
ਰਾਇਕੋਟ, 29 ਦਸੰਬਰ : ਰਾਏਕੋਟ ਦੇ ਹੋਟਲ ਸਿਮਰ ‘ਚ ਇਕ ਦਰਦਨਾਕ ਘਟਨਾ ਵਾਪਰੀ ਹੈ, ਜਿੱਥੇ ਇੱਕ ਨੌਜਵਾਨ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਖੁਦ ਨੂੰ ਗੋਲ਼ੀ ਮਾਰ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵੀਰ ਸਿੰਘ ਉਰਫ਼ ਕਮਲ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਜਲਾਲਦੀਵਾਲ ਵਜੋਂ ਹੋਈ ਹੈ। ਉਸ ਦੀ ਉਮਰ ਲਗਪਗ 30 ਸਾਲ ਸੀ ਅਤੇ ਖੇਤੀਬਾੜੀ ਦਾ ਕੰਮ ਕਰਦਾ ਸੀ। ਰਾਏਕੋਟ ਦੇ ਡੀਐਸਪੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਆਉਂਦੀ 16 ਜਨਵਰੀ ਨੂੰ ਮ੍ਰਿਤਕ ਨੌਜਵਾਨ ਦਾ ਵਿਆਹ ਨਿਸ਼ਚਿਤ ਸੀ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੈਰਾਨੀਜਨਕ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ ਕਿ ਨੌਜਵਾਨ ਨੇ ਇਹ ਖੌਫਨਾਕ ਕਦਮ ਕਿਉਂ ਚੁੱਕਿਆ। ਜਾਂਚ ਜਾਰੀ ਹੈ ਅਤੇ ਜਲਦ ਹੀ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। ਇਸ ਘਟਨਾ ਨਾਲ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। ਪੁਲਿਸ ਨੇ ਮੌਕੇ ਤੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।



