Punjab

ਡੇਰਾਬੱਸੀ ‘ਚ ਨਾਜਾਇਜ਼ ਉਸਾਰੀਆਂ ਦਾ ਕੰਮ ਧੜੱਲੇ ਨਾਲ ਜਾਰੀ

ਡੇਰਾਬੱਸੀ, 13 ਮਈ- ਪਿਛਲੇ ਕਾਫੀ ਸਮੇਂ ਤੋਂ ਨਗਰ ਕੌਂਸਲ ਡੇਰਾਬੱਸੀ ਵਿੱਚ ਬਿਨਾਂ ਸੀਐੱਲਯੂ ਅਤੇ ਕਮਰਸ਼ੀਅਲ ਨਕਸ਼ਾ ਪਾਸ ਕਰਵਾਏ ਬਗੈਰ ਅਧਿਕਾਰੀਆਂ ਦੀ ਅਤੇ ਕੁੱਝ ਦਲਾਲਾਂ ਦੀ ਕਥਿਤ ਮਿਲੀਭੁਗਤ ਨਾਲ ਨਾਜਾਇਜ਼ ਉਸਾਰੀਆਂ ਦਾ ਗੋਰਖ ਧੰਦਾ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਜਿਸ ਨਾਲ ਕੌਂਸਲ ਨੂੰ ਕਰੋੜਾਂ ਰੁਪਏ ਦਾ ਮਾਲੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਕਤ ਮਾਮਲੇ ਦੇ ਸਬੰਧ ਵਿੱਚ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਨਗਰ ਕੌਂਸਲ ਦੇ ਕਰੋੜਾਂ ਰੁਪਏ ਦੇ ਟੈਕਸਾਂ ਨੂੰ ਦੋਵੇਂ ਹੱਥੀ ਲੁੱਟਿਆ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਦੇ ਵਿਕਾਸ ਕੰਮਾਂ ਵਿੱਚ ਖੜੋਤ ਆ ਗਈ ਹੈ ਪਰ ਉੱਚ ਅਧਿਕਾਰੀਆਂ ਨੂੰ ਸਭ ਕੁੱਝ ਪਤਾ ਹੁੰਦੇ ਹੋਏ ਵੀ ਉਹ ਕੁੰਭਕਰਨੀ ਨੀਂਦ ਵਿੱਚ ਸੁੱਤੇ ਪਏ ਹਨ। ਦੂਜੇ ਪਾਸੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਘੁੰਮ ਰਹੇ ਦਲਾਲ ਬਿਨ੍ਹਾਂ ਸੀਐੱਲਯੂ ਤੇ ਬਿਨ੍ਹਾਂ ਕਮਰਸ਼ੀਅਲ ਨਕਸ਼ਾ ਪਾਸ ਕਰਵਾਏ ਨਾਜਾਇਜ਼ ਉਸਾਰੀਆਂ ਕਰਵਾਉਣ ਦੇ ਨਾਂਅ ’ਤੇ ਲੱਖਾਂ ਰੁਪਏ ਦੀ ਵਸੂਲੀ ਕਰਕੇ ਕਥਿਤ ਤੌਰ ’ਤੇ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਨੂੰ ਧੋਖਾ ਦੇ ਰਹੇ ਹਨ। ਸ਼ਹਿਰ ਵਾਸੀਆਂ ਨੇ ਆਪਣਾ ਨਾਂਅ ਅਖਬਾਰ ਵਿੱਚ ਨਾ ਪ੍ਰਕਾਸ਼ਿਤ ਕਰਨ ਦੀ ਸ਼ਰਤ ’ਤੇ ਦੱਸਿਆ ਕਿ ਅਧਿਕਾਰੀ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਰਿਹਾਇਸ਼ੀ ਇਲਾਕਿਆਂ ਵਿੱਚ ਬਹੁ ਮੰਜ਼ਲੀ ਸ਼ੋਅਰੂਮ ਬਣਵਾ ਰਹੇ ਹਨ, ਹੁਣ ਤਕ ਡੇਰਾਬੱਸੀ ਸ਼ਹਿਰ ਵਿੱਚ ਦਰਜਨਾਂ ਦੇ ਕਰੀਬ ਸ਼ੋਅਰੂਮ ਗ਼ੈਰ ਕਾਨੂੰਨੀ ਢੰਗ ਨਾਲ ਉਸਾਰੇ ਜਾ ਚੁੱਕੇ ਹਨ ਅਤੇ ਕਈ ਉਸਾਰੀ ਨਿਰਮਾਣ ਅਧੀਨ ਹਨ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਉਸਾਰੀਆਂ ਦੇ ਕਾਰਨ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਵੀ ਵੱਡਾ ਨੁਕਸਾਨ ਹੋ ਰਿਹਾ ਹੈ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਕਰੋੜਾਂ ਰੁਪਏ ਦਾ ਮਾਲੀ ਨੁਕਸਾਨ ਹੋ ਰਿਹਾ ਹੈ। ਸ਼ਹਿਰ ਨਿਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਉਕਤ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਜਦੋਂ ਇਸ ਬਾਰੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਵਿਜੈ ਜਿੰਦਲ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਆਸ਼ੀਆਨਾ ਕਾਲੋਨੀ ਡੇਰਾਬੱਸੀ ਵਿਖੇ ਕਿਸੇ ਡਾਕਟਰ ਵੱਲੋਂ ਬਿਨ੍ਹਾਂ ਨਗਰ ਕੌਂਸਲ ਦੀ ਮਨਜ਼ੂਰੀ ਤੋਂ ਉਸਾਰੀ ਕੀਤੀ ਜਾ ਰਹੀ ਸੀ। ਜਿਸ ਨੂੰ ਉਨ੍ਹਾਂ ਨੇ ਰੁਕਵਾ ਦਿੱਤਾ ਹੈ ਅਤੇ ਉਕਤ ਡਾਕਟਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਨਗਰ ਕੌਂਸਲ ਦੀ ਮਨਜ਼ੂਰੀ ਤੋਂ ਨਾਜਾਇਜ਼ ਤਰੀਕੇ ਨਾਲ ਉਸਾਰੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button