
ਬਠਿੰਡਾ, 12 ਮਈ- ਜ਼ਿਲ੍ਹੇ ਦੇ ਪਿੰਡ ਗੁਰੂਸਰ ਜਗਾ ਵਿਚ ਇਕ ਪੁੱਤਰ ਨੇ ਆਪਣੇ ਦੋ ਦੋਸਤਾਂ ਨਾਲ ਮਿਲ ਕੇ ਜ਼ਮੀਨੀ ਵਿਵਾਦ ਕਾਰਨ ਆਪਣੇ ਹੀ ਕਿਸਾਨ ਆਗੂ ਪਿਤਾ ਦਾ ਕਤਲ ਕਰ ਦਿੱਤਾ। ਅਪਰਾਧ ਕਰਨ ਤੋਂ ਬਾਅਦ ਦੋਸ਼ੀ ਪੁੱਤਰ ਆਪਣੇ ਸਾਥੀਆਂ ਸਮੇਤ ਫਰਾਰ ਹੋ ਗਿਆ। ਇਸ ਮਾਮਲੇ ਵਿਚ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਮ੍ਰਿਤਕ ਕਿਸਾਨ ਆਗੂ ਦੀ ਪਤਨੀ ਦੇ ਬਿਆਨ ‘ਤੇ ਦੋਸ਼ੀ ਪੁੱਤਰ ਅਤੇ ਉਸਦੇ ਦੋ ਸਾਥੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਆਗੂ ਦਵਿੰਦਰ ਸਿੰਘ ਨੇ ਕਿਸਾਨ ਸੰਗਠਨਾਂ ਵੱਲੋਂ ਤਲਵੰਡੀ ਸਾਬੋ ਹਲਕੇ ਤੋਂ ਸਾਲ 2022 ਵਿਚ ਵਿਧਾਨ ਸਭਾ ਚੋਣਾਂ ਲੜੀਆਂ ਸਨ। ਪੁਲਿਸ ਨੂੰ ਦਿੱਤੇ ਬਿਆਨ ਵਿਚ ਪਿੰਡ ਗੁਰੂਸਰ ਜਗਾ ਦੀ ਵਸਨੀਕ ਸੁਖਵਿੰਦਰ ਕੌਰ ਨੇ ਕਿਹਾ ਕਿ ਦੋਸ਼ੀ ਅਮਨਿੰਦਰ ਸਿੰਘ ਉਸਦਾ ਪੁੱਤਰ ਹੈ, ਜਿਸਦਾ ਆਪਣੇ ਪਿਤਾ ਦਵਿੰਦਰ ਸਿੰਘ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਬੀਤੀ 10 ਮਈ ਨੂੰ ਉਸਦਾ ਪਤੀ ਦਵਿੰਦਰ ਸਿੰਘ ਆਪਣੇ ਖੇਤਾਂ ਵਿਚ ਕੰਮ ਕਰ ਰਿਹਾ ਸੀ। ਇਸ ਦੌਰਾਨ ਦੋਸ਼ੀ ਅਮਨਿੰਦਰ ਸਿੰਘ ਨੇ ਆਪਣੇ ਦੋ ਸਾਥੀਆਂ ਤ੍ਰਿਲੋਕ ਸਿੰਘ ਅਤੇ ਹੈਮਲੀ ਸਿੰਘ ਵਾਸੀਆਨ ਪਿੰਡ ਭਾਗੀਵਾਂਦਰ ਜ਼ਿਲ੍ਹਾ ਬਠਿੰਡਾ ਨਾਲ ਮਿਲ ਕੇ ਉਸਦੇ ਪਤੀ ਨੂੰ ਮਾਰਨ ਦੇ ਇਰਾਦੇ ਨਾਲ ਖੇਤਾਂ ਵਿਚ ਆਏ ਅਤੇ ਦਵਿੰਦਰ ਸਿੰਘ ‘ਤੇ ਕਹੀ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ। ਦਵਿੰਦਰ ਸਿੰਘ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਸੋਮਵਾਰ ਸਵੇਰੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਡੀਐਸਪੀ ਤਲਵੰਡੀ ਸਾਬੋ ਰਾਜੇਸ਼ ਸਨੇਹੀ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਆਗੂ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਦੋਸ਼ੀ ਪੁੱਤਰ ਅਮਨਿੰਦਰ ਸਿੰਘ ਅਤੇ ਉਸਦੇ ਦੋ ਸਾਥੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਮੁਲਜਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਹੁਣ ਤਕ ਦੀ ਜਾਂਚ ਵਿਚ ਕਤਲ ਦਾ ਕਾਰਨ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ, ਜਦੋਂ ਕਿ ਸਾਰਾ ਮਾਮਲਾ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।



