
ਚੰਡੀਗੜ੍ਹ, 12 ਫਰਵਰੀ- ਕਿਸਾਨ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਕਿਸਾਨਾਂ ਵੱਲੋਂ ਏਕਤਾ ਕਰਨ ਲਈ ਮੀਟਿੰਗ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫ਼ਦ ਵਿਚਕਾਰ ਲੰਬੀ ਵਿਚਾਰ ਚਰਚਾ ਹੋਈ। ਤਕਰੀਬਨ ਬਾਅਦ ਦੁਪਹਿਰ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਜੋਗਿੰਦਰ ਸਿੰਘ ਉਗਰਾਹਾਂ ,ਬਲਬੀਰ ਸਿੰਘ ਰਾਜੇਵਾਲ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ ਹੈ ਪਰ ਇੱਕਜੁੱਟਤਾ ਦਾ ਫੈਸਲਾ ਨਹੀਂ ਹੋ ਸਕਿਆ ਹੈ। ਕਿਉਂਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅੱਜ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਇਆ। ਜਲਦ ਹੀ ਉਹਨਾਂ ਨਾਲ ਮੀਟਿੰਗ ਕੀਤੀ ਜਾਵੇਗੀ। ਜਿਸ ਤੋਂ ਬਾਅਦ ਅਗਲੀ ਰਣਨੀਤੀ ਅਗਲੇ ਸੰਘਰਸ਼ ਦਾ ਐਲਾਨ ਜਥੇਬੰਦੀਆਂ ਵੱਲੋਂ ਕੀਤਾ ਜਾਵੇਗਾ। ਜੋਗਿੰਦਰ ਸਿੰਘ ਉਗਰਾਹਾਂ ਬਲਬੀਰ ਸਿੰਘ ਰਾਜੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਨੂੰ ਕਾਰਪੋਰੇਟਾਂ ਦੇ ਹੱਥਾਂ ਵਿੱਚ ਦੇ ਰਹੀ ਹੈ। ਜਿਸ ਕਰਕੇ ਉਹ ਪਿਛਲੇ ਲੰਬੇ ਸਮੇਂ ਤੋਂ ਬਾਰਡਰਾਂ ਉੱਤੇ ਅੰਦੋਲਨ ਕਰ ਰਹੇ ਹਨ। ਇਸ ਫੈਸਲੇ ਖਿਲਾਫ ਉਹ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਨੂੰ ਵੀ ਆਪਣੇ ਨਾਲ ਜੋੜਨਗੇ। ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਕੇਂਦਰੀ ਵਜ਼ੀਰਾਂ ਵੱਲੋਂ ਕਿਸਾਨਾਂ ਨਾਲ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ ਸੈਕਟਰ 26 ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਕੌਣ-ਕੌਣ ਸ਼ਾਮਿਲ ਹੋਵੇਗਾ। ਇਸ ਬਾਰੇ ਅਜੇ ਕਿਸਾਨ ਆਗੂਆਂ ਦੇ ਨਾਂ ਸਪਸ਼ਟ ਨਹੀਂ ਹੋ ਸਕੇ ਹਨ। ਅਗਲੇ ਐਕਸ਼ਨ ਦੀ ਕਾਲ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨਾਲ ਵਿਚਾਰ ਚਰਚਾ ਕਰਨ ਤੋਂ ਮਗਰੋਂ ਲਿਆ ਜਾਵੇਗਾ। ਜਗਜੀਤ ਸਿੰਘ ਡੱਲੇਵਾਲ ਦੀ ਜਥੇਬੰਦੀ ਗੈਰ ਰਾਜਨੀਤਿਕ ਦੇ ਆਗੂਆਂ ਦਾ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਜਦੋਂ ਜਥੇਬੰਦੀਆਂ ਦੇ ਆਗੂ ਨੂੰ ਸਵਾਲ ਕੀਤਾ ਤਾਂ ਉਹਨਾਂ ਕਿਹਾ ਕਿ ਉਹ ਆਪਣੇ ਰੁਝੇਵਿਆਂ ਕਾਰਨ ਅੱਜ ਦੀ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋ ਸਕੇ।



