Punjab

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫ਼ਲਤਾ

ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕੀਤਾ ਕਾਬੂ, ਖੇਪਾਂ ਭੇਜਣ ਲਈ ਵਰਤਦਾ ਸੀ ਡ੍ਰੋਨ

ਅੰਮ੍ਰਿਤਸਰ, 30 ਜੁਲਾਈ : ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇਕ ਕਾਰਕੁੰਨ, ਜੋ ਪਾਕਿ ਆਧਾਰਿਤ ਤਸਕਰ ਦੇ ਇਸ਼ਾਰਿਆਂ ’ਤੇ ਕੰਮ ਕਰਦਾ ਸੀ, ਨੂੰ ਗ੍ਰਿਫ਼ਤਾਰ ਕਰ ਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਭਰਤਪ੍ਰੀਤ ਸਿੰਘ ਵਾਸੀ ਦੇ ਪਿੰਡ ਮਾੜੀ ਮੇਘਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ’ਚੋਂ ਪੰਜ ਆਧੁਨਿਕ ਪਿਸਤੌਲਾਂ – ਦੋ 9 ਐੱਮਐੱਮ, ਦੋ .30 ਬੋਰ ਅਤੇ ਇਕ .32 ਬੋਰ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਖੇਪਾਂ ਦੀ ਡਲਿਵਰੀ ਲਈ ਵਰਤੀ ਜਾ ਰਹੀ ਉਸ ਦੀ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਪਾਕਿਸਤਾਨ ਆਧਾਰਿਤ ਤਸਕਰ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ। ਦੱਸਣਯੋਗ ਹੈ ਕਿ ਉਕਤ ਤਸਕਰ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਸੁੱਟਣ ਲਈ ਡ੍ਰੋਨ ਦੀ ਵਰਤੋਂ ਕਰ ਰਿਹਾ ਸੀ। ਮੁਲਜ਼ਮ ਸੂਬੇ ’ਚ ਅਪਰਾਧਿਕ ਸਰਗਰਮੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਪੰਜਾਬ ’ਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਮੁਲਜ਼ਮਾਂ ਵੱਲੋਂ ਤਰਨਤਾਰਨ ਦੇ ਪਿੰਡ ਦਲੀੜੀ ਨੇੜੇ ਪੈਂਦੇ ਭਾਰਤ-ਪਾਕਿ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ’ਤੇ ਪੁਲਿਸ ਟੀਮਾਂ ਨੇ ਸ਼ੱਕੀ ਭਰਤਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਪਿੰਡ ਇੱਬਣ-ਪਿੰਡ ਮੂਲੇਚੱਕ ਰੋਡ ‘ਤੇ ਉਸ ਵੇਲੇ ਘੇਰਾ ਪਾ ਲਿਆ ਜਦੋਂ ਉਹ ਕਿਸੇ ਅੱਗੇ ਕਿਸੇ ਪਾਰਟੀ ਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ। ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button