
ਜਲੰਧਰ, 19 ਸਤੰਬਰ : ਪੰਜਾਬ ਦੇ ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਤੇ ਮੇਅਰ ਵਨੀਤ ਧੀਰ ਵੱਲੋਂ ਅੱਜ ਵਾਰਡ ਨੰਬਰ 47 ਦੀ ਨਿਊ ਅਵਤਾਰ ਨਗਰ ਕਾਲੋਨੀ ਵਿਖੇ 75 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਮਨਮੀਤ ਕੌਰ ਵੀ ਮੌਜੂਦ ਸਨ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਨ੍ਹਾਂ ਸੜਕੀ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਜਿਥੇ ਇਸ ਖੇਤਰ ’ਚ ਆਣਾ-ਜਾਣਾ ਹੋਰ ਸੁਖਾਲਾ ਹੋ ਜਾਵੇਗਾ, ਉਥੇ ਸਥਾਨਕ ਲੋਕਾਂ ਤੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਮਿਲੇਗੀ। ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਤੇ ਤਰਜੀਹ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸਮੇਂ ਸਿਰ ਤੇ ਯੋਜਨਾਬੰਧ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਹਿਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਦਿਨ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ ਤੇ ਇਨ੍ਹਾਂ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ’ਚ ਸੜਕਾਂ ਦਾ ਜਾਲ ਵਿਛਾਉਣ ਲਈ ਹੋਰ ਸੜਕੀ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਤੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਿਰਮਾਣ ਕਾਰਜਾਂ ’ਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਮੁਲਜ਼ਮ ਅਧਿਕਾਰੀਆਂ ਤੇ ਠੇਕੇਦਾਰਾਂ ਖਿਲਾਫ਼ ਸ਼ਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਮੌਕੇ ਮੇਅਰ ਵਨੀਤ ਧੀਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਆਉਣ ਵਾਲੇ ਦਿਨਾਂ ’ਚ ਹੋਰ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨਾਂ ਪ੍ਰੋਜੈਕਟਾਂ ਨਾਲ ਸ਼ਹਿਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਅਵਤਾਰ ਨਗਰ ਕਾਲੋਨੀ ਦੇ ਵਸਨੀਕਾਂ ਵੱਲੋਂ ਕੈਬਨਿਟ ਮੰਤਰੀ ਦਾ ਨਵੇਂ ਸੜਕੀ ਪ੍ਰੋਜੈਕਟਾਂ ਨੂੰ ਆਰੰਭ ਕਰਨ ’ਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਸੁਖਾਲੇ ਆਪਸੀ ਸੰਪਰਕ ’ਚ ਸੁਧਾਰ ਹੋਵੇਗਾ, ਉਥੇ ਹੀ ਸਥਾਨਕ ਲੋਕਾਂ ਲਈ ਸਹੂਲਤਾਂ ਵਿੱਚ ਵਾਧਾ ਹੋਵੇਗਾ।



