Punjab

ਖਰੀਫ ਸੀਜ਼ਨ 2025-26 ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨਾਲ ਮੀਟਿੰਗ

ਝੋਨੇ ਦੀ ਆਮਦ ਤੇ ਖ਼ਰੀਦ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ

ਜਸਵਿੰਦਰ ਸਿੰਘ ਸੰਧੂ/ ਬਾਲ ਕਿਸ਼ਨ

ਫ਼ਿਰੋਜ਼ਪੁਰ, 19 ਅਗਸਤ : ਖਰੀਫ ਸੀਜ਼ਨ 2025-26 ਦੌਰਾਨ ਜ਼ਿਲ੍ਹੇ ‘ਚ ਝੋਨੇ ਦੀ ਆਮਦ/ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਝੋਨੇ ਦੀ ਆਮਦ ਤੇ ਖ਼ਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮਾਂ ‘ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ ‘ਚ ਝੋਨਾ ਪੂਰੀ ਤਰ੍ਹਾਂ ਸਕਾ ਕੇ ਲਿਆਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਖ਼ਰੀਦ ਪ੍ਰਕਿਰਿਆ ਸੁਚਾਰੂ ਹੋਵੇਗੀ ਸਗੋਂ ਮਿਆਰ ਅਨੁਸਾਰ ਖ਼ਰੀਦ ਵੀ ਯਕੀਨੀ ਬਣੇਗੀ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਲਗਭਗ 11.26 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਨਿਰਧਾਰਿਤ ਹੈ ਅਤੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2369 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 209 ਰਾਈਸ ਮਿੱਲਾਂ ਹਨ ਅਤੇ 127 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਮੀਟਿੰਗ ਦੌਰਾਨ ਉਨ੍ਹਾਂ ਆੜ੍ਹਤੀਆਂ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਟਰਾਂਸਪੋਰਟੇਸ਼ਨ ਤੇ ਲੇਬਰ ਦੀ ਲੋੜੀਂਦੀ ਉਪਲਬਧਤਾ, ਸਬ-ਯਾਰਡ ਦੀ ਸੁਵਿਧਾ ਸਬੰਧੀ ਉਠਾਏ ਮੁੱਦੇ ਵੀ ਸੁਣੇ ਤੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਦਾ ਢੁੱਕਵਾਂ ਹੱਲ ਯਕੀਨੀ ਬਣਾਉਣ ਦਾ ਭਰੋਸਾ ਦਿਵਾਇਆ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਸੀਜ਼ਨ ਦੌਰਾਨ ਕੰਬਾਈਨਾਂ ਦਾ ਨਿਰਧਾਰਿਤ ਸਮੇਂ ਦੌਰਾਨ ਚੱਲਣਾ ਯਕੀਨੀ ਬਣਾਇਆ ਜਾਵੇਗਾ ਤੇ ਉਲੰਘਣਾ ਕਰਨ ਵਾਲੇ ਕੰਬਾਈਨ ਮਾਲਕਾਂ ਦੀਆਂ ਕੰਬਾਈਨਾਂ ਜ਼ਬਤ ਕਰਨ ਦੇ ਨਾਲ ਬਣਦੀ ਕਾਨੂੰਨੀ ਕਾਰਵਾਈ ਵੀ ਅਮਲ ‘ਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੇ ਅਗਾਮੀ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਤੇ ਖ਼ਰੀਦ ਪ੍ਰਕਿਰਿਆ ਦੌਰਾਨ ਆੜ੍ਹਤੀਆਂ, ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਵਿੱਚ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਹਿਮਾਂਸ਼ੂ ਕੁੱਕੜ, ਜ਼ਿਲ੍ਹਾ ਮੰਡੀ ਬੋਰਡ ਦੇ ਅਧਿਕਾਰੀਆਂ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਪ੍ਰਬੰਧਕ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ/ਨਮਾਇੰਦੇ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button