Punjab

ਜਥੇਦਾਰ ਦੀ ਤਾਜਪੋਸ਼ੀ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਨੇ ਚੁੱਕੇ ਸਵਾਲ ਕਿਹਾ-ਮਰਿਆਦਾ ਦੀ ਹੋਈ ਓਲੰਘਣਾ

ਅੰਮ੍ਰਿਤਸਰ, 11 ਮਾਰਚ-ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਾਜਪੋਸ਼ੀ ਕੀਤੀ ਗਈ। ਸਿੱਖ ਕੌਮ ਵਿੱਚ ਤਾਜਪੋਸ਼ੀ ਨੂੰ ਲੈ ਕੇ ਕਈ ਸਵਾਲ ਉਠਾਏ ਜਾ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਅਤੇ ਮਰਿਆਦਾ ‘ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਨੂੰ ਦੇਸ਼ਵਿਦੇਸ਼ ਇਸ ਬਾਰੇ ਪੁੱਛਿਆ ਜਾ ਰਿਹਾ ਹੈ, ਪਰ ਉਹ ਨਿੱਜੀ ਤੌਰ ‘ਤੇ ਇਸ ‘ਤੇ ਕੋਈ ਇਤਰਾਜ਼ ਕਰਨਾ ਪਸੰਦ ਨਹੀਂ ਕਰਨਗੇ, ਕਿਉਂਕਿ ਉਹ ਨਹੀਂ ਚਾਹੁੰਦੇ ਕਿ ਸ੍ਰੀ ਦਰਬਾਰ ਸਾਹਿਬ ‘ਚ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਸਥਾਨ ‘ਤੇ ਬੈਠੇ ਹੈੱਡ ਗ੍ਰੰਥੀ ‘ਤੇ ਕੋਈ ਇਤਰਾਜ਼ ਉਠਾਏ। ਮੈਂ ਸੰਗਤਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਜਦੋਂ ਕੋਈ ਜਥੇਦਾਰ ਨਿਯੁਕਤ ਹੁੰਦਾ ਹੈ ਤਾਂ ਉਸ ਦੀ ਤਾਜਪੋਸ਼ੀ ਬੜੇ ਹੀ ਸਤਿਕਾਰ ਨਾਲ ਕੀਤੀ ਜਾਂਦੀ ਹੈ ਅਤੇ ਇਸ ਸਬੰਧੀ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਜਾਂਦੇ ਹਨ ਅਤੇ ਬਾਅਦ ਵਿੱਚ ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ ਅਤੇ ਸੰਪਰਦਾਵਾਂ ਅਤੇ ਸੰਤ ਮਹਾਂਪੁਰਖ ਉਦਾਸੀ ਨਿਰਮਲੇ ਨੂੰ ਸੰਦੇਸ਼ ਦਿੱਤਾ ਜਾਂਦਾ ਹੈ। ਜਥੇਦਾਰ ਸਾਹਿਬ ਦੀ ਤਾਜਪੋਸ਼ੀ ਹੁੰਦੀ ਹੈ ਅਤੇ ਗੁਰੂ ਦੀ ਹਜ਼ੂਰੀ ਵਿੱਚ ਗੁਰਮਤਿ ਸਮਾਗਮ ਹੁੰਦਾ ਹੈ। ਉਪਰੰਤ ਪ੍ਰਮੁੱਖ ਸ਼ਖ਼ਸੀਅਤਾਂ ਆਪਣੇ ਵਿਚਾਰ ਪੇਸ਼ ਕਰਦੀਆਂ ਹਨ। ਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਜਾਂਦੀ ਹੈ। ਹੁਕਮਨਾਮਾ ਲਿਆ ਜਾਂਦਾ ਹੈ, ਕੜਾਹ ਪ੍ਰਸ਼ਾਦ ਵਰਤਾਇਆ ਜਾਂਦੀ ਹੈ ਅਤੇ ਫਿਰ ਜਥੇਦਾਰ ਸਾਹਿਬ ਦੀ ਤਾਜਪੋਸ਼ੀ ਦੀ ਰਸਮ ਤਖ਼ਤ ਸਾਹਿਬ ਵਿਖੇ ਹੁੰਦੀ ਹੈ। ਫਿਰ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਪਹਿਲਾਂ ਦਸਤਾਰ ਦਿੰਦੇ ਹਨ ਅਤੇ ਉਸ ਤੋਂ ਬਾਅਦ ਉਥੇ ਪਹੁੰਚੇ ਸੰਪਰਦਾਵਾਂ ਵੀ ਦਸਤਾਰ ਦਿੱਤੀ ਜਾਂਦੀ ਹੈ। ਇਸ ਪ੍ਰਕਿਰਿਆ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਤਾਜਪੋਸ਼ੀ ਹੁੰਦੀ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਐਲਾਨ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੀਤਾ ਜਾਂਦਾ ਹੈ। ਪਿਛਲੇ ਦੋ ਦਿਨਾਂ ਵਿੱਚ ਜੋ ਕੁਝ ਵੀ ਵਾਪਰਿਆ ਹੈ, ਉਸ ਨੇ ਵੀ ਸੰਗਤਾਂ ਦੇ ਹਿਰਦੇ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਗੁਪਤ ਤਰੀਕੇ ਨਾਲ ਕੀਤੀ ਗਈ ਸੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਤੋਂ ਬਿਨਾਂ ਹੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਮਰਿਆਦਾ ਦੀ ਵੱਡੀ ਉਲੰਘਣਾ ਹੈ ਅਤੇ ਮੈਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਹੋਣ ਦੇ ਨਾਤੇ ਇਹ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿੱਚ ਮਰਿਆਦਾ ਨੂੰ ਲੈ ਕੇ ਉਠਾਏ ਜਾ ਰਹੇ ਸਵਾਲ ਇੱਕ ਵੱਡੀ ਬੇਨਿਯਮੀ ਹੈ ਅਤੇ ਸੰਪਰਦਾ ਵਿੱਚ ਵਧ ਰਿਹਾ ਗੁੱਸਾ ਸੁਭਾਵਿਕ ਹੈ।

Related Articles

Leave a Reply

Your email address will not be published. Required fields are marked *

Back to top button