ਐਮ.ਐਲ.ਏ. ਰਜਨੀਸ਼ ਦਹੀਯਾ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਵੇਂ ਵਿੱਦਿਅਕ ਸੈਸ਼ਨ ਲਈ ਦਾਖਲਾ ਮੁਹਿੰਮ ਦਾ ਸ਼ਾਨਦਾਰ ਆਗਾਜ਼
ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਯਤਨਸ਼ੀਲ - ਐਮ.ਐਲ.ਏ. ਰਜਨੀਸ਼ ਦਹੀਯਾ

ਫ਼ਿਰੋਜ਼ਪੁਰ, 20 ਮਾਰਚ- ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀਮਤੀ ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀਮਤੀ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਰਹਿਨੁਮਾਈ ਹੇਠ ਅੱਜ ਦਾਖਲਾ ਮੁਹਿੰਮ 2025 ਦਾ ਆਗਾਜ਼ ਕੀਤਾ। ਸਰਕਾਰੀ ਪ੍ਰਾਇਮਰੀ ਮਾਡਲ ਸਕੂਲ ਫ਼ਿਰੋਜ਼ਪੁਰ ਸ਼ਹਿਰ, ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਖਾਂ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਮੱਤੜ, ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਜੀਰਾ ਤੋਂ ਦਾਖਲਾ ਮੁਹਿੰਮ ਦੇ ਅਗਾਜ਼ ਕੀਤਾ ਗਿਆ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਖਾਂ ਵਿਖੇ ਐਡਵੋਕੇਟ ਰਜਨੀਸ਼ ਦਹੀਯਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ, ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਜੀਰਾ ਵਿਖੇ ਸ਼੍ਰੀ ਨਰੇਸ਼ ਕਟਾਰੀਆ ਵਿਧਾਇਕ ਜੀਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਐਡਵੋਕੇਟ ਰਜਨੀਸ਼ ਦਹੀਯਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਿਰਫ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣਾ ਹੀ ਨਹੀ ਸਗੋਂ ਹਰੇਕ ਵਿਦਿਆਰਥੀ ਦਾ ਅਗਲੀ ਜਮਾਤ ਵਿੱਚ ਦਾਖਲਾ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਲੰਬੀ ਗੈਰ ਹਾਜ਼ਰੀ ਕਾਰਨ ਸਕੂਲ ਛੱਡਣ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵਾਸਤੇ ਵਿਭਾਗੀ ਅਧਿਕਾਰੀ ਵਿਸ਼ੇਸ਼ ਉਪਰਾਲੇ ਕਰ ਰਹੇ ਹਨ। ਬਿਹਤਰ ਅਨੁਭਵ ਵਿੱਦਿਆ ਮਿਆਰੀ, ਮਾਣ ਪੰਜਾਬ ਦਾ ਸਕੂਲ ਸਰਕਾਰੀ‘ ਅਤੇ’ ਸਰਕਾਰੀ ਸਕੂਲ, ਬਿਹਤਰੀਨ ਸਕੂਲ, ਦੇ ਨਾਅਰੇ ਨੂੰ ਸਾਕਾਰ ਕਰਨ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਕੂਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀਮਤੀ ਸੁਨੀਤਾ ਰਾਣੀ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾ ਕੇ ਸਮੇਂ ਦੇ ਹਾਣ ਦੀ ਸਿੱਖਿਆ ਦਿਵਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮਨੋਰਥ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਧਾਰਮਿਕ ਅਸਥਾਨਾਂ ਤੋਂ ਮਾਪਿਆਂ ਨੂੰ ਸੂਚਨਾ ਮੁਹੱਈਆ ਕਰਵਾਉਣ ਦੇ ਲਈ ਉਪਰਾਲੇ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪ੍ਰਿੰਸੀਪਲ, ਬੀ.ਪੀ.ਈ.ਓ, ਸੀ.ਐੱਚ.ਟੀ, ਸਕੂਲ ਮੁਖੀ ਅਤੇ ਅਧਿਆਪਕ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਪ੍ਰਿੰਸੀਪਲ ਸ੍ਰੀ ਰਾਜੇਸ਼ ਮਹਿਤਾ ਸਕੂਲ ਆਫ ਐਮੀਨਸ ਫਿਰੋਜ਼ਪੁਰ, ਬੀ.ਪੀ.ਈ.ਓ ਸ਼੍ਰੀਮਤੀ ਸੁਮਨ ਰਾਣੀ, ਬੀ.ਪੀ.ਈ.ਓ ਇੰਦਰਜੀਤ ਸਿੰਘ, ਬੀ.ਪੀ.ਈ.ਓ ਰਾਜਨ ਨਰੂਲਾ,ਰੁਪਿੰਦਰ ਕੌਰ ਬਲਾਕ ਨੋਡਲ ਅਫ਼ਸਰ ਸਤੀਏਵਾਲਾ, ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਸ਼੍ਰੀ ਸੁਭਾਸ਼ ਚੰਦਰ, ਸਿੱਖਿਆ ਸ਼ਾਸਤਰੀ ਡਾ ਰਾਮੇਸ਼ਵਰ ਸਿੰਘ ਕਟਾਰਾ, ਸ਼੍ਰੀ ਮਹਿੰਦਰ ਸਿੰਘ ਸ਼ੈਲੀ, ਸ਼੍ਰੀ ਤਲਵਿੰਦਰ ਸਿੰਘ ਕੋਆਰਡੀਨੇਟਰ ਸਮਾਰਟ ਸਕੂਲ ,ਅਕਸ਼ ਕੁਮਾਰ ਖੇਡ ਕੋਆਰਡੀਨੇਟਰ, ਸਰਬਜੀਤ ਸਿੰਘ ਟੁਰਨਾ, ਰਜਿੰਦਰ ਸਿੰਘ ਸੰਧਾ, ਪਵਨ ਮਦਾਨ ਆਦਿ ਹਾਜ਼ਰ ਸਨ।



