
ਬਾਲ ਕਿਸ਼ਨ
ਮੋਗਾ, 2 ਜੂਨ : ਥਾਣਾ ਨਿਹਾਲ ਸਿੰਘ ਵਾਲਾ ਦੇ ਅਧੀਨ ਪੈਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਦਿਮਾਗੀ ਪਰੇਸ਼ਾਨੀ ਕਾਰਨ ਇਕ ਨਾਬਾਲਿਗ ਲੜਕੇ ਨੇ ਗਲਤੀ ਨਾਲ ਕਿਸੇ ਜ਼ਹਿਰੀਲੀ ਵਸਤੂ ਦਾ ਸੇਵਨ ਕਰ ਲਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਲੜਕਾ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਦੇ ਹੌਲਦਾਰ ਸਿਕੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੇ ਸੋਮਨਪ੍ਰੀਤ ਸਿੰਘ ਦੇ ਪਿਤਾ ਜਸਪਾਲ ਸਿੰਘ ਵਾਸੀ ਪਿੰਡ ਧੂੜਕੋਟ ਰਣਸੀਹ ਨੇ ਦੱਸਿਆ ਕਿ ਉਸ ਦੇ ਚਾਰ ਬੱਚੇ ਹਨ, ਜਿਨ੍ਹਾਂ ’ਚ ਤਿੰਨ ਲੜਕੀਆਂ ਅਤੇ ਇਕ ਲੜਕਾ ਸੋਮਨਪ੍ਰੀਤ ਸਿੰਘ ਸਾਢੇ 16 ਜੋ ਘਰ ’ਚ ਆਪਣੀਆਂ ਭੈਣਾਂ ਨਾਲੋਂ ਵੱਡਾ ਸੀ। ਉਸ ਨੇ ਕਿਹਾ ਕਿ ਉਸ ਦਾ ਲੜਕਾ ਦਿਮਾਗੀ ਤੌਰ ‘ਤੇ ਪਰੇਸ਼ਾਨ ਸੀ ਤੇ ਉਸ ਨੇ ਬੀਤੀ 5 ਮਈ ਨੂੰ ਗਲਤੀ ਨਾਲ ਕਿਸੇ ਜ਼ਹਿਰੀਲੀ ਵਸਤੂ ਦਾ ਸੇਵਨ ਕਰ ਲਿਆ, ਜਿਸ ਦੀ ਹਾਲਤ ਖਰਾਬ ਹੋਣ ਤੇ ਉਸ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ। ਜਿੱਥੇ ਉਸ ਨੂੰ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਭੇਜ ਦਿੱਤਾ ਗਿਆ ਅਤੇ ਉਥੋਂ ਹਾਲਤ ਖਰਾਬ ਹੋਣ ‘ਤੇ ਉਸ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਵਿਖੇ ਰੈਫਰ ਕਰ ਦਿੱਤਾ, ਜਿੱਥੇ 1 ਜੂਨ ਨੂੰ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਸੂਚਨਾ ਮਿਲਦਿਆਂ ਮ੍ਰਿਤਕ ਲੜਕੇ ਦੇ ਪਿਤਾ ਜਸਪਾਲ ਸਿੰਘ ਦੇ ਬਿਆਨ ‘ਤੇ ਕਾਰਵਾਈ ਕਰਕੇ ਲਾਸ਼ ਦਾ ਮੋਗਾ ਦੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਕਰਵਾਕੇ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਹੈ।



