
ਚੰਡੀਗੜ੍ਹ, 4 ਮਾਰਚ- ਪੰਜਾਬ ਸਰਕਾਰ ਹੁਣ ਸਖਤ ਐਕਸ਼ਨ ਦੇ ਮੋਡ ‘ਤੇ ਨਜ਼ਰ ਆ ਰਹੀ ਹੈ। ਸਰਕਾਰ ‘ਤੇ ਦਬਾਅ ਪਾਉਣ ਲਈ ਅਤੇ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਭਰ ਵਿਚ ਤਹਿਸੀਲਦਾਰ ਸਮੂਹਿਕ ਛੁੱਟੀ ਉਤੇ ਚੱਲ ਰਹੇ ਹਨ । ਹੁਣ ਸਰਕਾਰ ਵੱਡਾ ਐਕਸ਼ਨ ਕਰਨ ਦੀ ਤਿਆਰ ਦਿਖਾਈ ਦੇ ਰਹੀ ਹੈ। ਇਸ ਦਾ ਸੰਕੇਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ.. ਕਹਿੰਦੇ ਹੋਏ ਕਿਹਾ ਕਿ ਹੁਣ ਕਦੋਂ ਜਾਂ ਕਿੱਥੇ ਜੁਆਇੰਨ ਕਰਵਾਉਣ ਇਹ ਫੈਸਲਾ ਲੋਕ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, ‘ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ਵਿਚ ਹੜਤਾਲ ਕਰ ਰਹੇ ਹਨ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖਿਲਾਫ਼ ਹੈ..ਆਮ ਲੋਕਾਂ ਦੀ ਖੱਜਲ-ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇਨ ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ। ਇਸ ਦਾ ਸਪਸ਼ਟ ਭਾਵ ਹੈ ਕਿ ਸਰਕਾਰ ਇਨ੍ਹਾਂ ਦੀ ਟਰਾਂਸਫਰ ਕਰ ਸਕਦੀ ਹੈ ਜਾਂ ਇਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ ਤਹਿਸੀਲਦਾਰਾਂ ਵੱਲੋਂ ਸ਼ੁੱਕਰਵਾਰ ਤੱਕ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਤੱਕ ਤਹਿਸੀਲਾਂ ਵਿੱਚ ਰਜਿਸਟਰੀਆਂ ਨਹੀਂ ਹੋਣਗੀਆਂ। ਇਸ ਦੇ ਨਾਲ ਹੀ ਸਰਕਾਰ ਨੇ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਤਹਿਸੀਲਦਾਰਾਂ ਦੀਆਂ ਪਾਵਰਾਂ ਨਾਇਬ ਤਹਿਸਲਦਾਰਾਂ,ਕਾਨੂੰਨਗੋ ਤੇ ਪਟਵਾਰੀਆਂ ਨੂੰ ਦੇ ਦਿੱਤੀਆਂ ਗਈਆਂ ਹਨ । ਅਜਿਹਾ ਲੱਗਦਾ ਹੈ ਕਿ ਦਿੱਲੀ ਚੋਣਾਂ ਹਾਰਨ ਤੋਂ ਬਾਅਦ, ਸਰਕਾਰ ਹਰ ਕਦਮ ‘ਤੇ ਸਖ਼ਤੀ ਦੇ ਮੂਡ ਵਿੱਚ ਹੈ ਅਤੇ ਸਰਕਾਰ ਨੇ ਉਨ੍ਹਾਂ ਕੰਮਾਂ ਨੂੰ ਸੁਧਾਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਜਿਨ੍ਹਾਂ ਲਈ ਉਸਨੂੰ ਹੁਣ ਤੱਕ ਨਾ ਕਰਨ ਲਈ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਹ ਗੱਲ ਧਿਆਨ ਦੇਣ ਯੋਗ ਹੈ ਕਿ ਬੀਤੀ ਸ਼ਾਮ ਸੰਯੁਕਤ ਕਿਸਾਨ ਮੋਰਚਾ ਦੇ ਅਹੁਦੇਦਾਰਾਂ ਨਾਲ ਦੋ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਵੀ ਮੁੱਖ ਮੰਤਰੀ ਨਾਰਾਜ਼ ਹੋ ਗਏ ਕਿਉਂਕਿ ਕਿਸਾਨ 5 ਮਾਰਚ ਨੂੰ ਚੰਡੀਗੜ੍ਹ ਵਿੱਚ ਸਥਾਈ ਵਿਰੋਧ ਪ੍ਰਦਰਸ਼ਨ ਕਰਨ ‘ਤੇ ਅੜੇ ਹੋਏ ਸਨ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਵਿਰੋਧ ਪ੍ਰਦਰਸ਼ਨ ਕਰਨੇ ਹੀ ਪੈਣਗੇ ਤਾਂ ਮੀਟਿੰਗਾਂ ਕਰਨ ਦਾ ਕੀ ਫਾਇਦਾ? ਇੰਨਾ ਹੀ ਨਹੀਂ, ਅੱਜ ਇਸ ਨੂੰ ਅੱਗੇ ਵਧਾਉਂਦੇ ਹੋਏ, ਸਵੇਰ ਤੋਂ ਹੀ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਜਾਰੀ ਹਨ। ਭਾਕਿਯੂ ਮੁਖੀ ਬਲਬੀਰ ਸਿੰਘ ਰਾਜੇਵਾਲ, ਓਂਕਾਰ ਸਿੰਘ ਅਗੌਲ, ਰੁਲਦਾ ਸਿੰਘ ਮਾਨਸਾ ਆਦਿ ਸਮੇਤ ਸੈਂਕੜੇ ਕਿਸਾਨਾਂ ਨੂੰ ਵੱਖ-ਵੱਖ ਥਾਣਿਆਂ ਵਿੱਚ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ, ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਯੂਨੀਅਨਾਂ ਦੇ ਦੂਜੀ ਅਤੇ ਤੀਜੀ ਕਤਾਰ ਦੇ ਆਗੂ ਵਿਰੋਧ ਪ੍ਰਦਰਸ਼ਨ ਕਰਨ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਘਬਰਾਹਟ ਵਿੱਚ ਆ ਕੇ ਅਜਿਹੀਆਂ ਕਾਰਵਾਈਆਂ ਕਰ ਰਹੇ ਹਨ।



