
ਅੰਮ੍ਰਿਤਸਰ, 6 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ‘ਜਰਨੈਲਾਂ’ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਪਹਿਲਾਂ ਕਿਸੇ ਨੇ ਵੀ ਇਨ੍ਹਾਂ ਧਨਾਢ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ ਸੀ ਪਰ ਹੁਣ ਸਾਡੀ ਸਰਕਾਰ ਨੇ ਅਜਿਹਾ ਕੀਤਾ ਹੈ ਅਤੇ ਗੁਨਾਹਗਾਰਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਆਗੂਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਕੋਈ ਵੀ ਦੁਬਾਰਾ ਕਦੇ ਵੀ ਅਜਿਹਾ ਪਾਪ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਤੋੜ ਦਿੱਤੀ ਗਈ ਹੈ, ਕਈ ਜਣੇ ਫੜੇ ਜਾ ਚੁੱਕੇ ਹਨ। ਇਹ ਪਹਿਲੀ ਵਾਰ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਬਣਾਈਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ ਜਾਂ ਢਾਹਿਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ 3,500 ਕਰੋੜ ਰੁਪਏ ਦੀ ਕੁਲ ਲਾਗਤ ਨਾਲ 19,000 ਕਿੱਲੋਮੀਟਰ ਲਿੰਕ ਸੜਕਾਂ ਨੂੰ ਕਵਰ ਕਰਨ ਵਾਲੇ ਸੜਕੀ ਪ੍ਰੋਜੈਕਟ ਦੀ ਸ਼ੁਰੂਆਤ ਦਾ ਐਲਾਨ ਕੀਤਾ। ਉਨ੍ਹਾਂ ਨੇ ਪੇਂਡੂ ਵਿਕਾਸ ਫੰਡ (ਆਰਡੀਐਫ) ਵਿਚ ਸੂਬੇ ਦੇ ਹਿੱਸੇ ਵਿੱਚੋਂ 6,000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਜੇ ਇਹ ਫੰਡ ਜਾਰੀ ਕੀਤੇ ਜਾਂਦੇ ਹਨ ਤਾਂ ਸੂਬੇ ਦੀ ਹਰ ਸੜਕ ਬਣਾਈ ਜਾ ਸਕਦੀ ਹੈ। ਇਸ ਦੇ ਬਾਵਜੂਦ ਉਨ੍ਹਾਂ ਕਿਹਾ ਕਿ ਸੂਬਾ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਉਪਲਬਧ ਫੰਡਾਂ ਦੀ ਵਧੀਆ ਵਰਤੋਂ ਕਰ ਰਿਹਾ ਹੈ। ਮਾਨ ਨੇ ਅੱਗੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਉਨ੍ਹਾਂ ਦੀ ਆਲੋਚਨਾ ਇਸ ਲਈ ਕਰਦੇ ਹਨ ਕਿਉਂਕਿ ਉਹ ਉਨ੍ਹਾਂ ਦੀ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਫੈਸਲਿਆਂ ਤੋਂ ਸੜਦੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਵਿਧਾਇਕਾਂ ਨੂੰ ਦਿੱਤੀਆਂ ਜਾਂਦੀਆਂ ਕਈ-ਕਈ ਪੈਨਸ਼ਨਾਂ ਖਤਮ ਕਰ ਦਿੱਤੀਆਂ, ਜਿਸ ਨਾਲ ਜਨਤਕ ਫੰਡਾਂ ਦੀ ਕਾਫ਼ੀ ਬਚਤ ਹੋਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।



