
ਫਿਰੋਜ਼ਪੁਰ, 13 ਫਰਵਰੀ (ਬਾਲ ਕਿਸ਼ਨ)- ਜ਼ੀਰਾ ਦੇ ਅਧੀਨ ਆਉਂਦੇ ਪਿੰਡ ਕੱਸੋਆਣਾ ਵਿਖੇ ਗੁਰਦੁਆਰਾ ਸਾਹਿਬ ਦੀ ਗੋਲਕ ’ਚੋਂ ਪੈਸੇ ਚੁੱਕਣ ਵਾਲੇ ਵਿਅਕਤੀ ਨੂੰ ਥਾਣਾ ਸਦਰ ਜ਼ੀਰਾ ਪੁਲਿਸ ਨੇ ਗ੍ਰਿਫਤਾਰ ਕਰਕੇ ਉਸ ਖਿਲਾਫ 305 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬਹਾਦਰ ਸਿੰਘ ਪੁੱਤਰ ਖੇਤਾ ਸਿੰਘ ਵਾਸੀ ਪਿੰਡ ਕੱਸੋਆਣਾ ਨੇ ਦੱਸਿਆ ਕਿ ਉਹ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਬਤੌਰ ਗ੍ਰੰਥੀ ਵਜੋਂ ਡਿਊਟੀ ਨਿਭਾ ਰਿਹਾ ਹੈ ਅਤੇ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਚ ਹੀ ਰਹਿੰਦਾ ਹੈ। ਬਹਾਦਰ ਸਿੰਘ ਨੇ ਦੱਸਿਆ ਕਿ ਮਿਤੀ 12 ਫਰਵਰੀ 2025 ਨੂੰ ਵਕਤ ਕਰੀਬ 8 ਵਜੇ ਸਵੇਰੇ ਉਹ ਗੁਰਦੁਆਰਾ ਸਾਹਿਬ ਅੰਦਰ ਬੈਠਾ ਕਥਾ ਕਰ ਰਿਹਾ ਸੀ ਤਾਂ ਇਕ ਵਿਅਕਤੀ ਥਵਾਕ ਸਿੰਘ ਉਰਫ ਫੌਜ਼ੀ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਸੇਖਵਾਂ ਗੁਰਦੁਆਰਾ ਸਾਹਿਬ ਅੰਦਰ ਆਇਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕ ਕੇ ਗੋਲਕ ਦੇ ਉਪਰੋਂ ਪੈਸੇ ਚੁੱਕਣ ਲੱਗ ਪਿਆ ਤੇ ਪੈਸੇ ਚੁੱਕ ਕੇ ਗੁਰਦੁਆਰਾ ਸਾਹਿਬ ਦੇ ਬਾਹਰ ਚਲਾ ਗਿਆ। ਬਹਾਦਰ ਸਿੰਘ ਨੇ ਦੱਸਿਆ ਕਿ ਜਦ ਉਹ ਕਥਾ ਸਮਾਪਤ ਕਰਕੇ ਸੰਗਤ ਨੂੰ ਦੱਸਿਆ ਤਾਂ ਅਸੀਂ ਉਸ ਦੀ ਆਸ ਪਾਸ ਭਾਲ ਕੀਤੀ ਜੋ ਸਾਨੂੰ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਤੋਂ ਹੀ ਮਿਲ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



