
ਅੰਮ੍ਰਿਤਸਰ, 7 ਅਗਸਤ : ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਵਸੀਕਾ ਨਵੀਸਾਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਇਤਿਹਾਸ ’ਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿਚ ਜਾਣ ਦੀ ਵੀ ਲੋੜ ਨਹੀਂ ਸਗੋਂ ਜਿੱਥੇ ਚਾਹੁਣ, ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿਚ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀ ਮਿਲ ਰਹੀ ਹੈ। ਉਨ੍ਹਾਂ ਇਸ ਸਬੰਧੀ ਵਸੀਕਾ ਨਵੀਸਾਂ ਦੇ ਫੀਡਬੈਕ ਲਈ ਅਤੇ ਉਨਾਂ ਦੇ ਕੋਲੋਂ ਸਹਿਯੋਗ ਮੰਗਿਆ। ਡਿਪਟੀ ਕਮਿਸ਼ਨਰ ਇਸ ਤੋਂ ਇਲਾਵਾ ਮਾਲ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦੇ ਵੇਰਵੇ ਲਏ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਕੰਮ ਵਿਚ ਬਿਨਾਂ ਕਿਸੇ ਕਾਰਨ ਦੇਰੀ ਨਾ ਕਰਨ ਤਾਂ ਜੋ ਲੋਕਾਂ ਨੂੰ ਦਫਤਰਾਂ ਦਾ ਚੱਕਰ ਨਾ ਲਗਾਉਣੇ ਪੈਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਐਸਡੀਐਮ ਗੁਰਸਿਮਰਨ ਸਿੰਘ ਢਿੱਲੋਂ, ਜਿਲ੍ਹਾ ਮਾਲ ਅਫਸਰ ਨਵੀਕੀਰਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।



