ਨਿਤਿਨ ਸ਼ਰਮਾ ਕਤਲ ਮਾਮਲਾ: ਫ਼ਿਰੋਜ਼ਪੁਰ ਦੇ ਲੋਕਾਂ ਨੇ ਕੀਤਾ ਜ਼ੋਰਦਾਰ ਵਿਰੋਧ, ਪੁਲਿਸ ਨੇ ਮੰਗਿਆ ਇੱਕ ਹਫ਼ਤੇ ਦਾ ਸਮਾਂ

ਬਾਲ ਕਿਸ਼ਨ
ਫ਼ਿਰੋਜ਼ਪੁਰ, 28 ਮਾਰਚ– ਨਿਤਿਨ ਸ਼ਰਮਾ ਕਤਲ ਕਾਂਡ ਨੂੰ ਲੈ ਕੇ ਫਿਰੋਜ਼ਪੁਰ ਵਿੱਚ ਲੋਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। 12 ਜਨਵਰੀ ਨੂੰ ਲਾਪਤਾ ਹੋਏ ਨਿਤਿਨ ਸ਼ਰਮਾ ਦੀ ਲਾਸ਼ ਰਾਜਸਥਾਨ ਦੇ ਬੀਕਾਨੇਰ ਦੇ ਛੱਤਰਗੜ੍ਹ ਤੋਂ ਮਿਲੀ। ਉਸਦੇ ਪਰਿਵਾਰ ਦਾ ਦੋਸ਼ ਹੈ ਕਿ ਉਹ 10 ਲੱਖ ਰੁਪਏ ਲੈ ਕੇ ਫ਼ਿਰੋਜ਼ਪੁਰ ਤੋਂ ਲੁਧਿਆਣਾ ਜਾ ਰਿਹਾ ਸੀ, ਪਰ ਰਸਤੇ ਵਿਚ ਉਸਦਾ ਕਤਲ ਕਰ ਦਿੱਤਾ ਗਿਆ। ਇਸ ਦੇ ਬਾਵਜੂਦ, ਪੁਲਿਸ ਨੇ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਹੈ। ਇਸ ਘਟਨਾ ਦੇ ਵਿਰੋਧ ਵਿੱਚ, ਬ੍ਰਾਹਮਣ ਸਭਾ ਅਤੇ ਸ਼ਹਿਰ ਦੀਆਂ ਹੋਰ ਸੰਸਥਾਵਾਂ ਨੇ ਅੱਜ ਮੁਲਤਾਨੀ ਗੇਟ ਬਾਜ਼ਾਰ ਵਿਚ ਇੱਕ ਸਾਂਝਾ ਧਰਨਾ ਪ੍ਰਦਰਸ਼ਨ ਕੀਤਾ। ਪੰਡਿਤ ਮਨੀਸ਼ ਸ਼ਰਮਾ, ਪੰਡਿਤ ਹਰੀਰਾਮ ਕੇਂਦਰੀਆ, ਰਾਜਨ ਮਹਿਤਾ, ਮਾਰਕੀਟ ਮੁਖੀ, ਰਿੰਕੂ ਜੀ, ਘੁਮਾਰ ਜੀ, ਮਾਰਕੀਟ ਦੇ ਸਾਰੇ ਵਪਾਰੀਆਂ ਅਤੇ ਹੋਰ ਸੰਗਠਨਾਂ ਦੇ ਲੋਕਾਂ ਨੇ ਇਸ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕਾਤਲਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਫਾਂਸੀ ਦਿੱਤੀ ਜਾਵੇ। ਵਧਦੇ ਦਬਾਅ ਨੂੰ ਦੇਖਦੇ ਹੋਏ, ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕਾਤਲਾਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫ਼ਿਰੋਜ਼ਪੁਰ ਦੇ ਲੋਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪੁਲਿਸ ਨੇ ਇਸ ਮਾਮਲੇ ਨੂੰ ਹੱਲ ਨਹੀਂ ਕੀਤਾ ਅਤੇ ਇੱਕ ਹਫ਼ਤੇ ਦੇ ਅੰਦਰ-ਅੰਦਰ ਅਪਰਾਧੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਤਾਂ ਉਹ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕਰਨਗੇ। ਲੋਕਾਂ ਦੀ ਮੰਗ ਹੈ ਕਿ ਨਿਤਿਨ ਸ਼ਰਮਾ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।



