Punjab

ਗੈਂਗਸਟਰ ਗੁਰਜਸ਼ਨਪ੍ਰੀਤ ਸਿੰਘ ਤਿੰਨ ਸਾਥੀਆਂ ਸਮੇਤ ਗ੍ਰਿਫ਼ਤਾਰ, ਦੋ ਪਿਸਤੌਲ ਤੇ ਦੋ ਮੈਗਜ਼ੀਨਾਂ ਤੋਂ ਇਲਾਵਾ ਸੱਤ ਕਾਰਤੂਸ ਬਰਾਮਦ

ਗੁਰਦਾਸਪੁਰ, 18 ਜੂਨ : ਜ਼ਿਲ੍ਹਾ ਪੁਲਿਸ ਨੇ ਏ ਸ਼੍ਰੇਣੀ ਦੇ ਗੈਂਗਸਟਰ ਨੂੰ ਉਸਦੇ ਤਿੰਨ ਸਾਥੀਆਂ ਨਾਲ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਅਸਲਾ ਐਕਟ ਸਮੇਤ 25 ਅਪਰਾਧਿਕ ਮਾਮਲੇ ਦਰਜ ਹਨ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਹਨ ਅਤੇ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਅਤੇ ਰਿਮਾਂਡ ‘ਤੇ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਪੁੱਛਗਿੱਛ ਦੌਰਾਨ ਮਹੱਤਵਪੂਰਨ ਖੁਲਾਸੇ ਕੀਤੇ ਜਾ ਸਕਣ। ਮੁਲਜ਼ਮਾਂ ਤੋਂ ਦੋ ਪਿਸਤੌਲ, ਦੋ ਮੈਗਜ਼ੀਨ ਅਤੇ ਸੱਤ ਕਾਰਤੂਸ ਬਰਾਮਦ ਕੀਤੇ ਗਏ ਹਨ। ਐੱਸਐੱਸਪੀ ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਅਪਰਾਧ ਨੂੰ ਖਤਮ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਵਿੱਚ ਗੁਰਦਾਸਪੁਰ ਪੁਲਿਸ ਟੀਮ ਨੇ 17 ਜੂਨ ਨੂੰ ਹਾਈ-ਟੈਕ ਨਾਕਾ ਬੱਬਰੀ ਬਾਈਪਾਸ ‘ਤੇ ਇੱਕ ਵਿਸ਼ੇਸ਼ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਅੰਮ੍ਰਿਤਸਰ ਤੋਂ ਗੁਰਦਾਸਪੁਰ ਆ ਰਹੀ ਇੱਕ ਕਾਰ ਨੂੰ ਰੋਕਿਆ ਗਿਆ। ਕਾਰ ਦੀ ਤਲਾਸ਼ੀ ਦੌਰਾਨ ਇੱਕ ਪਿਸਤੌਲ ਪੀਐੱਕਸਐੱਸ 30 ਬੋਰ, ਤਿੰਨ ਕਾਰਤੂਸ, ਇੱਕ ਪਿਸਤੌਲ 32 ਬੋਰ ਅਤੇ ਉਸਦੇ ਚਾਰ ਕਾਰਤੂਸ ਬਰਾਮਦ ਹੋਏ। ਪੁਲਿਸ ਨੇ ਸਦਰ ਥਾਣੇ ਵਿੱਚ ਮਾਮਲਾ ਦਰਜ ਕਰਕੇ ਕਾਰ ਵਿੱਚ ਸਵਾਰ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਗੁਰਜਸ਼ਨਪ੍ਰੀਤ ਸਿੰਘ ਉਰਫ਼ ਚੀਨੀ ਵਾਸੀ ਕੋਟਲੀ ਸਾਕਾ ਰਾਜਾਸਾਂਸੀ ਅੰਮ੍ਰਿਤਸਰ ਏ ਸ਼੍ਰੇਣੀ ਦਾ ਗੈਂਗਸਟਰ ਹੈ। ਉਸ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਖੋਹ, ਹਥਿਆਰਾਂ ਅਤੇ ਐੱਨਡੀਪੀਐੱਸ ਦੇ 25 ਮਾਮਲੇ ਦਰਜ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਗੁਰਜਸ਼ਨਪ੍ਰੀਤ ਸਿੰਘ ਉਰਫ਼ ਚੀਨੀ, ਰਾਜਬੀਰ ਸਿੰਘ ਵਾਸੀ ਕੋਟਲੀ ਸਾਕਾ ਰਾਜਾਸਾਂਸੀ ਅੰਮ੍ਰਿਤਸਰ, ਗੁਰਵੰਤ ਸਿੰਘ ਵਾਸੀ ਬੋਪਾਰਾਏ ਖੁਰਦ ਲੋਪੋਕੇ ਅੰਮ੍ਰਿਤਸਰ ਅਤੇ ਗੁਰਸ਼ੋਕ ਸਿੰਘ ਵਾਸੀ ਲਾਹੌਰੀ ਮੱਲ ਘਰਿੰਡਾ ਅੰਮ੍ਰਿਤਸਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਡੂੰਘਾਈ ਨਾਲ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਦੇ ਇਰਾਦਿਆਂ ਦਾ ਖੁਲਾਸਾ ਕੀਤਾ ਜਾ ਸਕੇ।

Related Articles

Leave a Reply

Your email address will not be published. Required fields are marked *

Back to top button