ਇਕਬਾਲ ਸਿੰਘ ਲਾਲਪੁਰਾ ਨੇ ਸ਼ਹੀਦੀ ਸਮਾਗਮ ’ਚ ਧਾਰਮਿਕ ਅਵੱਗਿਆ ਕਰਨ ਦੀ ਕੀਤੀ ਸਖ਼ਤ ਨਿੰਦਾ, ਕਿਹਾ- ਆਪ ਆਗੂਆਂ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 27 ਜੁਲਾਈ : ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਆਪ ਆਗੂਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਮਾਗਮ ’ਚ ਧਾਰਮਿਕ ਅਵੱਗਿਆ ਕਰਨ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਸਰਕਾਰ ਦੇ ਇਸ ਵਰਤਾਰੇ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਲਾਲਪੁਰਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸ੍ਰੀਨਗਰ ’ਚ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ’ਚ ਭੰਗੜਾ, ਗੀਤ ਤੇ ਭੰਗੜੇ ਵਰਗੀਆਂ ਮਨੋਰੰਜਨ ਗਤੀਵਿਧੀਆਂ ਹੋਣੀਆਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦਾ ਅਪਮਾਨ ਹੈ ਅਤੇ ਸਿੱਧੇ ਤੋਰ ‘ਤੇ ਬੇਅਦਬੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ‘ਅਰਦਾਸ ਦਾ ਦੋਹਰਾ’ ਗਲਤ ਪੜ੍ਹਿਆ । ‘ਇਸ ਦੌਰਾਨ, ਉਨ੍ਹਾਂ ਨੇ ਨਾ ਤਾਂ ਵਿਧਾਇਕਾਂ ਅਤੇ ਮੌਜੂਦ ਹੋਰ ਲੋਕਾਂ ਨੂੰ ਆਪਣੇ ਸਿਰ ਢੱਕਣ ਲਈ ਕਿਹਾ ਅਤੇ ਨਾ ਹੀ ਉਨ੍ਹਾਂ ਦੇ ਜੋੜੇ ਉਤਰਵਾਏ, ਜੋ ਕਿ ਸਿੱਖ ਮਰਿਆਦਾ ਦੀ ਘੋਰ ਉਲੰਘਣਾ ਹੈ ਤੇ ਇਹ ਵੀ ਬੇਅਦਬੀ ਹੈ। ਲਾਲਪੁਰਾ ਨੇ ‘ਆਪ’ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਬਾਰੇ ਕੀਤੇ ਗਏ ਚੋਣ ਵਾਅਦਿਆਂ ਨੂੰ ਵੀ ਝੂਠਾ ਅਤੇ ਧੋਖਾ ਦੱਸਿਆ। ਲਾਲਪੁਰਾ ਨੇ ਅਰਵਿੰਦ ਕੇਜਰੀਵਾਲ, ਭਗਵੰਤ ਸਿੰਘ ਮਾਨ, ਹਰਜੋਤ ਸਿੰਘ ਬੈਂਸ, ਕੁਲਤਾਰ ਸਿੰਘ ਸੰਧਵਾਂ ਨੂੰ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ।



