Punjab

ਨਰਸਿੰਗ ਸਟਾਫ ਨੇ ਮੈਡੀਕਲ ਸੁਪਰੀਡੈਂਟ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 7 ਅਗਸਤ : ਗੁਰੂ ਨਾਨਕ ਦੇਵ ਹਸਪਤਾਲ ਵਿਚ ਨਰਸਿੰਗ ਸਟਾਫ ਅਤੇ ਮਰੀਜ਼ ਦੇ ਰਿਸ਼ਤੇਦਾਰਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਨਰਸਿੰਗ ਸਟਾਫ ਨੇ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਦਾ ਘਿਰਾਓ ਕੀਤਾ। ਜੀਐੱਮਐੱਮਸੀ ਨਰਸਿੰਗ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਮਰੀਜ਼ਾਂ ਦੀ ਸੇਵਾ ਕਰਨ ਲਈ ਤਿਆਰ ਹਨ, ਪਰ ਕਈ ਵਾਰ ਮਰੀਜ਼ ਦੇ ਰਿਸ਼ਤੇਦਾਰਾਂ ਵਲੋਂ ਉਨ੍ਹਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ। 5 ਅਗਸਤ ਨੂੰ ਵੀ ਅਜਿਹਾ ਹੀ ਹੋਇਆ। ਹਸਪਤਾਲ ਦੀ ਮਾੜੀ ਸੁਰੱਖਿਆ ਪ੍ਰਣਾਲੀ ਕਾਰਨ ਸਟਾਫ ਨੂੰ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਹੱਥੋਂ ਜ਼ਲੀਲ ਹੋਣਾ ਪੈਂਦਾ ਹੈ। ਕਰਮਚਾਰੀ ਆਗੂਆਂ ਨੇ ਕਿਹਾ ਕਿ ਹਸਪਤਾਲ ਪ੍ਰਬੰਧਨ ਨੂੰ ਹਸਪਤਾਲ ਵਿਚ ਕੰਮ ਕਰਨ ਵਾਲੇ ਸਟਾਫ ਤੇ ਡਾਕਟਰਾਂ, ਖਾਸ ਕਰਕੇ ਮਹਿਲਾ ਸਟਾਫ ਦੀ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ, ਤਾਂ ਜੋ ਉਹ ਮਰੀਜ਼ਾਂ ਨੂੰ ਸੁਰੱਖਿਅਤ ਮਾਹੌਲ ਵਿਚ ਸੇਵਾਵਾਂ ਪ੍ਰਦਾਨ ਕਰ ਸਕਣ। ਪ੍ਰਦਰਸ਼ਨ ਦੀ ਜਾਣਕਾਰੀ ਮਿਲਣ ਤੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਮੈਡੀਕਲ ਸੁਪਰੀਡੈਂਟ ਡਾ. ਕਰਮਜੀਤ ਸਿੰਘ ਨੇ ਨਰਸਿੰਗ ਸਟਾਫ ਨੂੰ ਸ਼ਾਂਤ ਕੀਤਾ। ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਇਹ ਘਟਨਾ ਨਿੰਦਣਯੋਗ ਹੈ। ਨਰਸਿੰਗ ਯੂਨੀਅਨ ਦੇ ਨੁਮਾਇੰਦਿਆਂ ਨੇ ਹਸਪਤਾਲ ਪ੍ਰਸ਼ਾਸਨ ਤੋਂ ਢੁਕਵੇਂ ਸੁਰੱਖਿਆ ਪ੍ਰਬੰਧਾਂ ਦੀ ਮੰਗ ਕੀਤੀ ਅਤੇ ਹਮਲਾਵਰਾਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਨੇ ਸਟਾਫ ਅਤੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਵਿਰੁੱਧ ਜਲਦੀ ਹੀ ਪੁਲਿਸ ਕਾਰਵਾਈ ਕੀਤੀ ਜਾਵੇਗੀ। ਇਸ ਭਰੋਸੇ ਤੋਂ ਬਾਅਦ ਸਾਰੇ ਕਰਮਚਾਰੀਆਂ ਨੇ ਇਸ ਸ਼ਰਤ ਤੇ ਵਿਰੋਧ ਪ੍ਰਦਰਸ਼ਨ ਖਤਮ ਕਰ ਦਿੱਤਾ ਕਿ ਦੋਸ਼ੀਆਂ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਦੀ ਕਾਪੀ ਅੱਜ ਹੀ ਸਾਨੂੰ ਉਪਲਬਧ ਕਰਵਾਈ ਜਾਵੇ। ਉਨ੍ਹਾਂ ਹਸਪਤਾਲ ਪ੍ਰਸ਼ਾਸਨ ਨੂੰ ਚੇਤਾਵਨੀ ਵੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਇਸ ਮੁੱਦੇ ਤੇ ਕੋਈ ਕਾਨੂੰਨੀ ਕਾਰਵਾਈ ਨਹੀਂ ਕਰਦਾ ਹੈ, ਤਾਂ ਨਰਸਿੰਗ ਸਟਾਫ ਦੁਬਾਰਾ ਵਿਰੋਧ ਪ੍ਰਦਰਸ਼ਨ ਸ਼ੁਰੂ ਕਰੇਗਾ।

Related Articles

Leave a Reply

Your email address will not be published. Required fields are marked *

Back to top button