵੇਗਾ।



