
ਫ਼ਿਰੋਜ਼ਪੁਰ, 10 ਜਨਵਰੀ (ਜਸਵਿੰਦਰ ਸਿੰਘ ਸੰਧੂ)– ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਚੋਰੀ ਦੇ 2 ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ 303 (2), 317 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਮੁਖਤਿਆਰ ਸਿੰਘ ਉਰਫ ਰਿੰਕੂ ਪੁੱਤਰ ਕਰਨੈਲ ਸਿੰਘ ਅਤੇ ਗੁਰਮੀਤ ਸਿੰਘ ਉਰਫ ਮੀਤਾ ਪੁੱਤਰ ਬਲਦੇਵ ਸਿੰਘ ਵਾਸੀਅਨ ਪਿੰਡ ਮੋਹਨ ਕੇ ਉਤਾੜ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਹਨ, ਜੋ ਅੱਜ ਚੋਰੀ ਕੀਤੇ ਮੋਟਰਸਾਈਕਲ ਅੱਗੇ ਗਾਹਕਾਂ ਨੂੰ ਵੇਚਣ ਲਈ ਦਾਣਾ ਮੰਡੀ ਗੁਰੂਹਰਸਹਾਏ ਵਿਚ ਖੜੇ ਗਾਹਕਾਂ ਦੀ ਉਡੀਕ ਕਰ ਰਹੇ ਹਨ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਪੁਲਿਸ ਪਾਰਟੀ ਵੱਲੋਂ ਉਕਤ ਜਗ੍ਹਾ ’ਤੇ ਛਾਪੇਮਾਰੀ ਕਰਕੇ ਦੋਸ਼ੀਅਨ ਨੂੰ ਕਾਬੂ ਕਰਕੇ ਚੋਰੀ ਦੇ 2 ਮੋਟਰਸਾਈਕਲ ਬਰਾਮਦ ਕੀਤੇ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



