Punjab

ਐੱਸਸੀ ਕਮਿਸ਼ਨ ਨੇ ਮੱਲੋ ਕੇ ਰੋਡ ਜ਼ੀਰਾ ਵਿਖੇ 192 ਪਰਵਾਰਾਂ ਨਾਲ ਕੀਤੀ ਮੁਲਾਕਾਤ

ਬਾਲ ਕਿਸ਼ਨ

ਫਿਰੋਜ਼ਪੁਰ, 21 ਜੁਲਾਈ : ਐੱਸਸੀ ਕਮਿਸ਼ਨਰ ਪੰਜਾਬ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂਵਾਲੀ ਨੇ ਜ਼ੀਰਾ ਵਿਖੇ 192 ਪਰਿਵਾਰਾਂ ਨੂੰ ਘਰ ਖ਼ਾਲੀ ਕਰਨ ਦੇ ਨੋਟਿਸ ਮਿਲਣ ਉਪਰੰਤ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐੱਸਡੀਐੱਮ ਜ਼ੀਰਾ ਗੁਰਮੀਤ ਸਿੰਘ ਮਾਨ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜ਼ੂਦ ਸਨ। ਇਸ ਮੌਕੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂਵਾਲੀ ਨੇ ਦੱਸਿਆ ਕਿ ਜ਼ੀਰਾ ਵਿਖੇ ਮੱਲੋ ਕੇ ਰੋਡ ’ਤੇ ਸਥਿਤ 192 ਪਰਿਵਾਰਕ ਮੈਂਬਰਾਂ ਦੇ ਵੱਲੋਂ ਕਮਿਸ਼ਨ ਤੱਕ ਪਹੁੰਚ ਕੀਤੀ ਗਈ ਸੀ ਕਿ ਉਹ ਇਸ ਰੋਡ ’ਤੇ ਬਣੇ ਘਰਾਂ ਦੇ ਵਿਚ ਪਿਛਲੇ 50 ਸਾਲ ਤੋਂ ਵੱਧ ਸਮੇਂ ਤੋਂ ਰਹਿ ਰਹੇ ਹਨ। ਪਿਛਲੇ ਸਮੇਂ ਦੌਰਾਨ ਉਨ੍ਹਾਂ ਨੂੰ ਨੋਟਿਸ ਰਾਹੀਂ ਸੜਕ ਦੇ ਆਲੇ ਦੁਆਲੇ ਅਤੇ ਅੰਦਰ ਬਣੇ ਘਰ ਖ਼ਾਲੀ ਕਰਨ ਅਤੇ ਢਾਉਣ ਸਬੰਧੀ ਨੋਟਿਸ ਜਾਰੀ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਰਿਵਾਰਾਂ ਦੇ ਵਿਚ ਬਹੁਤ ਸਾਰੇ ਅਨੁਸੂਚਿਤ ਜਾਤੀ ਨਾਲ ਸਬੰਧਤ ਹਨ ਅਤੇ ਉਨ੍ਹਾਂ ਦੇ ਘਰ ਢਾਹ ਕੇ ਉਨ੍ਹਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਦੇ ਘਰਾਂ ਵਿਚ ਬਿਜਲੀ ਦੇ ਮੀਟਰ ਅਤੇ ਹੋਰ ਕੁਨੈਕਸ਼ਨ ਵੀ ਲੱਗੇ ਹੋਏ ਹਨ ਅਤੇ ਕਈ ਘਰਾਂ ਦੇ ਪਰਿਵਾਰਿਕ ਮੈਂਬਰਾਂ ਦੇ ਬਕਾਇਦਾ ਆਧਾਰ ਕਾਰਡ ਵੀ ਬਣੇ ਹੋਏ ਹਨ। ਪਰਿਵਾਰਿਕ ਮੈਂਬਰਾਂ ਦੀ ਸਾਰੀ ਗੱਲ ਸੁਣਨ ਉਪਰੰਤ ਕਮਿਸ਼ਨ ਦੇ ਮੈਂਬਰ ਵੱਲੋਂ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਕਮਿਸ਼ਨ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਕਾਨੂੰਨੀ ਤੌਰ ’ਤੇ ਜੋ ਵੀ ਬਣ ਸਕੇਗਾ, ਕਮਿਸ਼ਨ ਪਰਿਵਾਰਿਕ ਮੈਂਬਰਾਂ ਦਾ ਸਾਥ ਦੇਵੇਗਾ ਅਤੇ ਕਾਨੂੰਨੀ ਲੜਾਈ ਲੜਨ ਦੇ ਵਿਚ ਵੀ ਉਨ੍ਹਾਂ ਦਾ ਸਾਥ ਦਿੱਤਾ ਜਾਵੇਗਾ। ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਦੇ ਵਿਚ ਜਿੰਨਾ ਹੋ ਸਕੇ ਪਰਿਵਾਰਿਕ ਮੈਂਬਰਾਂ ਦਾ ਸਾਥ ਦਿੱਤਾ ਜਾਵੇ ਤਾਂ ਜੋ ਕਿਸੇ ਨੂੰ ਵੀ ਬੇਘਰ ਹੋਣ ਤੋਂ ਬਚਾਇਆ ਜਾ ਸਕੇ। ਇਸ ਦੌਰਾਨ ਐੱਸਡੀਐੱਮ ਗੁਰਮੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਵੀ ਪਰਿਵਾਰਿਕ ਮੈਂਬਰਾਂ ਦੇ ਨਾਲ ਮੁਲਾਕਾਤ ਕਰਕੇ ਵਿਸਥਾਰ ਨਾਲ ਸ਼ਿਕਾਇਤ ਸੁਣੀ ਗਈ ਹੈ, ਪ੍ਰਸ਼ਾਸਨ ਵੱਲੋਂ ਕਾਨੂੰਨੀ ਤੌਰ ’ਤੇ ਹਰ ਤਰ੍ਹਾਂ ਦੇ ਨਾਲ ਇਨ੍ਹਾਂ ਪਰਿਵਾਰਿਕ ਮੈਂਬਰਾਂ ਦੀ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਾਨੂੰਨੀ ਸਹਾਇਤਾ ਦੇ ਲਈ ਪਰਿਵਾਰਕ ਮੈਂਬਰਾਂ ਦਾ ਮਾਰਗਦਰਸ਼ਨ ਵੀ ਕੀਤਾ ਜਾਵੇਗਾ ਤਾਂ ਜ਼ੋ ਉਹ ਸਹੀ ਢੰਗ ਨਾਲ ਆਪਣਾ ਪੱਖ ਰੱਖ ਸਕਣ। ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਦੇ ਲੋਕ ਸੰਪਰਕ ਅਫਸਰ ਸਤਨਾਮ ਸਿੰਘ ਗਿੱਲ, ਪੀਏ ਹਰਜਿੰਦਰ ਸਿੰਘ ਫਿਰੋਜ਼ਸ਼ਾਹ, ਸਹਿਯੋਗੀ ਅੰਮ੍ਰਿਤਪਾਲ ਸਿੰਘ ਸ਼ਾਹਪੁਰ ਤੋਂ ਇਲਾਵਾ ਕਾਰਜਸਾਧਕ ਅਫ਼ਸਰ ਨਗਰ ਕੋਂਸਲ ਜ਼ੀਰਾ ਨਰਿੰਦਰ ਕੁਮਾਰ ਅਤੇ ਕਈ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button