ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪੁਨਰਵਾਸ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ: ਐੱਸਪੀ ਸਿੰਘ ਬਘੇਲ

ਬਾਲ ਕਿਸ਼ਨ
ਫ਼ਿਰੋਜ਼ਪੁਰ, 14 ਅਕਤੂਬਰ : ਮੱਛੀ ਪਾਲਣ, ਪਸ਼ੂ ਪਾਲਣ, ਡੇਅਰੀ ਅਤੇ ਪੰਚਾਇਤੀ ਰਾਜ ਮਾਮਲਿਆਂ ਬਾਰੇ ਕੇਂਦਰੀ ਰਾਜ ਮੰਤਰੀ ਐੱਸਪੀ ਸਿੰਘ ਬਘੇਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੁਨਰਵਾਸ, ਰਾਹਤ ਕਾਰਜਾਂ, ਬੁਨਿਆਦੀ ਢਾਂਚੇ ਦੀ ਮੁੜ ਉਸਾਰੀ, ਹੜ੍ਹ ਪੀੜਤਾਂ ਨੂੰ ਨੁਕਸਾਨ ਦੇ ਮੁਆਵਜ਼ੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਐੱਸਐੱਸਪੀ. ਭੁਪਿੰਦਰ ਸਿੰਘ ਸਿੱਧੂ ਸਮੇਤ ਜ਼ਿਲ੍ਹਾ ਦੇ ਸਾਰੇ ਸਬੰਧਤ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਪ੍ਰਪੋਜ਼ਲ ਅਤੇ ਅਨੁਮਾਨਿਤ ਫੰਡਸ ਦੀ ਡਿਮਾਂਡ ਤਿਆਰ ਕਰਕੇ ਸਰਕਾਰ ਨੂੰ ਭੇਜੇ ਜਾਣ, ਤਾਂ ਜੋ ਭਵਿੱਖ ਵਿੱਚ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਜਿਹੜੇ ਪਿੰਡ /ਖੇਤਰ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ, ਉਥੇ ਲੋਕਾਂ ਦੀ ਸਿਹਤ ਜਾਂਚ (ਟੈਸਟਿੰਗ) ਕਰਵਾਈ ਜਾਵੇ ਅਤੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਫੋਗਿੰਗ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਵਾਟਰ ਅਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਾਅਦ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਸਹਾਇਤਾ ਅਤੇ ਰਾਹਤ ਕਾਰਜਾਂ ਵਿੱਚ ਕੋਈ ਕਮੀ ਨਾ ਰਹੇ ਅਤੇ ਅਤੇ ਕੋਈ ਵੀ ਹੜ੍ਹ ਪੀੜਤ ਮੁਆਵਜੇ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪਿੰਡ ਕਾਲੂ ਵਾਲਾ ਵਿਚ ਬਿਜਲੀ ਸਿਪਲਾਈ ਪ੍ਰਭਾਵਿਤ ਹੋਈ ਹੈ ਜਿਸ ਨੂੰ ਜਲਦੀ ਤੋਂ ਜਲਦੀ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪੁਨਰਵਾਸ ਲਈ ਹਰ ਤਰ੍ਹਾਂ ਨਾਲ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੇਂਦਰੀ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਹੜ੍ਹ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਸਨ ਅਤੇ ਪ੍ਰਭਾਵਿਤ ਖੇਤਰਾਂ ਵਿਚ ਸਫ਼ਾਈ, ਫੋਗਿੰਗ ਅਤੇ ਸਿਹਤ ਕੈਂਪ ਲਗਾ ਕੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੜ੍ਹ ਦੌਰਾਨ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਫੀਲਡ ਵਿੱਚ ਡਟੇ ਰਹੇ ਅਤੇ ਭਾਰਤੀ ਫੌਜ, ਬੀਐਸਐਫ, ਐਨਡੀਆਰਐਫ, ਪੰਜਾਬ ਪੁਲਿਸ ਅਤੇ ਐੱਨਜੀਓਜ ਦੇ ਸਹਿਯੋਗ ਨਾਲ ਲੋਕਾਂ ਦੀ ਮੱਦਦ ਕੀਤੀ ਗਈ ਅਤੇ ਬੰਨਾ ਨੂੰ ਮਜ਼ਬੂਤ ਕੀਤਾ ਗਿਆ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਜ਼ਰੂਰੀ ਦਵਾਈਆਂ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਫ਼ਸਲ, ਖੇਤਾਂ, ਘਰਾਂ ਅਤੇ ਪਸ਼ੂਆਂ ਆਦਿ ਦੇ ਹੋਏ ਨੁਕਸਾਨ ਦਾ ਸਰਵੇ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਹੜ੍ਹ ਕਾਰਨ ਲੋਕਾਂ ਦੀ ਫਸਲ ਅਤੇ ਘਰਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕੇਂਦਰੀ ਰਾਜ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਵੱਲੋਂ ਦਿੱਤੇ ਗਏ ਕੀਮਤੀ ਸੁਝਾਵਾਂ ’ਤੇ ਕੰਮ ਕਰੇਗਾ ਅਤੇ ਹੜ੍ਹ ਪੀੜਤਾਂ ਦੇ ਪੁਨਰਵਾਸ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਸਰੀਨ, ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਸੁਨੀਤਾ ਰਾਣੀ, ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਹਿਮਾਂਸ਼ੂ ਸਿਆਲ ਤੋਂ ਇਲਾਵਾ ਪੁਲਿਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।



