
ਹੁਸ਼ਿਆਰਪੁਰ, 29 ਮਾਰਚ-ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਸੈਦਪੁਰ ਵਿਖੇ ਬੀਤੀ ਰਾਤ ਇੱਕ ਪ੍ਰਵਾਸੀ ਮਜ਼ਦੂਰ ਨੇ ਆਪਣੇ ਦੋਸਤ ਨਾਲ ਰਲ ਕੇ ਘਰ ਵਿਚ ਹੋਏ ਮਾਮੂਲੀ ਝਗੜੇ ਤੋਂ ਬਾਅਦ ਆਪਣੀ ਹੀ ਪਤਨੀ ਦਾ ਕਤਲ ਕਰ ਦਿੱਤਾ। ਚੱਬੇਵਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਪ੍ਰਭਜੋਤ ਕੌਰ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਥਾਣੇ ਅਧੀਨ ਪੈਂਦੇ ਪਿੰਡ ਸੈਦਪੁਰ ਵਿਚ ਇੱਕ ਵਿਅਕਤੀ ਨੇ ਆਪਣੀ ਹੀ ਪਤਨੀ ਦੀ ਰੱਜ ਕੇ ਕੁੱਟਮਾਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ ਅਤੇ ਬੁਰੀ ਤਰਾਂ ਜ਼ਖਮੀ ਪ੍ਰਵਾਸੀ ਮਜ਼ਦੂਰ ਦੀ ਪਤਨੀ ਕਵਿਤਾ 25 ਨੂੰ ਚੈਕ ਕੀਤਾ ਤਾਂ ਉਸ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦਾ ਪਤੀ ਘਰ ਤੋਂ ਫਰਾਰ ਹੋ ਚੁੱਕਾ ਸੀ। ਉਨ੍ਹਾਂ ਦੱਸਿਆ ਕਿ ਮੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਕਥਿਤ ਦੋਸ਼ੀ ਪਤੀ ਨੇ ਘਰ ਵਿਚ ਹੋਏ ਮਾਮੂਲੀ ਝਗੜੇ ਤੋਂ ਬਾਅਦ ਆਪਣੇ ਇੱਕ ਸਾਥੀ ਨਾਲ ਮਿਲ ਕੇ ਕਵਿਤਾ ਦਾ ਕਤਲ ਕਰ ਦਿੱਤਾ ਅਤੇ ਆਪ ਫ਼ਰਾਰ ਹੋ ਗਿਆ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਕਿਥਤ ਦੋਸ਼ੀ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਤਲ ਦੇ ਅਸਲ ਕਾਰਨਾਂ ਦਾ ਪਤਾ ਦੋਸ਼ੀ ਦੇ ਕਾਬੂ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।



