Politics

ਕੇਂਦਰ ਵੱਲੋਂ ਬੰਦੀ ਸਿੰਘਾਂ ਸਬੰਧੀ ਅਪਣਾਈ ਉਦਾਸੀਨ ਨੀਤੀ ਦੀ ਐਡਵੋਕੇਟ ਧਾਮੀ ਨੇ ਕੀਤੀ ਆਲੋਚਨਾ

ਜੁਗਲ ਮਲਿਕ
ਅੰਮ੍ਰਿਤਸਰ, 27 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨੂੰ ਪੀਐੱਮ ਵੱਲੋਂ ਮੁਲਾਕਾਤ ਲਈ ਸਮਾਂ ਨਾ ਦੇਣਾ ਠੀਕ ਨਹੀਂ : ਐਡਵੋਕੇਟ ਧਾਮੀ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਅਪਣਾਈ ਜਾ ਰਹੀ ਉਦਾਸੀਨ ਨੀਤੀ ਦੀ ਸਖ਼ਤ ਆਲੋਚਨਾ ਕਰਦਿਆਂ ਸਰਕਾਰ ਦੀ ਇਸ ਪਹੁੰਚ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ, ਨਿਆਂ ਦੀਆਂ ਕਦਰਾਂ ਕੀਮਤਾਂ ਦੀ ਤੌਹੀਨ ਤੇ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੇ ਇਸ ਸੰਜੀਦਾ ਮਾਮਲੇ ’ਤੇ ਲੰਬੇ ਸਮੇਂ ਤੋਂ ਲਗਾਤਾਰ ਯਤਨ ਕਰ ਰਹੀ ਹੈ, ਪਰ ਕੇਂਦਰ ਸਰਕਾਰ ਦਾ ਨਕਾਰਾਤਮਕ ਰਵੱਈਆ ਇਸ ’ਚ ਅੜਿੱਕਾ ਬਣਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਪਰ ਦੁਖਦ ਪਹਿਲੂ ਇਹ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨੁਮਾਇੰਦਗੀ ਵਾਲੀ ਕਮੇਟੀ ਨੂੰ ਸਮਾਂ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਲਈ ਕਈ ਯਤਨ ਕੀਤੇ ਗਏ, ਪਰ ਡੇਢ ਸਾਲ ਤੋਂ ਵੱਧ ਸਮਾਂ ਬੀਤਣ ਤੋਂ ਬਾਅਦ ਵੀ ਸਰਕਾਰ ਵੱਲੋਂ ਨਿਰਾਸ਼ਾਜਨਕ ਜਵਾਬ ਮਿਲਿਆ ਹੈ। ਪ੍ਰਧਾਨ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੂੰ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਸੂਚਨਾ ਅਨੁਸਾਰ ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨੇ ਜੋ ਸਮਾਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਦਸੰਬਰ 2023 ’ਚ ਮੰਗਿਆ ਸੀ, ਜਿਸ ਨੂੰ 21 ਮਾਰਚ 2025 ਨੂੰ ਇਹ ਕਹਿੰਦਿਆਂ ਬੰਦ ਕਰ ਦਿੱਤਾ ਗਿਆ ਹੈ ਕਿ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਪਾਸ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਵਿਚਾਰ ਅਧੀਨ ਹੈ ਤਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਚ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਸਰਕਾਰ ਵੱਲੋਂ ਫ਼ੈਸਲਾ ਕਿਉਂ ਨਹੀਂ ਕੀਤਾ ਜਾ ਰਿਹਾਉਨ੍ਹਾਂ ਕਿਹਾ ਕਿ ਪਹਿਲਾਂ ਵੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇਹ ਕਿਹਾ ਗਿਆ ਸੀ ਕਿ ਇਸ ਮਾਮਲੇ ਸਬੰਧੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਜਾਵੇ, ਪਰ ਗ੍ਰਹਿ ਮੰਤਰਾਲੇ ਵੱਲੋਂ ਵੀ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਲੰਬੀਆਂ ਸਜ਼ਾਵਾਂ ਵੀ ਭੁਗਤ ਲਈਆਂ ਹਨ, ਇਸ ਲਈ ਭਾਰਤ ਸਰਕਾਰ ਨੂੰ ਬਿਨਾਂ ਦੇਰੀ ਫ਼ੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਨਿਆਂ ਦਾ ਨਿਯਮ ਸਭ ਲਈ ਇੱਕਸਾਰ ਲਾਗੂ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਅਤੇ ਇਸ ’ਤੇ ਰਾਜਸੀ ਪਹੁੰਚ ਠੀਕ ਨਹੀਂ ਹੈ। ਲਿਹਾਜ਼ਾ ਬੰਦੀ ਸਿੰਘਾਂ ਨੂੰ ਨਿਆ ਦੇ ਕੇ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਏ ਤਾਂ ਜੋ ਸਿੱਖਾਂ ਅੰਦਰ ਬੇਭਰੋਸਗੀ ਦੀ ਭਾਵਨਾ ਨਾ ਬਣੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਹ, ਓਐੱਸਡੀ ਸਤਬੀਰ ਸਿੰਘ ਧਾਮੀ ਆਦਿ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button