Punjab

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਸਰਕਾਰੀ ਨਸ਼ਾ ਛੁਡਾਊ ਕੇਂਦਰ ਬੱਬਰੀ ਦਾ ਦੌਰਾ

ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀਆਂ ਦਿੱਤੀਆਂ ਹਦਾਇਤਾਂ 

ਗੁਰਦਾਸਪੁਰ, 20 ਜੂਨ 2025 – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਸਰਕਾਰੀ ਨਸ਼ਾ ਛੁਡਾਊ ਕੇਂਦਰ ਬੱਬਰੀ (ਜ਼ਿਲ੍ਹਾ ਹਸਪਤਾਲ ਬੱਬਰੀ, ਗੁਰਦਾਸਪੁਰ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਨਸ਼ਾ  ਛੁਡਾਊ ਕੇਂਦਰ ਦੇ ਪ੍ਰਬੰਧਾਂ ਦਾ ਜਾਇਆ ਲਿਆ ਅਤੇ ਇੱਥੇ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਮਰੀਜ਼ਾਂ ਨਾਲ ਮਿਲਣ ਵਾਲੇ ਹਰ ਵਿਅਕਤੀ ਦੀ ਪਹਿਲਾਂ ਸ਼ਨਾਖ਼ਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਛੱਡ ਰਹੇ ਨੌਜਵਾਨਾਂ ਦੇ ਪੁਨਰਵਾਸ ਲਈ ਵੀ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮਿਤੀ 20 ਜੂਨ ਨੂੰ ਗੁਰਦਾਸਪੁਰ ਦੇ ਕੀਤੇ ਜਾਣ ਵਾਲੇ ਦੌਰੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਸਿਹਤ ਵਿਭਾਗ ਵੱਲੋਂ ਨਸ਼ਾ ਮੁਕਤੀ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਓਟ ਕੇਂਦਰਾਂ ਤੋਂ ਇਲਾਵਾ ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਾਸ ਕੇਂਦਰ ਚਲਾਏ ਜਾ ਰਹੇ ਹਨ ਜਿੱਥੇ ਮਰੀਜ਼ਾਂ ਦਾ ਮੁਫ਼ਤ ਇਲਾਜ ਹੋ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਐੱਮਐੱਨਐੱਸ ਪ੍ਰੋਗਰਾਮ ਤਹਿਤ ਆਸ਼ਾ ਵਰਕਰਾਂ ਨੂੰ  ਵੀ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਫ਼ੀਲਡ ਸਟਾਫ਼ ਵੱਲੋਂ ਨਸ਼ਾ ਛੱਡਣ ਵਾਲਿਆਂ ਦੀ ਪਛਾਣ ਕਰਕੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦਾ ਮੁਫ਼ਤ ਅਤੇ ਕਾਰਗਰ ਇਲਾਜ ਹੋ ਸਕੇ। ਇਸ ਮੌਕੇ ਸਿਵਲ ਸਰਜਨ ਡਾ. ਜਸਪਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਚਿਕਨਗੁਨੀਆਂ ਬਿਮਾਰੀਆਂ ਦੀ ਰੋਕਥਾਮ ਲਈ ਵੀ ਅਗੇਤੇ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਅਤੇ ਸਿਵਲ ਹਸਪਤਾਲ ਬਟਾਲਾ ਵਿਖੇ ਇਨ੍ਹਾਂ ਦੋਵਾਂ ਬਿਮਾਰੀਆਂ ਦੇ ਟੈੱਸਟ ਤੇ ਇਲਾਜ ਬਿਲਕੁਲ ਮੁਫ਼ਤ ਉਪਲਬਧ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿਛਲੇ ਸਾਲਾਂ ਦੇ ਡਾਟੇ ਦੇ ਅਧਾਰ ‘ਤੇ ਚਿਕਨਗੁਨੀਆ ਅਤੇ ਡੇਂਗੂ ਦੀ ਬਿਮਾਰੀ ਨਾਲ ਪ੍ਰਭਾਵਿਤ ਹਾਟ ਸਪਾਟ ਕੇਂਦਰਾਂ ਵਿੱਚ ਹੁਣ ਤੋਂ ਹੀ ਨਿਗਰਾਨੀ ਕਰਨ ਅਤੇ ਨਾਲ ਘਰਾਂ ਅਤੇ ਕਾਰੋਬਾਰੀ ਥਾਵਾਂ ਵਿਚੋਂ ਲਾਰਵੇ ਦੇ ਖ਼ਾਤਮੇ ਲਈ ਕੰਮ ਕੀਤਾ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਨਸ਼ਾ ਮੁਕਤੀ ਯਾਤਰਾ ਸਬੰਧੀ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰੁਜ਼ਗਾਰ ਵਿਭਾਗ ਸਮੇਤ ਪਸ਼ੂ ਪਾਲਣ, ਪੋਲਟਰੀ ਅਤੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀ ਨਸ਼ਾ ਛੱਡ ਰਹੇ ਨੌਜਵਾਨਾਂ ਕੋਲ ਪਹੁੰਚ ਕਰਕੇ ਉਨ੍ਹਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਸਹਿਯੋਗ ਕਰਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਗੁਰਮੰਦਰ ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀ ਵਿਕਰਮਜੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਆਦਿੱਤਯ, ਸਹਾਇਕ ਕਮਿਸ਼ਨਰ ਸ੍ਰੀ ਰੁਪਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button