‘ਆਪ’ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ
NRI ਅਮਰਜੀਤ ਕੌਰ ਵੱਲੋਂ ਦਾਇਰ ਪਟੀਸ਼ਨ ਕੀਤੀ ਖਾਰਜ

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 21 ਸਤੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੂੰ ਮਹੱਤਵਪੂਰਨ ਰਾਹਤ ਦਿੱਤੀ ਹੈ। ਅਦਾਲਤ ਨੇ ਐੱਨਆਰਆਈ ਅਮਰਜੀਤ ਕੌਰ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਉਸ ਨੇ ਵਿਧਾਇਕ ਅਤੇ ਉਸ ਦੇ ਪਰਿਵਾਰ ’ਤੇ ਉਸ ਦੇ ਬੰਗਲੇ ’ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ ਸੀ। ਪਟੀਸ਼ਨ ਵਿੱਚ ਐੱਨਆਰਆਈ ਅਮਰਜੀਤ ਕੌਰ ਨੇ ਦੋਸ਼ ਲਗਾਇਆ ਕਿ ਵਿਧਾਇਕ ਮਾਣੂੰਕੇ ਨੇ ਜਗਰਾਉਂ ਦੇ ਹੀਰਾ ਬਾਗ ਵਿੱਚ ਸਥਿਤ ਉਸ ਦੇ ਬੰਗਲੇ ’ਤੇ ਕਬਜ਼ਾ ਕੀਤਾ ਹੈ। ਵਿਰੋਧੀ ਧਿਰ ਨੇ 2023 ਵਿੱਚ ਇਸ ਮੁੱਦੇ ਨੂੰ ਵੱਡੇ ਪੱਧਰ ’ਤੇ ਉਠਾਇਆ, ਜਿਸ ਨਾਲ ਵਿਧਾਇਕ ਅਤੇ ਉਸ ਦੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਹ ਮਾਮਲਾ ਨਾ ਸਿਰਫ਼ ਪੰਜਾਬ ਵਿੱਚ ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵੀ ਚਰਚਾ ਦਾ ਵਿਸ਼ਾ ਬਣ ਗਿਆ। ਅਦਾਲਤ ਵੱਲੋਂ ਕੇਸ ਖਾਰਜ ਕਰਨ ਤੋਂ ਬਾਅਦ ਵਿਧਾਇਕ ਮਾਣੂੰਕੇ ਅਤੇ ਉਸ ਦੇ ਪਰਿਵਾਰ ਨੂੰ ਕਲੀਨ ਚਿੱਟ ਦੇ ਦਿੱਤੀ ਗਈ, ਜਿਸ ਨਾਲ ਹਲਕੇ ਦੇ ਸਮਰਥਕਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਫੈਲ ਗਈ। ਵਿਧਾਇਕ ਮਾਣੂੰਕੇ ਨੇ ਕਿਹਾ ਕਿ ਕੋਈ ਕਿੰਨਾ ਵੀ ਝੂਠਾ ਪ੍ਰਚਾਰ ਫੈਲਾਵੇ, ਸੱਚ ਹਮੇਸ਼ਾ ਜਿੱਤਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਰੋਧੀਆਂ ਨੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਸੀ, ਪਰ ਅਦਾਲਤ ਨੇ ਸੱਚਾਈ ਸਾਹਮਣੇ ਲਿਆਂਦੀ ਹੈ ਅਤੇ ਇਨਸਾਫ਼ ਦਿਵਾਇਆ ਹੈ।



