
ਝਬਾਲ, 17 ਅਗਸਤ : ਇਲਾਕੇ ਦੇ ਪਿੰਡ ਨੂਰਪੁਰ ਵਿਖੇ ਗ਼ੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕੇਂਦਰ ’ਚ ਨੌਜਵਾਨਾਂ ਨੂੰ ਬੰਦੀ ਬਣਾ ਕੇ ਰੱਖਿਆ ਜਾਂਦਾ ਸੀ। ਜਿਸ ਕਾਰਨ ਥਾਣਾ ਝਬਾਲ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਜਿਥੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਗਰਜ ਕੀਤਾ ਹੈ। ਉਥੇ ਹੀ ਦੋ ਨੂੰ ਬਕਾਇਦਾ ਗ੍ਰਿਫ਼ਤਾਰ ਵੀ ਕਰ ਲਿਆ ਹੈ। ਥਾਣਾ ਝਬਾਲ ਦੇ ਮੁਖੀ ਨੇ ਦੱਸਿਆ ਕਿ ਪੁਲਿਸ ਦੇ ਹੱਥ ਸੂਚਨਾ ਲੱਗੀ ਸੀ ਕਿ ਜੈਸਲ ਸਿੰਘ ਪੁੱਤਰ ਗੁਰਿੰਦਰ ਸਿੰਘ ਵਾਸੀ ਨੂਰਪੁਰ, ਕੰਵਲਜੀਤ ਸਿੰਘ ਵਾਸੀ ਮੰਦਲ ਵਾਲੀ ਗਲੀ ਸੁਲਤਾਨਵਿੰਡ ਰੋਡ, ਸੰਦੀਪ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਅਤੇ ਅਮਰਦੀਪ ਸਿੰਘ ਪੁੱਤਰ ਦਇਆ ਸਿੰਘ ਵਾਸੀ ਗੁਰੂ ਨਾਨਕ ਨਗਰ ਅੰਮ੍ਰਿਤਸਰ ਨੇ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ਖੋਲ੍ਹਿਆ ਹੋਇਆ ਹੈ ਅਤੇ ਉਥੇ 20 ਦੇ ਕਰੀਬ ਨੌਜਵਾਨਾਂ ਨੂੰ ਅਣਅਧਿਕਾਰਤ ਤੌਰ ’ਤੇ ਬੰਦੀ ਬਣਾ ਕੇ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਕਤ ਲੋਕਾਂ ਨੂੰ ਕੇਸ ਵਿਚ ਨਾਮਜ਼ਦ ਕਰਕੇ ਸੰਦੀਪ ਸਿੰਘ ਅਤੇ ਅਮਰਦੀਪ ਸਿੰਘ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਜਦਕਿ ਮਾਮਲੇ ਦੀ ਅਗਲੀ ਜਾਂਚ ਲਈ ਏਐੱਸਆਈ ਕਰਮ ਸਿੰਘ ਦੀ ਡਿਊਟੀ ਲਗਾਈ ਗਈ ਹੈ।



