
ਜਲੰਧਰ, 25 ਫਰਵਰੀ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੋਮਵਾਰ ਨੂੰ ਜ਼ਮੀਨ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਣ ਤੇ ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਬ ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਐੱਸਡੀਐੱਮਜ ਵੱਲੋਂ ਵੀ ਸਬੰਧਤ ਤਹਿਸੀਲਾਂ ਦੀ ਚੈਕਿੰਗ ਕੀਤੀ ਗਈ। ਤਹਿਸੀਲਾਂ ’ਚ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਸਬ ਰਜਿਸਟਰਾਰਾਂ ਨੂੰ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਮਾਮਲਿਆਂ ’ਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ਼ ਪਹਿਲਾਂ ਹੀ ਜੰਗ ਵਿੱਢੀ ਹੋਈ ਹੈ, ਇਸ ਲਈ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਤਹਿਸੀਲਾਂ ’ਚ ਜਾਇਦਾਦ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਬਿਨੈਕਾਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਾ.ਅਗਰਵਾਲ ਨੇ ਸਬ ਰਜਿਸਟਰਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਆਉਣ ਵਾਲੇ ਲੋਕਾਂ ਨੂੰ ਦਫ਼ਤਰਾਂ ’ਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਰਜਿਸਟ੍ਰੇਸ਼ਨ ਦੀ ਪੂਰੀ ਪ੍ਰਕਿਰਿਆ ਹੁਣ ਆਨਲਾਈਨ ਅਪਾਇੰਟਮੈਂਟ-ਅਧਾਰਤ ਪ੍ਰਣਾਲੀ ਰਾਹੀਂ ਸੰਚਾਲਿਤ ਕੀਤੀ ਜਾਂਦੀ ਹੈ, ਜਿਸ ਸਦਕਾ ਬਿਨੈਕਾਰਾਂ ਲਈ ਉਡੀਕ ਸਮੇਂ ’ਚ ਕਮੀ ਆਈ ਹੈ। ਰਜਿਸਟ੍ਰੇਸ਼ਨ ਸੇਵਾ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਵੱਲੋਂ ਇਸ ਪ੍ਰਕਿਰਿਆ ਸਬੰਧੀ ਫੀਡਬੈਕ ਇਕੱਤਰ ਕਰਨ ਲਈ ਲੋਕਾਂ ਨਾਲ ਗੱਲਬਾਤ ਵੀ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਲਈ ਆਉਣ ਵਾਲੇ ਲੋਕਾਂ ਲਈ ਬੈਠਣ ਦੇ ਢੁੱਕਵੇਂ ਪ੍ਰਬੰਧ, ਪੀਣ ਵਾਲੇ ਪਾਣੀ ਦੀ ਉਪਲੱਬਧਤਾ ਤੇ ਆਰਾਮਦਾਇਕ ਵੇਟਿੰਗ ਏਰੀਏ ਦਾ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਲੋਕਾਂ ਨੂੰ ਜ਼ਮੀਨ ਦੀ ਰਜਿਸਟਰੀ ਸਬੰਧੀ ਆਪਣੇ ਤਜ਼ਰਬੇ ਤੇ ਦਿੱਕਤਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਾਂਝਾ ਕਰਨ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ। ਇਸ ਦੌਰਾਨ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਐੱਸਡੀਐੱਮ-1 ਰਣਦੀਪ ਸਿੰਘ ਹੀਰ, ਐੱਸਡੀਐੱਮ-2 ਬਲਬੀਰ ਰਾਜ ਸਿੰਘ, ਐੱਸਡੀਐੱਮ ਆਦਮਪੁਰ ਵਿਵੇਕ ਮੋਦੀ, ਐੱਸਡੀਐੱਮ ਫਿਲੌਰ ਅਮਨਪਾਲ ਸਿੰਘ, ਐੱਸਡੀਐੱਮ ਸ਼ਾਹਕੋਟ ਸ਼ੁਭੀ ਆਂਗਰਾ, ਐੱਸਡੀਐੱਮ ਨਕੋਦਰ ਲਾਲ ਵਿਸ਼ਵਾਸ ਬੈਂਸ ਵੱਲੋਂ ਵੀ ਆਪੋ-ਆਪਣੇ ਅਧਿਕਾਰ ਖੇਤਰ ’ਚ ਆਉਂਦੀਆਂ ਤਹਿਸੀਲਾਂ ’ਚ ਅਚਨਚੇਤ ਚੈਕਿੰਗ ਕੀਤੀ ਗਈ।



