
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 31 ਦਸੰਬਰ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ’ਚ ਕੇਂਦਰ ਸਰਕਾਰ ਖਾਸ ਕਰ ਕੇ ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਜੇਕਰ ਮਨਰੇਗਾ ਦੀ ਥਾਂ ਜੀ ਰਾਮ ਜੀ ਯੋਜਨਾ ਲਿਆਉਣ ਖ਼ਿਲਾਫ਼ ਭਵਿੱਖ ’ਚ ਜੀ ਰਾਮ ਜੀ ਮੁਰਦਾਬਾਦ ਦੇ ਨਾਅਰੇ ਲੱਗੇ ਤਾਂ ਇਹ ਵੱਡੀ ਬੇਅਦਬੀ ਹੋਵੇਗੀ ਤੇ ਇਸ ਬੇਅਦਬੀ ਲਈ ਭਾਜਪਾ ਜ਼ਿੰਮੇਵਾਰ ਹੋਵੇਗੀ। ਅੱਜ ਬਹਿਸ ’ਚ ਹਿੱਸਾ ਲੈਂਦਿਆਂ ਚੀਮਾ ਨੇ ਕਿਹਾ ਕਿ ਭਾਜਪਾ ਗਰੀਬਾਂ ਤੋਂ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਹੱਕ ਖੋਹ ਰਹੀ ਹੈ। ਚੀਮਾ ਨੇ ਇਕ ਮਹਿਲਾ ਮਨਰੇਗਾ ਵਰਕਰ ਚਰਨਜੀਤ ਕੌਰ ਦੀ ਭਾਵੁਕ ਚਿੱਠੀ ਪੜ੍ਹੀ, ਜਿਸ ’ਚ ਹਜ਼ਾਰਾਂ ਪੇਂਡੂ ਮਜ਼ਦੂਰਾਂ ਦੇ ਡਰ ਨੂੰ ਉਜਾਗਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਕੀਮ ਦਾ ਕੇਂਦਰੀਕਰਨ ਕਰ ਕੇ ਤੇ ਮੋਬਾਈਲ-ਆਧਾਰਿਤ ਗੁੰਝਲਦਾਰ ਹਾਜ਼ਰੀ ਪ੍ਰਣਾਲੀ ਲਾਗੂ ਕਰ ਕੇ ਕੰਮ ਦੀ ਉਸ ਗਾਰੰਟੀ ਨੂੰ ਖੋਹ ਰਹੀ ਹੈ, ਜੋ ਕਦੇ ਪੇਂਡੂ ਜੀਵਨ ਦਾ ਆਧਾਰ ਸੀ। ਚੀਮਾ ਨੇ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਕਮਜ਼ੋਰ ਕਰ ਰਹੀਆਂ ਹਨ। ਉਨ੍ਹਾਂ ਇਸ ਦੌਰਾਨ ਮਨਰੇਗਾ ਵਰਕਰਾਂ ਦੀਆਂ ਅਪੀਲਾਂ ਤੇ ਪੱਤਰ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜਣ ਦੀ ਅਪੀਲ ਕੀਤੀ। ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਸਕੀਮ ਦਾ ਕੇਂਦਰੀਕਰਨ ਕਰ ਕੇ ਦੇਸ਼ ਦੇ ਮਜ਼ਦੂਰਾਂ ਨੂੰ ਬੰਧੂਆ ਮਜ਼ਦੂਰ ਤੇ ਕੇਂਦਰੀ ਪ੍ਰਣਾਲੀ ਦੇ ਗੁਲਾਮ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹੁੰਚ ਸਹਿਕਾਰੀ ਸੰਘੀ ਢਾਂਚੇ ਨੂੰ ਤਬਾਹ ਕਰ ਰਹੀ ਹੈ, ਸੂਬਿਆਂ ਦੇ ਹੱਕ ਖੋਹ ਰਹੀ ਹੈ ਅਤੇ ਸਥਾਨਕ ਆਰਥਿਕਤਾ ਨੂੰ ਕਮਜ਼ੋਰ ਕਰ ਰਹੀ ਹੈ, ਜੋ ਕਿ ਸਿੱਧੇ ਤੌਰ ‘ਤੇ ਲੋਕਤੰਤਰ ਦੀ ਰੂਹ ‘ਤੇ ਹਮਲਾ ਹੈ। ਚੀਮਾ ਨੇ ਕਿਹਾ ਕਿ ਜਿੱਥੇ ਪੂਰੀ ਦੁਨੀਆ ਭਗਵਾਨ ਰਾਮ ਦਾ ਸਤਿਕਾਰ ਕਰਦੀ ਹੈ, ਉੱਥੇ ਸਰਕਾਰੀ ਸਕੀਮ ਲਈ ਧਾਰਮਿਕ ਨਾਮ ਦੀ ਵਰਤੋਂ ਕਰਨਾ ਸਰਕਾਰ ਨੂੰ ਆਲੋਚਨਾ ਤੋਂ ਬਚਾਉਣ ਦੀ ਇਕ ਸਿਆਸੀ ਚਾਲ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ ਮੰਤਰੀ ਮੰਡਲ ’ਚ ਛੇ ਮੰਤਰੀ ਦਲਿਤ ਭਾਈਚਾਰੇ ਨਾਲ ਸਬੰਧਤ ਹਨ। ਪ੍ਰਸਤਾਵ ’ਤੇ ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈਟੀਓ, ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਅਰੁਣਾ ਚੌਧਰੀ, ਸੁਖਵਿੰਦਰ ਸੁੱਖੀ, ਪ੍ਰਗਟ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਅਸ਼ਵਨੀ ਕੁਮਾਰ ਸ਼ਰਮਾ, ਕੁਲਦੀਪ ਧਾਲੀਵਾਲ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਰੁਪਿੰਦਰ ਸਿੰਘ ਹੈਪੀ, ਨਰਿੰਦਰ ਸਵਨਾ ਤੇ ਹੋਰਾਂ ਨੇ ਸੰਬੋਧਨ ਕੀਤਾ।



