Punjab

ਆਰਕੀਟੈਕਟ ਦਾ ਬੇਰਹਿਮੀ ਨਾਲ ਕਤਲ, ਮਾਂ ਦੀ ਸ਼ਿਕਾਇਤ ‘ਤੇ ਅਣਪਛਾਤੇ ਕਾਤਲਾਂ ਖ਼ਿਲਾਫ਼ ਮੁਕੱਦਮਾ ਦਰਜ

ਲੁਧਿਆਣਾ, 4 ਜੂਨ :  ਲੁਧਿਆਣਾ ਦੇ ਇੱਕ ਆਰਕੀਟੈਕਟ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੇਸ ਵਿੱਚ ਪੁਲਿਸ ਨੇ ਹੈਬਵਾਲ ਦੇ ਲਕਸ਼ਮੀ ਨਗਰ ਦੀ ਰਹਿਣ ਵਾਲੀ ਮ੍ਰਿਤਕ ਘਨਈਆ ਕੁਮਾਰ (35)ਦੀ ਮਾਤਾ ਮੀਨਾ ਦੇਵੀ ਦੀ ਸ਼ਿਕਾਇਤ ‘ਤੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਚੌਂਕੀ ਮਰਾਡੋ ਦੇ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ, ਜਲਦੀ ਹੀ ਕੇਸ ਨੂੰ ਹੱਲ ਕਰ ਲਿਆ ਜਾਵੇਗਾ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਮੀਨਾ ਦੇਵੀ ਨੇ ਦੱਸਿਆ ਕਿ ਉਸ ਦਾ ਬੇਟਾ ਸਾਊਥ ਸਿਟੀ ਦੇ ਇੱਕ ਦਫਤਰ ਵਿੱਚ ਨੌਕਰੀ ਕਰਦਾ ਸੀ। 26 ਮਈ ਨੂੰ ਉਹ ਡਿਊਟੀ ‘ਤੇ ਗਿਆ ਪਰ ਘਰ ਵਾਪਸ ਨਾ ਪਰਤਿਆ। ਇਸੇ ਦੌਰਾਨ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦਾ ਬੇਟਾ ਡੀਐਮਸੀ ਹਸਪਤਾਲ ਵਿੱਚ ਦਾਖਲ ਹੈ। ਪਰਿਵਾਰ ਦੇ ਮੈਂਬਰ ਤੁਰੰਤ ਡੀਐਮਸੀ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਘਨਈਆ ਕੁਮਾਰ ਦੀ ਹਾਲਤ ਬੇਹੱਦ ਨਾਜ਼ੁਕ ਹੈ। ਪਰਿਵਾਰਕ ਮੈਂਬਰਾਂ ਨੇ ਲੜਕੇ ਨੂੰ ਹਸਪਤਾਲ ਤੋਂ ਅੰਬਾਲਾ ਦੇ ਮਹਾਂਰਿਸ਼ੀ ਮਾਰਕੰਡੇਸਵਰ ਹਸਪਤਾਲ ਵਿੱਚ ਰੈਫ਼ਰ ਕਰਵਾ ਲਿਆ। ਮੀਨਾ ਦੇਵੀ ਨੇ ਪੁਲਿਸ ਨੂੰ ਦੱਸਿਆ ਕਿ ਗੰਭੀਰ ਰੂਪ ਵਿੱਚ ਫੱਟੜ ਹੋਏ ਘਨਈਆ ਕੁਮਾਰ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਮੀਨਾ ਦੇਵੀ ਨੇ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਜਦ ਆਪਣੇ ਪੱਧਰ ‘ਤੇ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਅਣਪਛਾਤੇ ਹਮਲਾਵਰਾਂ ਵੱਲੋਂ ਉਨ੍ਹਾਂ ਦੇ ਲੜਕੇ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ, ਜੋ ਉਸ ਦੀ ਮੌਤ ਦਾ ਕਾਰਨ ਬਣੀ। ਮੀਨਾ ਦੇਵੀ ਨੇ ਪੁਲਿਸ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਘਨਈਆ ਦੇ ਮਾਲਕ ਦੀ ਭੂਮਿਕਾ ਹੋ ਸਕਦੀ ਹੈ। ਜਾਂਚ ਅਧਿਕਾਰੀ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ। ਫਿਲਹਾਲ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਪੋਸਟਮਾਰਟਮ ਦੀ ਰਿਪੋਰਟ ਅਤੇ ਅਗਲੇਰੀ ਜਾਂਚ ਤੋਂ ਬਾਅਦ ਮਾਮਲੇ ਦੇ ਤੱਥਾਂ ‘ਤੇ ਚਾਨਣਾ ਪਵੇਗਾ।

Related Articles

Leave a Reply

Your email address will not be published. Required fields are marked *

Back to top button