Punjab

ਗੁਰੂ ਸਾਹਿਬ ਨੇ ਸਮੂਹ ਕੌਮਾਂ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ : ਐਡਵੋਕੇਟ ਧਾਮੀ

ਅੰਮ੍ਰਿਤਸਰ, 21 ਜੁਲਾਈ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਿਮਲਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਕਮੇਟੀ ਵੱਲੋਂ ਕਰਵਾਏ ਗਏ ਇਸ ਸਮਾਗਮ ਮੌਕੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਦੀ ਸੇਧ ’ਚ ਸੰਗਤ ਨੂੰ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਧਾਰਮਿਕ ਆਜ਼ਾਦੀ ਤੇ ਮਨੁੱਖੀ ਹੱਕਾਂ ਦੀ ਰੱਖਿਆ ਲਈ ਇਕ ਲਾਸਾਨੀ ਮਿਸਾਲ ਹੈ। ਗੁਰੂ ਸਾਹਿਬ ਨੇ ਨਾ ਸਿਰਫ ਸਿੱਖ ਧਰਮ ਦੀ, ਸਗੋਂ ਸਮੂਹ ਕੌਮਾਂ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ। ਧਾਮੀ ਨੇ ਸਮਾਗਮ ਮੌਕੇ ਕੀਤੇ ਜਾਂਦੇ ਸਨਮਾਨ ਦੇ ਸਬੰਧ ’ਚ ਵਿਸ਼ੇਸ਼ ਤੌਰ ’ਤੇ ਵਿਚਾਰ ਸਾਂਝੇ ਕਰਦਿਆ ਕਿਹਾ ਕਿ ਸਿਰੋਪਾਓ ਦਾ ਸਿੱਖ ਪਰੰਪਰਾ ’ਚ ਬਹੁਤ ਉੱਚਾ ਸਤਿਕਾਰ ਹੈ ਅਤੇ ਇਹ ਕੇਵਲ ਸਿੰਘ ਸਾਹਿਬਾਨ, ਮਹਾਨ ਸ਼ਖ਼ਸੀਅਤਾਂ, ਗੁਰਮਤਿ ਪ੍ਰਚਾਰਕਾਂ ਜਾਂ ਧਾਰਮਿਕ ਸੇਵਾਵਾਂ ਲਈ ਵਿਸ਼ੇਸ਼ ਯੋਗਦਾਨ ਕਰਨ ਵਾਲਿਆਂ ਨੂੰ ਹੀ ਭੇਟ ਕੀਤਾ ਜਾਣਾ ਚਾਹੀਦਾ ਹੈ। ਆਮ ਤੌਰ ‘ਤੇ ਸਨਮਾਨ ਦੇਣ ਦੀ ਥਾਂ ਧਾਰਮਿਕ ਕਿਤਾਬਾਂ ਜਾਂ ਸਿੱਖ ਰਹਿਤ ਮਰਿਆਦਾ ਦੇ ਕੇ ਸਨਮਾਨ ਕਰਨ ਦੀ ਪ੍ਰਥਾ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਇਸ ਸਤਿਕਾਰ ਦਾ ਮੂਲ ਭਾਵ ਕਾਇਮ ਰਹੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰੇਕ ਸਾਲ ਲੱਖਾਂ ਦੀ ਗਿਣਤੀ ਵਿਚ ਸਿੱਖ ਰਹਿਤ ਮਰਿਆਦਾ ਪ੍ਰਕਾਸ਼ਿਤ ਕਰਕੇ ਸੰਗਤ ਤੱਕ ਮੁਫਤ ਪਹੁੰਚਾਈ ਜਾਂਦੀ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਜਦੋਂ ਵੀ ਕਿਸੇ ਨੂੰ ਸਨਮਾਨ ਦਿੱਤਾ ਜਾਵੇ ਤਾਂ ਇਸ ਮਰਿਆਦਾ ਨੂੰ ਜਰੂਰ ਸੌਂਪਿਆ ਜਾਵੇ, ਤਾਂ ਜੋ ਸਿੱਖ ਕੌਮ ਦੇ ਹਰ ਘਰ ਤੱਕ ਗੁਰਮਤਿ ਦੇ ਸਿਧਾਂਤ ਅਤੇ ਰਹਿਣੀ-ਬਹਿਣੀ ਦੇ ਨਿਯਮ ਪਹੁੰਚ ਸਕਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਦਲਜੀਤ ਸਿੰਘ ਭਿੰਡਰ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਅੱਗੇ ਆਉਂਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਦੇ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਹਾਜ਼ਰੀ ਭਰੀ। ਸਮਾਗਮ ਸਮੇਂ ਅੰਮ੍ਰਿਤਪਾਲ ਸਿੰਘ ਕੁਲਾਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਹਰਦੇਵ ਸਿੰਘ, ਗੁਰਦੁਆਰਾ ਸਿੰਘ ਸਭਾ ਸ਼ਿਮਲਾ ਦੇ ਪ੍ਰਧਾਨ ਜਸਵਿੰਦਰ ਸਿੰਘ, ਕਰਨੈਲ ਸਿੰਘ, ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਭਾਈ ਗੁਰਦੀਪ ਸਿੰਘ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button