
ਪਟਿਆਲਾ, 10 ਜਨਵਰੀ : ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ) ਦੇ ਨਿਸ਼ਾਨੇ ’ਤੇ ਹੈ। ਇਸ ਬਾਰੇ ਖੂਫੀਆ ਏਜੰਸੀ ਨੂੰ ਗੁਪਤ ਸੂਚਨਾ ਮਿਲੀ ਹੈ। ਏਜੰਸੀ ਦੀ ਸੂਚਨਾ ਦੇ ਆਧਾਰ ’ਤੇ ਪੁਲਿਸ ਵੱਲੋਂ ਨਾਭਾ ਜੇਲ੍ਹ ’ਚ ਬੰਦ ਬਿਕਰਮ ਮਜੀਠੀਆ ਦੀ ਸੁਰੱਖਿਆ ਵਧਾ ਦਿੱਤੀ ਹੈ। ਸ਼ੁੱਕਰਵਾਰ ਨੂੰ ਭਾਰੀ ਪੁਲਿਸ ਫੋਰਸ ਵੱਲੋਂ ਪਟਿਆਲਾ ਕੇਂਦਰੀ ਜੇਲ੍ਹ ਦੇ ਨਾਲ ਨਾਭਾ ਜੇਲ੍ਹ ’ਚ ਚਲਾਏ ਤਲਾਸ਼ੀ ਅਭਿਆਨ ਵੀ ਨੂੰ ਵੀ ਇਸੇ ਸੂਚਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਕੇਂਦਰੀ ਖੂਫੀਆ ਏਜੰਸੀ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨ ਅਧਾਰਤ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਖੁਫੀਆ ਏਜੰਸੀ ਵੱਲੋਂ ਬੀਤੇ ਦਿਨੀਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ਤਾਂ ਜੋ ਮਜੀਠੀਆ ਦੀ ਸੁਰੱਖਿਆ ਸਬੰਧੀ ਯੋਗ ਕਦਮ ਚੁੱਕਣ ਜਾਣ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਪਹਿਲਾਂ ਰੋਕਿਆ ਜਾ ਸਕੇ। ਭਾਵੇਂ ਇਸ ਬਾਰੇ ਕੋਈ ਅਧਿਕਾਰੀ ਬੋਲਣ ਲਈ ਤਿਆਰ ਨਹੀਂ ਹੈ ਪਰ ਸ਼ੁੱਕਰਵਾਰ ਪਟਿਆਲਾ ਤੇ ਨਾਭਾ ਜੇਲ੍ਹ ’ਚ ਭਾਰੀ ਪੁਲਿਸ ਵੱਲੋਂ ਤਲਾਸ਼ੀ ਅਭਿਆਨ ਵੀ ਚਲਾਇਆ ਗਿਆ ਹੈ। ਇਸ ਦੌਰਾਨ ਜੇਲ੍ਹ ਦੇ ਚੱਪੇ-ਚੱਪੇ ਦੀ ਪੜਤਾਲ ਕਰਨ ਦੇ ਨਾਲ ਗੈਂਗਸਟਰ ਤੇ ਸ਼ਾਤਿਰ ਅਪਰਾਧੀਆਂ ਦੀਆਂ ਬੈਰਕਾਂ ’ਚ ਚੈਕਿੰਗ ਕੀਤੀ ਗਈ ਹੈ।



