
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 12 ਜੁਲਾਈ : ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਤੇ ਕਾਂਗਰਸ ਨੂੰ ਕੋਸਣ ਦਾ ਕੋਈ ਮੌਕਾ ਨਹੀਂ ਗੁਆਇਆ। ਕਾਂਗਰਸ ਤੇ ਭਾਜਪਾ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਭਾਜਪਾ ਤੇ ਕਾਂਗਰਸ ਦੇਸ਼ ਨੂੰ ਬਖਸ਼ ਦੇਣ ਤਾਂ ਦੇਸ਼ ਤਰੱਕੀ ਕਰ ਸਕਦਾ ਹੈ। ਡੈਮਾਂ ‘ਤੇ ਸੀਆਈਐੱਸਐੱਫ ਦੀ ਤਾਇਨਾਤੀ ਦੇ ਵਿਰੋਧ ’ਚ ਪੇਸ਼ ਕੀਤੇ ਗਏ ਮਤੇ ‘ਤੇ ਬਹਿਸ ’ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਪਾਰਟੀਆਂ ਨੇ ਲੋਕਾਂ ਨੂੰ ਫਿਰਕੂ ਲੀਹਾਂ ‘ਤੇ ਵੰਡਿਆ ਹੈ। ਮੁੱਖ ਮੰਤਰੀ ਨੇ ਹਰਿਆਣਾ ਪ੍ਰਤੀ ਹਲੀਮੀ ਦਿਖਾਉਂਦਿਆਂ ਕਿਹਾ ਕਿ ਹਰਿਆਣਾ ਛੋਟਾ ਭਾਈ ਹੈ ਪਰ ਸਿਆਸੀ ਖੇਡ ਲਈ ਦੋਵਾਂ ਸੂਬਿਆਂ ਨੂੰ ਲੜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਯੂਕਰੇਨ ਅਤੇ ਰੂਸ ਵਿਚਕਾਰ ਜੰਗ ਨੂੰ ਖ਼ਤਮ ਕਰ ਸਕਦੇ ਹਨ, ਤਾਂ ਫਿਰ ਉਨ੍ਹਾਂ ਨੂੰ ਪੰਜਾਬ ਤੇ ਹਰਿਆਣਾ ਵਿਚਕਾਰ ਸੁਖਾਵੇਂ ਹਾਲਾਤ ਯਕੀਨੀ ਬਣਾਉਣ ਤੋਂ ਕੌਣ ਰੋਕ ਰਿਹਾ ਹੈ? ਉਨ੍ਹਾਂ ਕਿਹਾ ਕਿ ਦੋਵੇਂ ਸੂਬਿਆਂ ਦਾ ਰਿਸ਼ਤਾ ਭਰਾਵਾਂ ਵਰਗਾ ਹੈ ਤੇ ਇਹ ਕੇਂਦਰੀ ਅਨਾਜ ਪੂਲ ’ਚ 70 ਫ਼ੀਸਦੀ ਤੋਂ ਵੱਧ ਯੋਗਦਾਨ ਪਾਉਂਦੇ ਹਨ ਪਰ ਪਿਛਲੇ ਸਾਲਾਂ ਦੌਰਾਨ ਪੰਜਾਬ ਤੇ ਹਰਿਆਣਾ ’ਚ ਸੱਤਾ ਸੰਭਾਲਣ ਵਾਲੀਆਂ ਇਨ੍ਹਾਂ ਦੋਵਾਂ ਪਾਰਟੀਆਂ ਨੇ ਦੋਵੇਂ ਸੂਬਿਆਂ ਵਿਚਕਾਰ ਮਤਭੇਦ ਪੈਦਾ ਕਰਨ ’ਚ ਕੋਈ ਕਸਰ ਨਹੀਂ ਛੱਡੀ, ਜਿਸ ਦੀ ਆੜ ’ਚ ਉਹ ਸੱਤਾ ਦਾ ਆਨੰਦ ਮਾਣ ਰਹੇ ਹਨ। ਅਦਾਕਾਰ ਤੇ ਕਲਾਕਾਰ ਦਿਲਜੀਤ ਦੀ ਫ਼ਿਲਮ ’ਤੇ ਪਾਬੰਦੀ ਲਗਾਉਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਗਾਮ ਹਮਲੇ ਤੋਂ ਪਹਿਲਾਂ ਬਣੀ ਫਿਲਮ ਭਾਰਤ ’ਚ ਰਿਲੀਜ਼ ਨਹੀਂ ਹੋਣ ਦਿੱਤੀ ਜਾ ਰਹੀ। ਮਾਨ ਨੇ ਕਿਹਾ ਕਿ ਕੁਰਬਾਨੀ ਵੇਲੇ ਅਸੀਂ ਸਰਦਾਰ ਹੋ ਜਾਂਦੇ ਹਾਂ ਤੇ ਮਤਲਬ ਨਿਕਲਣ ਪਿੱਛੋਂ ਫਿਰ ਗਦਾਰ। ਬਿਹਾਰ ’ਚ ਵੋਟਾਂ ਲਈ ਜਨਮ ਦੇ ਸਬੂਤ ਦਿਖਾਉਣ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਸ ਦੀ ਮਾਂ ਰਾਵਲਪਿੰਡੀ ਤੋਂ ਕਾਗਜ਼ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਉਧਰ (ਪਾਕਿਸਤਾਨ) ਜਾਂਦੇ ਹਾਂ ਤਾਂ ਗੱਦਾਰ ਹੋ ਜਾਂਦੇ ਹਾਂ, ਜਦਕਿ ਪਾਕਿਸਾਨ ਨਾਲ ਸਾਡੀ ਭਾਸ਼ਾ, ਬੋਲੀ ਤੇ ਸੱਭਿਆਚਾਰ ਸਾਂਝਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ ਪਰ ਇੱਥੇ ਵਿਸ਼ਵ ਗੁਰੂ ਬਣਨ ਦੇ ਚੱਕਰਾਂ ’ਚ ਪਏ ਹੋਏ ਹਾਂ। ਉਨ੍ਹਾਂ ਮਿਸਾਲ ਦਿੱਤੀ ਕਿ ਦੀਨਾਨਗਰ (ਪਠਾਨਕੋਟ) ’ਚ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਹਮਲੇ ਦੌਰਾਨ ਨੀਮ ਫੌਜੀ ਬਲ ਭੇਜਣ ਲਈ ਸੂਬੇ ਤੋਂ 7.5 ਕਰੋੜ ਰੁਪਏ ਦੀ ਮੰਗ ਕੀਤੀ ਸੀ। ਮਾਨ ਨੇ ਕਿਹਾ ਕਿ ਇਹ ਮੰਦਭਾਗਾ ਤੇ ਤਰਕਹੀਣ ਹੈ, ਕਿਉਂਕਿ ਜਿਸ ਸੂਬੇ ਦੇ ਸਭ ਤੋਂ ਵੱਧ ਸਪੂਤ ਹਥਿਆਰਬੰਦ ਸੈਨਾਵਾਂ ’ਚ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੁੰਦੇ ਹਨ, ਉਸ ਨੂੰ ਇਹ ਵਾਧੂ ਖ਼ਰਚੇ ਚੁੱਕਣ ਲਈ ਮਜਬੂਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਸ਼ਾਨਨ ਪ੍ਰੋਜੈਕਟ ਦੇ ਪੈਸੇ ਮੰਗ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਸਾਨੂੰ ‘ਗੱਦਾਰ’ ਕਿਹਾ ਜਾਂਦਾ ਹੈ ਜਾਂ ‘ਸਰਦਾਰ’ ਜੋ ਕਿ ਬਹੁਤ ਹੀ ਅਪਮਾਨਜਨਕ ਤੇ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬੀਆਂ ਦੀ ਰਾਸ਼ਟਰਵਾਦੀ ਭਾਵਨਾ ਤੇ ਦੇਸ਼ ਭਗਤੀ ’ਤੇ ਸਵਾਲ ਉਠਾਉਣ ਦਾ ਅਧਿਕਾਰ ਨਹੀਂ ਹੈ। ਸਾਨੂੰ ਦੇਸ਼ ਪ੍ਰਤੀ ਆਪਣੇ ਪਿਆਰ ਲਈ ਇਨ੍ਹਾਂ ਤਾਕਤਾਂ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ, ਕਿਉਂਕਿ ਵਤਨ ਪ੍ਰਤੀ ਸਾਡਾ ਪਿਆਰ ਸਾਡੇ ਸ਼ਾਨਦਾਰ ਯੋਗਦਾਨ ਤੋਂ ਸਪੱਸ਼ਟ ਰੂਪ ’ਚ ਝਲਕਦਾ ਹੈ। ਵਿਰੋਧੀ ਧਿਰ ਦੇ ਆਗੂਆਂ ’ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀ ਜਿੰਨੀ ਦੇਰ ਹਾਂ ਇਸ ਤਰ੍ਹਾਂ ਹੀ ਕਰਾਂਗੇ, ਲੋਕਾਂ ਨੇ ਉਨ੍ਹਾਂ ਨੂੰ ਜਿਤਾ ਕੇ ਭੇਜਿਆ ਹੈ। ਦਿੱਲੀ ’ਚ ਦਸ ਸਾਲ ਸਰਕਾਰ ਰਹੀ ਹੈ ਹੁਣ ਨਹੀਂ ਤਾਂ ਕੋਈ ਗੱਲ ਨਹੀਂ ਹੈ। ਉਨ੍ਹਾਂ ਦੇ ਪੰਜਾਬੀ ਭਾਸ਼ਾ ਬਾਰੇ ਘੱਟ ਗਿਆਨ ‘ਤੇ ਸਵਾਲ ਉਠਾਇਆ ਤੇ ਕਿਹਾ ਕਿ ਸ਼ਾਇਦ ਸੀਨੀਅਰ ਕਾਂਗਰਸੀ ਆਗੂਆਂ ਦੇ ਕਾਨਵੈਂਟ ਸਕੂਲ ਨੇ ਉਨ੍ਹਾਂ ਨੂੰ ਪੰਜਾਬੀ ਬਾਰੇ ਨਹੀਂ ਸਿਖਾਇਆ ਸੀ। ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਕਿ ਇਹ ਸਦਨ ਪੰਜਾਬ ਦੇ 3.5 ਕਰੋੜ ਲੋਕਾਂ ਦਾ ਘਰ ਹੈ ਅਤੇ ਸਿਰਫ਼ ਉਨ੍ਹਾਂ ਵੱਲੋਂ ਚੁਣੇ ਗਏ ਵਿਅਕਤੀ ਨੂੰ ਹੀ ਉਨ੍ਹਾਂ ਦੀ ਸੇਵਾ ਕਰਨ ਅਤੇ ਇਸ ਸਦਨ ’ਚ ਰਹਿਣ ਦਾ ਸਨਮਾਨ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਅਸਲ ’ਚ ਲੋਕ ਅਜਿਹੇ ਸ਼ੱਕੀ ਕਿਰਦਾਰ ਵਾਲੇ ਸੱਤਾ ਦੇ ਭੁੱਖੇ ਆਗੂਆਂ ਨੂੰ ਨਹੀਂ ਚੁਣਦੇ, ਜਿਨ੍ਹਾਂ ਕਦੇ ਵੀ ਲੋਕਾਂ ਦੀ ਪਰਵਾਹ ਨਹੀਂ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਕੌਮੀ ਰਾਜਧਾਨੀ ਦੀਆਂ ਤਿੰਨ ਵਿਧਾਨ ਸਭਾ ਚੋਣਾਂ ’ਚ ਇਕ ਵੀ ਸੀਟ ਨਹੀਂ ਜਿੱਤੀ, ਜੋ ਆਮ ਜਨਤਾ ’ਚ ਉਨ੍ਹਾਂ ਪ੍ਰਤੀ ਮੋਹ ਭੰਗ ਹੋਣ ਦਾ ਪ੍ਰਤੱਖ ਸਬੂਤ ਹੈ। ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਕੋਈ ਭਰੋਸੇਯੋਗਤਾ ਨਹੀਂ ਹੈ, ਜਿਸ ਕਾਰਨ ਲੋਕਾਂ ’ਚ ਉਨ੍ਹਾਂ ਪ੍ਰਤੀ ਬਹੁਤ ਜ਼ਿਆਦਾ ਨਫ਼ਰਤ ਪੈਦਾ ਹੋ ਗਈ ਹੈ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਯਾਦ ਦਿਵਾਇਆ ਕਿ ਸੂਬੇ ’ਚ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ‘ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਦੇ ਵੀ ਕਿਸੇ ਵੀ ਕੀਮਤ ‘ਤੇ ਨਹੀਂ ਪੁੰਗਰੇਗਾ।



