
ਲੁਧਿਆਣਾ, 17 ਅਗਸਤ : ਲੁਧਿਆਣਾ ਭਾਰਤ ਦੇ 79ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਮੈਦਾਨ ’ਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਪੁੱਜੇ ਤੇ ਉਨ੍ਹਾਂ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਅਪੀਲ ਕੀਤੀ। ਤਿਰੰਗਾ ਲਹਿਰਾਉਣ ਤੋਂ ਬਾਅਦ ਅਮਨ ਅਰੋੜਾ ਨੇ ਪਰੇਡ ਦਾ ਨਿਰੀਖਣ ਕੀਤਾ ਤੇ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਊਧਮ ਸਿੰਘ, ਕਰਨੈਲ ਸਿੰਘ ਈਸੜੂ ਵਰਗੇ ਆਜ਼ਾਦੀ ਘੁਲਾਟੀਆਂ ਨੂੰ ਭਾਰਤ ਦੇ ਆਜ਼ਾਦੀ ਸੰਗਰਾਮ ’ਚ ਉਨ੍ਹਾਂ ਦੀਆਂ ਕੁਰਬਾਨੀਆਂ ਲਈ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ’ਚ ਬੇਮਿਸਾਲ ਯੋਗਦਾਨ ਪਾਇਆ ਹੈ ਤੇ ਇਸ ਦੇ ਹਿੱਤਾਂ ਦੀ ਰਾਖੀ ’ਚ ਅਗਵਾਈ ਕਰਦੇ ਰਹਿੰਦੇ ਹਨ। ਅਰੋੜਾ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀਆਂ ਪਿਛਲੇ 3 ਸਾਲਾਂ ਦੌਰਾਨ ਤਬਦੀਲੀਕਾਰੀ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਅਰੋੜਾ ਨੇ ਰਾਜ ਸਰਕਾਰ ਦੇ ਮੁੱਖ ਮੀਲ ਪੱਥਰਾਂ ਨੂੰ ਉਜਾਗਰ ਕੀਤਾ, ਜਿਸ ’ਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਨਾ ਤੇ 5,565 ਰੁਜ਼ਗਾਰ ਮੇਲਿਆਂ ਰਾਹੀਂ 3.16 ਲੱਖ ਪਲੇਸਮੈਂਟ ਦੀ ਸਹੂਲਤ ਦੇਣਾ ਸ਼ਾਮਲ ਹੈ। ਸੂਬੇ ਨੇ 881 ਆਮ ਆਦਮੀ ਕਲੀਨਿਕ (ਏਏਸੀ) ਸਥਾਪਤ ਕੀਤੇ, 3.69 ਕਰੋੜ ਮਰੀਜ਼ਾਂ ਦਾ ਇਲਾਜ ਕੀਤਾ ਤੇ ਜਲਦੀ ਹੀ ਹੋਰ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਸ ਤੋਂ ਇਲਾਵਾ 118 ਸਕੂਲ ਆਫ਼ ਐਮੀਨੈਂਸ (ਐੱਸਓਈ) ਖੋਲ੍ਹੇ ਗਏ ਤੇ ਪ੍ਰਿੰਸੀਪਲਾਂ, ਹੈੱਡ ਮਾਸਟਰਾਂ ਤੇ ਪ੍ਰਾਇਮਰੀ ਅਧਿਆਪਕਾਂ ਨੂੰ ਸਿੰਗਾਪੁਰ, ਫਿਨਲੈਂਡ ਤੇ ਆਈਆਈਐੱਮ ਅਹਿਮਦਾਬਾਦ ’ਚ ਸਿਖਲਾਈ ਲਈ ਭੇਜਿਆ ਗਿਆ। ਉਨ੍ਹਾਂ ਕਿਹਾ ਕਿ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ ਤੇ ਜਲਦੀ ਹੀ ਸਾਰੇ ਪੰਜਾਬੀਆਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਮਿਲੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ, ਜਿਸ ਨੇ ਨਸ਼ੀਲੇ ਪਦਾਰਥਾਂ ਅਤ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਅੰਤਰਰਾਸ਼ਟਰੀ ਸਰਹੱਦ ’ਤੇ ਐਂਟੀ-ਡਰੋਨ ਤਕਨਾਲੋਜੀ ਤਾਇਨਾਤ ਕੀਤੀ ਹੈ, ਜੋ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਪੰਜਾਬੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਖ਼ਤਰੇ ਵਿਰੁੱਧ ਲੜਾਈ ’ਚ ਇੱਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਹੋਰ ਮਹੱਤਵਪੂਰਨ ਪਹਿਲਕਦਮੀਆਂ ’ਚ ਸੜਕ ਸੁਰੱਖਿਆ ਫੋਰਸ ਸ਼ਾਮਲ ਹੈ, ਜਿਸ ਨੇ ਸੜਕ ਹਾਦਸਿਆਂ ’ਚ ਹਜ਼ਾਰਾਂ ਜਾਨਾਂ ਬਚਾਈਆਂ ਹਨ ਤੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਸੇਵਾ ਕੇਂਦਰਾਂ ’ਚ ਲੱਗਭਗ 99.9% ਅਰਜ਼ੀਆਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪ੍ਰਕਿਰਿਆ ਕੀਤੀਆਂ ਜਾਂਦੀਆਂ ਹਨ। ਸਰਕਾਰ ਨੇ 45,000 ਪਟਵਾਰੀਆਂ, ਸਰਪੰਚਾਂ, ਨਗਰ ਕੌਂਸਲਰਾਂ ਤੇ ਨੰਬਰਦਾਰਾਂ ਨੂੰ ਆਨਲਾਈਨ ਦਸਤਾਵੇਜ਼ ਤਸਦੀਕ ਕਰਨ ਲਈ ਸ਼ਾਮਲ ਕੀਤਾ ਹੈ ਤੇ ਆਸਾਨ ਰਜਿਸਟਰੀ, ਜਮ੍ਹਾਂਬੰਦੀ ਤੇ ਇੰਤਕਾਲ ਪ੍ਰਕਿਰਿਆਵਾਂ ਵਰਗੇ ਉਪਾਅ ਪੇਸ਼ ਕੀਤੇ। ਇਸ ਤੋਂ ਇਲਾਵਾ 24 ਸੈਕਟਰ-ਵਾਰ ਉਦਯੋਗਿਕ ਸਲਾਹਕਾਰ ਕਮੇਟੀਆਂ, 1,000 ਨਵੇਂ ਆਂਗਣਵਾੜੀ ਕੇਂਦਰ, ਖੇਡ ਨਰਸਰੀਆਂ ਤੇ ਵਨ-ਟਾਈਮ ਸੈਟਲਮੈਂਟ (ਓਟੀਐੱਸ) ਸਕੀਮਾਂ ਸ਼ੁਰੂ ਕੀਤੀਆਂ ਗਈਆਂ। ਸਮਾਗਮ ’ਚ ਪਰੇਡ ਕਮਾਂਡਰ ਹਰਸ਼ਪ੍ਰੀਤ ਸਿੰਘ ਦੀ ਅਗਵਾਈ ’ਚ ਮਾਰਚ ਪਾਸਟ ਵੀ ਹੋਇਆ, ਜਿਸ ’ਚ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਐੱਨਸੀਸੀ ਸਕਾਊਟਸ ਤੇ ਹੋਰ ਟੁਕੜੀਆਂ ਸ਼ਾਮਲ ਸਨ। 810 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਇੱਕ ਜੀਵੰਤ ਮਾਸ ਪੀਟੀ ਪ੍ਰਦਰਸ਼ਨੀ ਤੇ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਇੱਕ ਦੇਸ਼ ਭਗਤੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਅਮਨ ਅਰੋੜਾ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਪੁਲਿਸ ਕਰਮਚਾਰੀਆਂ ਤੇ ਪਰੇਡ ਭਾਗੀਦਾਰਾਂ ਨੂੰ ਸਨਮਾਨਿਤ ਕੀਤਾ ਤੇ ਵੱਖ-ਵੱਖ ਖੇਤਰਾਂ ’ਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਅਪਾਹਜ ਵਿਅਕਤੀਆਂ ਨੂੰ ਟ੍ਰਾਈਸਾਈਕਲ ਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ। ਇਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸਨਮਾਨ ਕੀਤਾ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਭੋਲਾ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ, ਵਿਸ਼ੇਸ਼ ਡੀਜੀਪੀ ਰਾਮ ਸਿੰਘ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਮੇਅਰ ਪ੍ਰਿੰਸ ਜੌਹਰ, ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਪੰਜਾਬ ਜੈਨਕੋ ਲਿਮ. ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਪੰਜਾਬ ਮੀਡੀਅਮ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਪਨਗ੍ਰੇਨ ਦੇ ਚੇਅਰਮੈਨ ਤੇਜਪਾਲ ਸਿੰਘ ਗਿੱਲ, ਐੱਲਆਈਟੀ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਬ੍ਰਾਹਮਣ ਭਲਾਈ ਬੋਰਡ ਦੇ ਚੇਅਰਪਰਸਨ ਪੰਕਜ ਸ਼ਾਰਦਾ, ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਹਰਭੁਪਿੰਦਰ ਸਿੰਘ ਧਾਰਨਾ ਤੇ ਹੋਰ ਹਾਜ਼ਰ ਸਨ।



