
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 19 ਅਗਸਤ : ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸੂਬਾ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੱਡੇ ਪੱਧਰ ‘ਤੇ ਸਮਾਗਮ ਕਰਵਾਏਗੀ। 350ਵਾਂ ਸ਼ਹੀਦੀ ਦਿਹਾੜਾ 19 ਨਵੰਬਰ ਤੋਂ 25 ਨਵੰਬਰ ਤੱਕ ਰਾਜ ਪੱਧਰੀ ਸਮਾਗਮ ਕਰਵਾ ਕੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ `ਚ 135 ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਹਨ, ਜਿਨ੍ਹਾਂ `ਚੋਂ ਸਭ ਤੋਂ ਵਧੇਰੇ 35 ਅਸਥਾਨ ਪਟਿਆਲਾ ਜ਼ਿਲ੍ਹੇ ਅੰਦਰ ਸਥਿਤ ਹਨ। ਵਿਰਾਸਤ-ਏ-ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ਵਿਚ ਦੇਸ਼ ਵਿਦੇਸ਼ ਤੋਂ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ। ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੇ ਰਹਿਣ ਲਈ ਟੈਂਟ ਸਿਟੀ ਅਤੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਜਾਣ ਵਾਸਤੇ ਈ-ਰਿਕਸ਼ਾ ਦੇ ਪ੍ਰਬੰਧ ਹੋਣਗੇ। ਇਸ ਤੋਂ ਇਲਾਵਾ ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਨੂੰ ਪੂਰੀ ਤਰ੍ਹਾਂ ਲਾਈਟਾਂ ਨਾਲ ਸਜਾਇਆ ਜਾਵੇਗਾ।



