ਡਿਪਟੀ ਕਮਿਸ਼ਨਰ ਵੱਲੋਂ ਅਰਨੀਵਾਲਾ ਸਬ ਤਹਿਸੀਲ ਦਾ ਅਚਾਨਕ ਦੌਰਾ
ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ, ਅਧਿਕਾਰੀਆਂ ਨੂੰ ਨਾਗਰਿਕ ਸੇਵਾਵਾਂ ਤੇਜੀ ਨਾਲ ਮੁਹਈਆ ਕਰਵਾਉਣ ਦੇ ਦਿੱਤੇ ਨਿਰਦੇਸ਼

ਮੰਡੀ ਅਰਨੀਵਾਲਾ (ਫਾਜ਼ਿਲਕਾ) 19 ਜੂਨ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਅਚਾਨਕ ਮੰਡੀ ਅਰਨੀਵਾਲਾ ਵਿਖੇ ਸਬ ਤਹਿਸੀਲ ਦਫਤਰ ਦਾ ਦੌਰਾ ਕੀਤਾ । ਇਸ ਮੌਕੇ ਉਨਾਂ ਨੇ ਇੱਥੇ ਵੱਖ-ਵੱਖ ਸਰਕਾਰੀ ਕੰਮਾਂ ਲਈ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਨਾਗਰਿਕ ਸੇਵਾਵਾਂ ਲੈਣ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇਸ ਮੌਕੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸਰਕਾਰੀ ਦਫਤਰਾਂ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਾ ਆਵੇ। ਉਹਨਾਂ ਨੇ ਨਾਇਬ ਤਹਿਸੀਲਦਾਰ ਅਰਨੀਵਾਲਾ ਨੂੰ ਹਦਾਇਤ ਕੀਤੀ ਕਿ ਰਜਿਸਟਰੀਆਂ ਸਮੇਤ ਮਾਲ ਵਿਭਾਗ ਨਾਲ ਸੰਬੰਧਿਤ ਹੋਰ ਸੇਵਾਵਾਂ ਲੈਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਇਸੇ ਤਰ੍ਹਾਂ ਉਹਨਾਂ ਨੇ ਕਿਹਾ ਕਿ ਫਰਦ ਕੇਂਦਰ ਅਤੇ ਸੇਵਾ ਕੇਂਦਰ ਤੋਂ ਵੀ ਨਾਗਰਿਕ ਸੇਵਾਵਾਂ ਲੈਣ ਵਿੱਚ ਕਿਸੇ ਵਿਅਕਤੀ ਨੂੰ ਮੁਸਕਿਲ ਪੇਸ਼ ਨਾ ਆਵੇ, ਇਸ ਲਈ ਸਾਰੇ ਵਿਭਾਗ ਲੋਕ ਪੱਖੀ ਪਹੁੰਚ ਅਪਣਾਉਂਦੇ ਹੋਏ ਆਪਣੀ ਡਿਊਟੀ ਨਿਭਾਉਣ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਦਫਤਰ ਵਿੱਚ ਆਮ ਲੋਕਾਂ ਨੂੰ ਕੋਈ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ ਤਾਂ ਇਸ ਲਈ ਸਬੰਧਤ ਅਧਿਕਾਰੀ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਦੇ ਨਾਲ ਐਸ ਡੀ ਐਮ ਫਾਜ਼ਿਲਕਾ ਵੀਰਪਾਲ ਕੌਰ ਵੀ ਹਾਜ਼ਰ ਸਨ।



