ਦੇਸ਼ ਭਗਤਾਂ ਦੇ ਨਾਂ ‘ਤੇ ਰੱਖੇ ਜਾਣਗੇ ਪੰਜਾਬ ਦੇ 25 ਸਕੂਲਾਂ ਦੇ ਨਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 20 ਜੁਲਾਈ : ਦੇਸ਼ ਦੀ ਆਜ਼ਾਦੀ ਲਈ ਪੰਜਾਬ ਦੇ ਯੋਧਿਆਂ ਵਲੋਂ ਪਾਏ ਯੋਗਦਾਨ ਨੂੰ ਸਮੇਂ ਸਮੇਂ ਦੀਆਂ ਸਰਕਾਰਾਂ ਵਲੋਂ ਯਾਦ ਕੀਤਾ ਜਾਂਦਾ ਰਿਹਾ ਹੈ। ਉਸੇ ਲੜੀ ਨੂੰ ਅੱਗੇ ਤੋਰਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਮਹਾਨ ਦੇਸ਼ ਭਗਤਾਂ ਸੁਤੰਤਰਤਾ ਸੰਗਰਾਮੀਆ ਦੀ ਯਾਦ ਨੂੰ ਸਮਰਪਿਤ ਸੂਬੇ ਦੇ 25 ਸਕੂਲਾਂ ਦੇ ਨਾਂ ਬਦਲਣ ਦੀ ਪ੍ਰਕਿਰਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। ਬੀਤੇ ਕੱਲ੍ਹ ਸਕੱਤਰ ਸਕੂਲ ਸਿੱਖਿਆ ਵਿਭਾਗ ਵਲੋਂ ਨੋਟੀਫਿਕੇਸ਼ਨ ਜਾਰੀ ਕਰਦਿਆਂ ਸੂਬੇ ਦੇ 25 ਸਰਕਾਰੀ ਸਕੂਲਾਂ ਦੇ ਨਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਫ਼ੌਜੀਆਂ ਦੇ ਨਾਂ ‘ਤੇ ਰੱਖੇ ਗਏ ਹਨ ਜਿਨ੍ਹਾਂ ਵਿੱਚ ਪਟਿਆਲਾ ਦੇ ਤਿੰਨ ਸਕੂਲ, ਸ੍ਰੀ ਮੁਕਤਸਰ ਸਾਹਿਬ , ਪਠਾਨਕੋਟ, ਮਾਨਸਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਫਰੀਦਕੋਟ ,ਅੰਮ੍ਰਿਤਸਰ ਸਾਹਿਬ , ਮਲੇਰਕੋਟਲਾ, ਫਾਜ਼ਿਲਕਾ, ਬਰਨਾਲਾ, ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਐਲੀਮੈਂਟਰੀ ਅਤੇ ਸਰਕਾਰੀ ਹਾਈ ਸਕੂਲ ਸ਼ਾਮਲ ਹਨ। ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਨੂੰ ਵਿਰਾਸਤ ਵਜੋਂ ਸੰਭਾਲ ਕੇ ਰੱਖਣ ਲਈ ਪੰਜਾਬ ਸਰਕਾਰ ਦੇ ਫਰੀਡਮ ਫਾਈਟਰ ਵਿਭਾਗ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬ ਦੇ ਯੋਧਿਆਂ ਨੇ ਦਿੱਤੀਆਂ ਹਨ। ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਸੁਤੰਤਰਤਾ ਸੰਗਰਾਮੀਆ ਦੀ ਜੀਵਨੀ ਤੋਂ ਅੱਜ ਦੀ ਨੌਜਵਾਨ ਪੀੜੀ ਨੂੰ ਪ੍ਰੇਰਨਾ ਮਿਲਦੀ ਰਹੇਗੀ। ਦੇਸ਼ ਦੀ ਤਰੱਕੀ ਲਈ ਅੱਗੇ ਆਉਣ ਦਾ ਹੌਸਲਾ ਮਿਲੇਗਾ। ਜ਼ਿਕਰਯੋਗ ਹੈ ਕਿ ਫਰੀਡਮ ਫਾਈਟਰ ਜਥੇਬੰਦੀ ਦੀ ਮੰਗ ਤੇ ਦੇਸ਼ ਭਗਤਾਂ ਦੇ ਮਾਣ ਸਨਮਾਨ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਦੀ ਪਾਲਿਸੀ ਅਧੀਨ ਉੱਘੀਆਂ ਸ਼ਖ਼ਸੀਅਤਾਂ ਵਲੋਂ ਪਾਏ ਯੋਗਦਾਨ ਬਦਲੇ ਪੰਜਾਬ ਦੇ ਸਰਕਾਰੀ ਸਕੂਲਾਂ, ਸੜਕਾਂ, ਹਸਪਤਾਲਾਂ ਦੇ ਨਾਂਅ ਬਦਲਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਸੂਬਾ ਜਥੇਬੰਦੀ ਨੇ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਲੰਬਿਤ ਪਈਆ ਸਨਮਾਨ ਸਹੂਲਤਾਂ ਸਬੰਧੀ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਕੀਤੀ।



