Punjab

ਨਵੇਂ ਸਾਲ ਦੀ ਆਮਦ ‘ਤੇ ਡੀ.ਸੀ. ਦਫ਼ਤਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੂ)– ਨਵੇਂ ਸਾਲ 2025 ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਰਾਗੀ ਜਥੇ ਨੇ ਸੰਗਤ ਨੂੰ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਸਮੁੱਚੀ ਸੰਗਤ ਨੇ ਗੁਰਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ, ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਸੱਦਾ ਦਿੱਤਾ ਕਿ ਜਿਸ ਤਰ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪਿਛਲੇ ਵਰ੍ਹੇ ‘ਚ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਤੇ ਪੂਰੀ ਲਗਨ ਨਾਲ ਨਿਭਾਈ, ਇਸ ਨਵੇਂ ਵਰ੍ਹੇ ‘ਚ ਵੀ ਸਾਰੇ ਮੁਲਾਜਮ ਆਪਣੇ ਫ਼ਰਜ਼ ਤੇ ਸੌਂਪੀ ਗਈ ਡਿਊਟੀ ਸਮਰਪਣ ਭਾਵਨਾ ਨਾਲ ਨਿਭਾਉਣ। ਉਨ੍ਹਾਂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ, ਕਿ ਹਰ ਵਿਭਾਗ ਦਾ ਅਧਿਕਾਰੀ ਤੇ ਕਰਮਚਾਰੀ, ਨਵੇਂ ਵਰ੍ਹੇ ‘ਚ ਲੋਕ ਸੇਵਾ ਨੂੰ ਸਮਰਪਿਤ ਰਹੇਗਾ ਅਤੇ ਸਰਕਾਰ ਵੱਲੋਂ ਉਲੀਕੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦਾ ਲਾਭ, ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਸਮੇਤ ਵੱਡੀ ਗਿਣਤੀ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਵਿਚ ਸ਼ਾਮਲ ਹੋਏ।

Related Articles

Leave a Reply

Your email address will not be published. Required fields are marked *

Back to top button