ਡਾ. ਭੀਮ ਰਾਓ ਅੰਬੇਡਕਰ ਦਾ ਬੁੱਤ ਤੋੜੇ ਜਾਣ ‘ਤੇ ਅੰਮ੍ਰਿਤਸਰ ‘ਚ ਤਣਾਅ, ਸੜਕਾਂ ‘ਤੇ ਉਤਰੇ ਲੋਕ; ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ

ਅੰਮ੍ਰਿਤਸਰ, 27 ਜਨਵਰੀ– ਗਣਤੰਤਰ ਦਿਵਸ ਦੇ ਦਿਨ ਅੰਮ੍ਰਿਤਸਰ ਵਿਚ ਇਕ ਵਿਅਕਤੀ ਵਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਖੰਡਿਤ ਕੀਤੇ ਜਾਣ ਦੇ ਰੋਸ ਵਜੋਂ ਅੰਮ੍ਰਿਤਸਰ ਦੀਆਂ ਵੱਖ-ਵੱਖ ਜਥੇਬੰਦੀਆਂ, ਰਾਜਨੀਤਿਕ, ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਭੰਡਾਰੀ ਪੁੱਲ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਮਾਮਲੇ ਵਿਚ ਬਾਰੀਕੀ ਨਾਲ ਜਾਂਚ ਕਰਕੇ ਇਸ ਸਾਜਿਸ਼ ਦਾ ਪਰਦਾਫਾਸ਼ ਕਰਨ ਦੀ ਮੰਗ ਕੀਤੀ ਗਈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਿਹੜੇ ਵੀ ਸ਼ਰਾਰਤੀ ਅਨਸਰਾਂ ਵਲੋਂ ਇਹ ਘਟਨਾ ਕੀਤੀ ਗਈ ਹੈ, ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਵਿਅਕਤੀ ਨੂੰ ਸਖਤ ਤੋਂ ਸਖਤ ਸਜ਼ਾ ਨਾ ਦਿੱਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਤੋੜਨ ਤੇ ਸੰਵਿਧਾਨ ਨੂੰ ਸਾੜਨ ਦੇ ਰੋਸ ‘ਚ ਕਈ ਜਥੇਬੰਦੀਆਂ ਨੇ ਭੰਡਾਰੀ ਪੁਲ ‘ਤੇ ਧਰਨਾ ਦਿੱਤਾ, ਜਿਸ ਕਾਰਨ ਮਹਾਂਨਗਰ ਦੀ ਆਵਾਜਾਈ ਦਾ ਬੁਰਾ ਹਾਲ ਹੈ, ਜਾਮ ਲੱਗੇ ਹੋਏ ਹਨ, ਲੋਕਾਂ ਨੂੰ ਲੰਘਣਾ ਬਹੁਤ ਔਖਾ ਹੈ। ਰੇਲਵੇ ਸਟੇਸ਼ਨ, ਬੱਸ ਸਟੈਂਡ ‘ਤੇ ਜਾਣ ਲਈ ਵੀ ਲੋਕਾਂ ਨੂੰ ਜ਼ਿਆਦਾ ਪਰੇਸ਼ਾਨੀ ਝੱਲਣੀ ਪੈ ਰਹੀ ਹੈ, ਇਸੇ ਤਰ੍ਹਾਂ ਭੰਡਾਰੀ ਪੁਲ ‘ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡੀਸੀਪੀ ਜਗਜੀਤ ਸਿੰਘ ਵਾਲੀਆ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ। ਇਹ ਗੱਲ ਚੱਲ ਰਹੀ ਹੈ ਕਿ ਬੁੱਤ ਤੋੜਨ ਵਾਲਿਆਂ ‘ਤੇ ਐੱਨ.ਐੱਸ.ਏ. ਲਗਾਈ ਜਾਵੇ।



