
ਤਰਨਤਾਰਨ, 14 ਅਗਸਤ : ਬਰਸਾਤੀ ਮੌਸਮ ਦੌਰਾਨ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪ ਸ਼ਿਖਾ ਸ਼ਰਮਾ ਨੇ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਣ ਲਈ ਸਾਂਝੇ ਤੌਰ ’ਤੇ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਉੱਥੇ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਪਾਣੀ ਦੀ ਸਥਿਤੀ ਨੂੰ ਜਾਣਿਆ ਤੇ ਨਾਲ ਲੱਗਦੇ ਪਿੰਡਾਂ ’ਚ ਸੰਭਾਵੀ ਹੜ੍ਹਾਂ ਤੋਂ ਬਚਾਅ ਸਬੰਧੀ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਡੀਸੀ ਰਾਹੁਲ ਨੇ ਦੱਸਿਆ ਕਿ ਤਰਨਤਾਰਨ ’ਚ ਵੀ ਕਿਸੇ ਤਰ੍ਹਾਂ ਦਾ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਹੈ, ਪਰੰਤੂ ਜਿਨ੍ਹਾਂ ਪਿੰਡਾਂ ’ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹਨ, ਉੱਥੇ ਲੋਕਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਪੂਰੀ ਮਦਦ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਤੇ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਲੋਕਾਂ ਦੀ ਮਦਦ ਲਈ ਵਚਨਬੱਧ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਫਿਲਹਾਲ ਫਿਰੋਜ਼ਪੁਰ ’ਚ ਸਥਿਤੀ ਬਿਲਕੁਲ ਠੀਕ ਹੈ ਤੇ ਹੜ੍ਹਾਂ ਦਾ ਕਿਸੇ ਤਰ੍ਹਾਂ ਵੀ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਵੱਲੋਂ ਖੁਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਮਿਲ ਕੇ ਲਗਾਤਾਰ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰ ਕੇ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ’ਤੇ ਯਕੀਨ ਨਾ ਕਰਨ ਤੇ ਘਬਰਾਹਟ ’ਚ ਨਾ ਆਉਣ। ਉਨ੍ਹਾਂ ਅੱਗੇ ਕਿਹਾ ਕਿ ਹੜ੍ਹਾਂ ਸਬੰਧੀ ਸੂਚਨਾ ਜਾਂ ਜਾਣਕਾਰੀ ਲਈ ਜ਼ਿਲ੍ਹਾ ਤੇ ਤਹਿਸੀਲ ਪੱਧਰ ‘ਤੇ ਸਥਾਪਿਤ ਕੀਤੇ ਕੰਟਰੋਲ ਰੂਮ ਦੇ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਏਡੀਸੀ ਜਨਰਲ ਤਰਨਤਾਰਨ ਰਾਜਦੀਪ ਸਿੰਘ ਬਰਾੜ, ਏਡੀਸੀ ਵਿਕਾਸ ਸੰਜੀਵ ਸ਼ਰਮਾ, ਐੱਸਡੀਐੱਮ ਤਰਨਤਾਰਨ , ਐੱਸਡੀਐੱਮ ਪੱਟੀ ਪ੍ਰੀਤਇੰਦਰ ਸਿੰਘ, ਐੱਸਡੀਐੱਮ ਜ਼ੀਰਾ ਗੁਰਮੀਤ ਸਿੰਘ, ਆਈਏਐੱਸ ਅਧਿਕਾਰੀ ਅੰਡਰ ਟ੍ਰੇਨਿੰਗ, ਐਕਸੀਅਨ ਡਰੇਨੇਜ਼ ਸਾਹਿਲ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।



