
ਲੁਧਿਆਣਾ, 13 ਮਈ- ਸਨਅਤੀ ਸ਼ਹਿਰ ਲੁਧਿਆਣਾ ਵਿੱਚ ਨਗਰ ਨਿਗਮ ਤੋਂ ਬਿਨ੍ਹਾਂ ਨਕਸ਼ਾ ਪਾਸ ਕਰਵਾਏ ਉਸਾਰੀਆਂ ਦਾ ਕੰਮ ਧੜੱਲੇ ਨਾਲ ਚੱਲ ਰਿਹਾ ਹੈ, ਜਿਨ੍ਹਾਂ ਖਿਲਾਫ ਕਾਰਵਾਈ ਲਈ ਨਗਰ ਨਿਗਮ ਕਮਿਸ਼ਨਰ ਅਦਿਤਿਆ ਡੇਚਲਵਾਲ ਨੇ ਸਖਤ ਨਿਰਦੇਸ਼ ਜਾਰੀ ਕੀਤੇ ਹਨ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਸੋਮਵਾਰ ਨੂੰ ਨਗਰ ਨਿਗਮ ਜ਼ੋਨ ਸੀ ਦੀ ਬਿਲਡਿੰਗ ਬ੍ਰਾਂਚ ਨੇ ਗ਼ੈਰ ਕਾਨੂੰਨੀ ਇਮਾਰਤਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਜ਼ੋਨ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿੱਚ ਇੱਕ ਦਰਜਨ ਤੋਂ ਵੱਧ ਇਮਾਰਤਾਂ ਦੇ ਗੈਰ-ਕਾਨੂੰਨੀ ਹਿੱਸਿਆਂ ਨੂੰ ਢਾਹ ਦਿੱਤਾ। ਨਾਜਾਇਜ਼ ਨਿਰਮਾਣਾ ਖਿਲਾਫ ਕਾਰਵਾਈ ਕਰਦੇ ਹੋਏ ਜ਼ੋਨ ਸੀ ਦੀ ਬਿਲਡਿੰਗ ਬ੍ਰਾਂਚ ਨੇ ਕੰਗਣਵਾਲ, ਜਸਪਾਲ ਬਾਂਗਰ, ਗਿਆਸਪੁਰਾ ਅਤੇ ਨੇੜਲੇ ਇਲਾਕਿਆਂ ਵਿੱਚ ਬਿਨ੍ਹਾਂ ਨਕਸ਼ਾ ਪਾਸ ਕਰਵਾਏ ਬਣਾਈਆਂ ਜਾ ਰਹੀਆਂ ਬਿਲਡਿੰਗਾਂ ਤੇ ਪੀਲਾ ਪੰਜਾ ਚਲਾਇਆ। ਬਿਲਡਿੰਗ ਬ੍ਰਾਂਚ ਦੀ ਇਸ ਕਾਰਵਾਈ ਨੂੰ ਰੋਕਣ ਲਈ ਕਈ ਉਸਾਰੀਕਾਰਾਂ ਵੱਲੋਂ ਆਪਣੇ ਆਕਾਵਾਂ ਦੇ ਫੋਨਾਂ ਤੇ ਘੰਟੀਆਂ ਖੜਕਾਈਆਂ, ਪਰ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਕਾਰਵਾਈ ਲਈ ਗਈ ਟੀਮ ਨੇ ਨਾਜਾਇਜ਼ ਨਿਰਮਾਣਾਂ ਖਿਲਾਫ ਇੱਕ ਸਾਰ ਕਾਰਵਾਈ ਕੀਤੀ। ਕਾਰਵਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਨਿਗਮ ਜ਼ੋਨ ਸੀ ਦੀ ਬਿਲਡਿੰਗ ਬ੍ਰਾਂਚ ਦੇ ਏਟੀਪੀ ਨਵਨੀਤ ਸਿੰਘ ਖੋਖਰ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਟੀਮ ਵੱਲੋਂ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੇ ਨਿਰਦੇਸ਼ਾਂ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਦੀ ਮੁਹਿੰਮ ਜਾਰੀ ਰਹੇਗੀ। ਏਟੀਪੀ ਖੋਖਰ ਨੇ ਕਿਹਾ ਕਿ ਸੋਮਵਾਰ ਨੂੰ ਮੁਹਿੰਮ ਦੌਰਾਨ ਹਾਊਸ ਲਾਇਨ ਆਦਿ ਸਮੇਤ ਇਮਾਰਤਾਂ ਦੇ ਗੈਰ-ਕਾਨੂੰਨੀ ਹਿੱਸੇ ਢਾਹ ਦਿੱਤੇ ਗਏ। ਉਨ੍ਹਾਂ ਦੱਸਿਆ ਸ਼ੁਰੂਆਤੀ ਪੜਾਅ ’ਤੇ ਕਈ ਗੈਰ-ਕਾਨੂੰਨੀ ਇਮਾਰਤਾਂ ਢਾਹ ਦਿੱਤੀਆਂ ਗਈਆਂ ਹਨ ਕਿਉਂਕਿ ਬਿਲਡਿੰਗਾਂ ਦੇ ਮਾਲਕਾਂ ਨੇ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਨਹੀਂ ਕਰਵਾਇਆ ਸੀ। ਇਸ ਦੌਰਾਨ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੀ ਬਿਲਡਿੰਗ ਦੀ ਉਸਾਰੀ ਦਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਦੀ ਮਨਜ਼ੂਰੀ ਲੈਣ, ਨਹੀਂ ਤਾਂ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।



