
ਗੁਰਦਾਸਪੁਰ, 3 ਅਗਸਤ : ਗੁਰਦਾਸਪੁਰ ਜ਼ਿਲ੍ਹਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਜਦੋਂ ਤੇਲ ਟੈਂਕਰ ਦੀ ਆੜ ਵਿੱਚ ਲਿਜਾਈ ਜਾ ਰਹੀ 41 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਮੋਹਨ ਨੇ ਕਿਹਾ ਕਿ ਐੱਸਐੱਸਪੀ ਗੁਰਦਾਸਪੁਰ ਆਦਿੱਤਿਆ ਦੇ ਨਿਰਦੇਸ਼ਾਂ ਤੇ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 3 ਅਗਸਤ ਨੂੰ ਥਾਣਾ ਸਦਰ ਪੁਲਿਸ ਬੱਬਰੀ ਬਾਈਪਾਸ ਤੇ ਹਾਈ-ਟੈਕ ਨਾਕਾ ਲਗਾ ਕੇ ਵਾਹਨਾਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ਤੇ ਇੱਕ ਤੇਲ ਟੈਂਕਰ ਨੰਬਰ ਐੱਚਪੀ 53 3ਸੀ 0307 ਨੂੰ ਰੋਕਿਆ ਗਿਆ। ਟੈਂਕਰ ਨੂੰ ਮੁਲਜ਼ਮ ਬਲਵਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਮਲਕੋਵਾਲ (ਜ਼ਿਲ੍ਹਾ ਹੁਸ਼ਿਆਰਪੁਰ) ਚਲਾ ਰਿਹਾ ਸੀ। ਟੈਂਕਰ ਦੀ ਤਲਾਸ਼ੀ ਲੈਣ ਤੇ ਉਸ ਵਿੱਚੋਂ ਚੰਡੀਗੜ੍ਹ ਬ੍ਰਾਂਡ ਮੈਕਡਾਵਲ ਸ਼ਰਾਬ ਦੀਆਂ 41 ਪੇਟੀਆਂ ਬਰਾਮਦ ਕੀਤੀਆਂ ਗਈਆਂ। ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਥਾਣਾ ਸਦਰ ਵਿੱਚ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹੈਰਾਨੀ ਦੀ ਗੱਲ ਹੈ ਕਿ ਟੈਂਕਰ ਵਿੱਚ ਤਹਿਖਾਨਾ ਬਣਾ ਕੇ ਸ਼ਰਾਬ ਦੀਆਂ ਪੇਟੀਆਂ ਲੁਕਾਈਆਂ ਗਈਆਂ ਸਨ ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਸ਼ਰਾਬ ਦੀਆਂ ਪੇਟੀਆਂ ਕਿੱਥੋਂ ਲਿਆਂਦੀਆਂ ਗਈਆਂ ਸਨ ਅਤੇ ਉਨ੍ਹਾਂ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਦਾ ਰਿਮਾਂਡ ਹਾਸਲ ਕਰਨ ਤੋਂ ਬਾਅਦ ਉਸ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਸ ਦੇ ਪਿਛਲੇ ਅਤੇ ਅਗਲੇ ਲਿੰਕਾਂ ਦੀ ਪੁਸ਼ਟੀ ਕੀਤੀ ਜਾਵੇਗੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



