ਖੁਦ ਨੂੰ ਗੈਂਗਸਟਰ ਗੋਪੀ ਲਹੌਰੀਆ ਦੱਸ ਕੇ ਮੰਗੀ 50 ਲੱਖ ਦੀ ਫਿਰੌਤੀ, ਕਾਰੋਬਾਰੀ ਦੀ ਸ਼ਿਕਾਇਤ ‘ਤੇ ਅਣਪਛਾਤੇ ਮੁਲਜ਼ਮ ਖਿਲਾਫ ਮੁਕੱਦਮਾ ਦਰਜ

ਲੁਧਿਆਣਾ, 17 ਜੁਲਾਈ : ਖੁਦ ਨੂੰ ਗੋਪੀ ਲਹੌਰੀਆ ਦੱਸਣ ਵਾਲੇ ਅਣਪਛਾਤੇ ਕਾਲਰ ਨੇ ਲੁਧਿਆਣਾ ਦੇ ਇੱਕ ਕਾਰੋਬਾਰੀ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਰਾਜਗੁਰੂ ਨਗਰ ਦੇ ਰਹਿਣ ਵਾਲੇ ਮਨਜੀਤ ਸਿੰਘ ਦੀ ਸ਼ਿਕਾਇਤ ‘ਤੇ ਅਣਪਛਾਤੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹ ਸ਼ਾਮ ਵੇਲੇ ਆਪਣੇ ਘਰ ਵਿੱਚ ਮੌਜੂਦ ਸੀ। ਇਸੇ ਦੌਰਾਨ ਉਸਨੂੰ ਵਿਦੇਸ਼ੀ ਨੰਬਰ ਤੋਂ ਫੋਨ ਆਇਆ । ਕਾਲਰ ਨੇ ਖੁਦ ਨੂੰ ਗੈਂਗਸਟਰ ਗੋਪੀ ਲਹੌਰੀਆ ਦੱਸਿਆ। ਮੁਲਜ਼ਮ ਨੇ ਕਾਰੋਬਾਰੀ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਅਤੇ ਰਕਮ ਨਾ ਦੇਣ ਦੀ ਸੂਰਤ ਵਿੱਚ ਪਰਿਵਾਰ ਨੂੰ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ। ਕਾਰੋਬਾਰੀ ਨੇ ਇਸ ਧਮਕੀ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਕੁਝ ਦਿਨਾਂ ਬਾਅਦ ਉਸਨੂੰ ਫਿਰ ਤੋਂ ਫੋਨ ਆਇਆ ਅਤੇ ਮੁਲਜ਼ਮ ਨੇ ਇਸ ਵਾਰ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਾਰੋਬਾਰੀ ਨੇ ਇਸ ਸਬੰਧੀ ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਅਣਪਛਾਤੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।



