
ਲੁਧਿਆਣਾ, 28 ਜੁਲਾਈ : ਲੁਧਿਆਣਾ ਦੇ ਬਸੰਤ ਐਵਨਿਊ ਇਲਾਕੇ ’ਚ ਦੂਸ਼ਿਤ ਪਾਣੀ ਦਾ ਮੁੱਦਾ ਗੰਭੀਰ ਹੁੰਦਾ ਨਜ਼ਰ ਆ ਰਿਹਾ ਹੈ। ਇਸੇ ਦੇ ਚੱਲਦਿਆਂ ਇਲਾਕਾ ਵਾਸੀਆਂ ਨੇ ਐਤਵਾਰ ਨੂੰ ਇੱਕ ਐਮਰਜੈਂਸੀ ਮੀਟਿੰਗ ਸੱਦੀ। ਉਨ੍ਹਾਂ ਆਖਿਆ ਕਿ ਦੂਸ਼ਿਤ ਪਾਣੀ ਦੀ ਲਗਾਤਾਰ ਸਪਲਾਈ ਚਿੰਤਾਜਨਕ ਮੁੱਦਾ ਬਣ ਚੁੱਕੀ ਹੈ। ਅਧਿਕਾਰੀਆਂ ਨੂੰ ਵਾਰ-ਵਾਰ ਸ਼ਿਕਾਇਤ ਦੇਣ ਦੇ ਬਾਵਜੂਦ ਵੀ ਨਾ ਤਾਂ ਗਲਾਡਾ ਤੇ ਨਾ ਹੀ ਕਿਸੇ ਹੋਰ ਵਿਭਾਗ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ। ਇਸ ਮੌਕੇ ਡਾ. ਅਮਨਦੀਪ ਸਿੰਘ ਬੈਂਸ ਨੇ ਦੱਸਿਆ ਕਿ ਹਾਲ ਹੀ ’ਚ ਗਲਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਇਸ ਗੰਭੀਰ ਮੁੱਦੇ ਸਬੰਧੀ ਜਾਣੂ ਕਰਵਾਇਆ ਗਿਆ ਸੀ। ਉਨ੍ਹਾਂ ਆਖਿਆ ਕਿ ਇਸ ਸਬੰਧੀ ਜਲਦੀ ਹੀ ਐੱਨਜੀਟੀ (ਨੈਸ਼ਨਲ ਗ੍ਰੀਨ ਟ੍ਰਿਬਿਊਨਲ) ਤੱਕ ਪਹੁੰਚ ਕੀਤੀ ਜਾਵੇਗੀ। ਇਲਾਕਾ ਵਾਸੀਆਂ ਨੇ ਕਿਹਾ ਕਿ ਇਸ ਗੰਭੀਰ ਮੁੱਦੇ ਨੂੰ ਹਲਕਾ ਵਿਧਾਇਕ ਨੂੰ ਵਿਧਾਨ ਸਭਾ ’ਚ ਚੁੱਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਵੀ ਰਸਮੀ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਇਲਾਕਾ ਵਾਸੀਆਂ ਨੇ ਕਿਹਾ ਕਿ ਜੇਕਰ ਸਬੰਧਤ ਵਿਭਾਗਾਂ ਨੇ ਇਸ ਗੰਭੀਰ ਮੁੱਦੇ ਦਾ ਹੱਲ ਨਾ ਕਰਵਾਇਆ ਤਾਂ ਉਹ ਪ੍ਰਦਰਸ਼ਨ ਤੇ ਕਾਨੂੰਨ ਅਨੁਸਾਰ ਕਾਰਵਾਈ ਕਰਨਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਇਸ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਸੜਕਾਂ ’ਤੇ ਆਉਣ ਲਈ ਮਜਬੂਰ ਹੋ ਜਾਣਗੇ ਤੇ ਇਸ ਮੁੱਦੇ ਨੂੰ ਅਦਾਲਤ ’ਚ ਲੈ ਕੇ ਜਾਣਗੇ। ਲੋਕਾਂ ਨੇ ਕਿਹਾ ਕਿ ਉਨ੍ਹਾਂ ਦੀ ਸਮੱਸਿਆ ਲਗਾਤਾਰ ਬਣੀ ਹੋਈ ਹੈ ਪਰ ਕੋਈ ਵੀ ਵਿਭਾਗ ਇਲਾਕੇ ਦੇ ਪਾਣੀ ਦੇ ਸੈਂਪਲ ਨਹੀਂ ਲੈ ਕੇ ਗਿਆ। ਬਸੰਤ ਐਵਨਿਊ ਦੇ ਵਸਨੀਕਾਂ ਨੇ ਆਖਿਆ ਕਿ ਜੇਕਰ ਜਲਦੀ ਹੀ ਗੰਦੇ ਪਾਣੀ ਦੀ ਸਮੱਸਿਆ ਹੱਲ ਨਾ ਹੋਈ ਤਾਂ ਉਹ ਜ਼ਿੰਮੇਵਾਰ ਧਿਰਾਂ ਨੂੰ ਜਵਾਬਦੇਹ ਬਣਾ ਕੇ ਅਗਲੇਰੀ ਕਾਰਵਾਈ।



