
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 22 ਦਸੰਬਰ : ਪੰਜਾਬ ਸਰਕਾਰ ਨੇ ਧਾਰਮਿਕ ਮਹੱਤਵ ਵਾਲੇ ਤਿੰਨ ਸ਼ਹਿਰਾਂ-ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ- ਦੀ ਵਾਲਡ ਸਿਟੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਜਾਣਕਾਰੀ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰ ਕੇ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਫ਼ੈਸਲਾ ਹੈ। ਇੱਥੇ ਮਾਸ, ਸ਼ਰਾਬ, ਤੰਬਾਕੀ ਪਦਾਰਥ ਤੇ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦੀ ਵਿਕਰੀ ’ਤੇ ਪਾਬੰਦੀ ਹੋਵੇਗੀ ਤੇ ਇਨ੍ਹਾਂ ਦੀ ਵਿਕਰੀ ਖ਼ਿਲਾਫ਼ ਸਖ਼ਤ ਨਿਯਮ ਲਾਗੂ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤ ਸਾਹਿਬਾਨ ’ਚੋਂ ਤਿੰਨ ਪੰਜਾਬ ’ਚ ਹਨ। ਅੰਮ੍ਰਿਤਸਰ ’ਚ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ’ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਲਵੰਡੀ ਸਾਬੋ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਸਥਿਤ ਹਨ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਇਨ੍ਹਾਂ ਤਿੰਨਾਂ ਸ਼ਹਿਰਾਂ ਦੀ ਵਾਲਡ ਸਿਟੀ ਨੂੰ ਪਵਿੱਤਰ ਸ਼ਹਿਰ ਐਲਾਨਿਆ ਗਿਆ ਸੀ। ਹੁਣ 15 ਦਸੰਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਕੇ ਅਧਿਕਾਰਤ ਤੌਰ ’ਤੇ ਰੂਹਾਨੀਅਤ ਦੇ ਕੇਂਦਰਾਂ ਤੇ ਪਰਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਗਿਆ ਹੈ। ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਸੂਬੇ ਦੇ ਲੋਕਾਂ ਨੂੰ ਪੂਰੀ ਜ਼ਿੰਮੇਵਾਰੀ ਨਾਲ ਭਰੋਸਾ ਦਿੰਦਾ ਹਾਂ ਕਿ ਇਨ੍ਹਾਂ ਸ਼ਹਿਰਾਂ ਦੇ ਸਮੁੱਚੇ ਤੇ ਲੁੜੀਂਦੇ ਵਿਕਾਸ ਨੂੰ ਯਕੀਨੀ ਬਣਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਹ ਸ਼ਹਿਰ ਸਿਰਫ਼ ਰੂਹਾਨੀਅਤ ਦਾ ਕੇਂਦਰ ਨਹੀਂ ਬਲਕਿ ਸਾਡੀ ਸਭਿਆਚਾਰਕ ਵਿਰਾਸਤ ਦਾ ਸ਼ਾਨਦਾਰ ਪ੍ਰਤੀਕ ਵੀ ਹਨ। ਇਸ ਹਾਲਤ ’ਚ ਸੂਬਾ ਸਰਕਾਰ ਇਨ੍ਹਾਂ ਪਵਿੱਤਰ ਸ਼ਹਿਰਾਂ ’ਚ ਆਉਣ ਵਾਲੇ ਸ਼ਰਧਾਲੂਆਂ ਲਈ ਸਾਰੀਆਂ ਜ਼ਰੂਰੀ ਸਹੂਲਤਾਂ ਯਕੀਨੀ ਬਣਾਏਗੀ। ਇੱਥੇ ਈ-ਰਿਕਸ਼ਾ, ਮਿਨੀ ਬੱਸਾਂ ਤੇ ਹੋਰ ਤੇ ਜਨਤਕ ਟ੍ਰਾਂਸਪੋਰਟ ਸੇਵਾਵਾਂ ਪ੍ਰਦਾਨ ਕਰਨ ਸਮੇਤ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੁਨੀਆ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਤੇ ਸੰਗਤ ਨੂੰ ਕਿਸੇ ਵੀ ਤਰ੍ਹਾਂ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਕੀ ਹੈ ਵਾਲਡ ਸਿਟੀ
ਵਾਲਡ ਸਿਟੀ ਉਹ ਖੇਤਰ ਜੋ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਦਾ ਪੁਰਾਣਾ ਅਰਥਾਤ ਅੰਦਰੂਨ ਇਲਾਕਾ ਹੈ। ਸਮੇਂ ਦੇ ਨਾਲ-ਨਾਲ ਸ਼ਹਿਰਾਂ ਦਾ ਘੇਰਾ ਵਧਦਾ ਗਿਆ ਪਰ ਇਹ ਪਾਬੰਦੀਆਂ ਸਿਰਫ਼ ਅੰਦਰੂਨ ਸ਼ਹਿਰ ’ਚ ਹੀ ਲਾਗੂ ਹੋਣਗੀਆਂ।



