
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ , 10 ਜੂਨ : ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਜੋ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਦੇ ਸੌ ਦਿਨਾਂ ਵਿਚ ਪੁਲਿਸ ਨੇ 9580 ਨਸ਼ਾ ਤਸ਼ਕਰਾ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਸ਼ੇ ਦੇ ਆਦੀ ਲੋਕਾਂ ਦੀ ਸੁਵਿਧਾ ਲਈ ਸੂਬਾ ਸਰਕਾਰ ਆਰਜ਼ੀ ਤੌਰ ’ਤੇ 200 ਮਨੋਰੋਗਾਂ ਦੇ ਮਾਹਰ ਡਾਕਟਰਾਂ ਦੀ ਭਰਤੀ ਕਰੇਗੀ। ਇਸ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੀ ਮੌਜੂਦ ਸਨ। ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਨਸ਼ੇ ਦੇ ਆਦੀ ਲੋਕਾਂ ਦਾ ਇਲਾਜ਼ ਕਰਵਾਉਣਾ ਜ਼ਰੂਰੀ ਹੈ। ਨਸ਼ੇ ਦੀ ਆਦੀ ਲੋਕਾਂ ਨਾਲ ਹਸਪਤਾਲਾਂ ’ਚ ਮਰੀਜ਼ਾਂ ਵਾਂਗ ਵਿਵਹਾਰ ਕੀਤਾ ਜਾਵੇਗਾ। ਇਸ ਕਰਕੇ ਸਰਕਾਰ ਨੇ 200 ਮਨੋ ਰੋਗਾਂ ਦੇ ਮਾਹਰ ਡਾਕਟਰਾਂ ਦੀ ਭਰਤੀ ਕਰਨ ਦਾ ਫ਼ੌਸਲਾ ਕੀਤਾ ਹੈ। ਇਹ ਅਸਥਾਈ ਭਰਤੀ ਦੀ ਪ੍ਰਕਿਰਿਆ ਛੇ ਮਹੀਨਿਆਂ ਬਾਅਦ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਨਸ਼ੇ ਦੇ ਆਦੀ ਲੋਕਾਂ ਦੇ ਇਲਾਜ ਲਈ ਪ੍ਰਾਈਵੇਟ ਨਰਸਿੰਗ ਕਾਲਜਾਂ ਤੇ ਹਸਪਤਾਲਾਂ ਨਾਲ ਵੀ ਸੰਪਰਕ ਕੀਤਾ ਗਿਆ ਹੈ। ਪ੍ਰਾਈਵੇਟ ਹਸਪਤਾਲਾਂ ’ਚ ਕਰੀਬ ਇਕ ਹਜ਼ਾਰ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਹਸਪਤਾਲਾਂ ’ਚ ਪੰਜ ਹਜ਼ਾਰ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਕਰਵਾਉਣ ਵਾਲੇ ਲੋਕਾਂ ਦਾ ਇਲਾਜ਼ ਦਾ ਖ਼ਰਚਾ ਵੀ ਸੂਬਾ ਸਰਕਾਰ ਸਹਿਣ ਕਰੇਗੀ। ਉਨ੍ਹਾਂ ਕਿਹਾ ਕਿ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ।



