ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੂਬੇ ’ਚ ਵਧਾਈ ਸੁਰੱਖਿਆ
ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 3 ਅਗਸਤ : ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਵਿਚ ਚੌਕਸੀ ਵਧਾ ਦਿੱਤੀ ਹੈ। ਪੁਲਿਸ ਨੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸਮੂਹ ਪੁਲਿਸ ਕਮਿਸ਼ਨਰਜ਼ ਅਤੇ ਐੱਸਐੱਸਪੀਜ਼ ਨੂੰ ਆਪਣੇ ਜ਼ਿਲ੍ਹਿਆਂ ਵਿਚ ਸੁਰੱਖਿਆ ਪ੍ਰਬੰਧ ਚੌਕਸ ਕਰਨ, ਗਸ਼ਤ ਵਧਾਉਣ ਅਤੇ ਰਾਤ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਨ੍ਹਾਂ ਦੋ ਹਫ਼ਤਿਆਂ ਵਿਚ ਸੀਪੀਜ਼/ਐੱਸਐੱਸਪੀਜ਼ ਨਿਯਮਤ ਤੌਰ ’ਤੇ ਵੱਖ-ਵੱਖ ਕਾਰਵਾਈਆਂ ਕਰਨਗੇ ਜਿਸ ਵਿੱਚ ਅੱਤਵਾਦ, ਗੈਂਗਸਟਰ ਵਿਰੋਧੀ ਕਾਰਵਾਈਆਂ, ਜੇਲ੍ਹਾਂ ਦੀ ਜਾਂਚ, ਰਣਨੀਤਕ ਸਥਾਨਾਂ ’ਤੇ ਨਾਕੇ ਲਗਾਉਣਾ, ਤਲਾਸ਼ੀ ਅਭਿਆਨ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੀਪੀਜ਼/ਐੱਸਐੱਸਪੀਜ਼ ਨੂੰ ਸ਼ੱਕੀ ਗਤੀਵਿਧੀਆਂ ਤੇ ਵਿਅਕਤੀਆਂ ’ਤੇ ਨੇੜਿਓਂ ਨਜ਼ਰ ਰੱਖਣ ਅਤੇ ਕਿਸੇ ਵੱਲੋਂ ਵੀ ਸੁਰੱਖਿਆ ਉਲੰਘਣਾ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਵਿਸ਼ੇਸ਼ ਡੀਜੀਪੀ ਨੇ ਸੀਪੀਜ਼, ਐੱਸਐੱਸਪੀਜ਼ ਨੂੰ ਜਨਤਕ ਸਥਾਨਾਂ ’ਤੇ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਆਪੋ-ਆਪਣੇ ਅਧਿਕਾਰ ਖੇਤਰਾਂ ਵਿਚ ਮਹੱਤਵਪੂਰਨ ਖੇਤਰਾਂ ਵਿਚ ਨਿਗਰਾਨੀ ਅਤੇ ਗਸ਼ਤ ਤੇਜ਼ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸੀਪੀਜ਼, ਐੱਸਐੱਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿਚ ਪੁਲਿਸ ਚੌਕੀਆਂ ਦੀ ਗਿਣਤੀ ਵਧਾਉਣ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਘਟਾਉਣ ਵਿਚ ਮਦਦ ਮਿਲੇਗੀ।



