Punjab

ਨਿਵੇਸ਼ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ : CM ਭਗਵੰਤ ਮਾਨ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 11 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਹਾਲੀ ਵਿਖੇ 13 ਤੋਂ 15 ਮਾਰਚ ਨੂੰ ਹੋਣ ਵਾਲਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ। ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਲਈ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਉਦਯੋਗਿਕ ਦਿੱਗਜ਼ਾਂ ਨਾਲ ਲੰਮੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੀ ਸਨਅਤ ਲਈ ਉਦਯੋਗ-ਪੱਖੀ ਕਾਰਜ ਯੋਜਨਾ ਤਿਆਰ ਕਰਨ ਲਈ ਆਪਸੀ ਸਹਿਮਤੀ ਵਿਕਸਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਪੰਜਾਬੀ ਆਪਣੀ ਹਿੰਮਤ ਅਤੇ ਕਾਬਲੀਅਤ ਨਾਲ ਦੁਨੀਆ ਵਿਚ ਕਿਤੇ ਵੀ ਅਚੰਭਾ ਕਰ ਸਕਦੇ ਹਨ। ਮਾਨ ਨੇ ਕਿਹਾ, “ਇਹ ਸੰਮੇਲਨ ‘ਪੰਜਾਬ ਮੀਨਜ਼ ਬਿਜ਼ਨਸ–ਪਾਲਿਸੀ-ਟੂ-ਪ੍ਰੈਕਟਿਸ’ (ਪੰਜਾਬ ਮਤਲਬ ਕਾਰੋਬਾਰ-ਨੀਤੀ ਤੋਂ ਅਮਲ) ਦੇ ਵਿਸ਼ੇ ‘ਤੇ ਆਧਾਰਤ ਹੋਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਗੁਰੂਗ੍ਰਾਮ, ਨਵੀਂ ਦਿੱਲੀ, ਬੈਂਗਲੁਰੂ, ਹੈਦਰਾਬਾਦ, ਚੇਨਈ, ਮੁੰਬਈ ਅਤੇ ਜਾਪਾਨ, ਦੱਖਣੀ ਕੋਰੀਆ ਆਦਿ ਦੇਸ਼ਾਂ ਵਿੱਚ ਰੋਡ ਸ਼ੋਅ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ, ਸੰਮੇਲਨ ਦੌਰਾਨ ਮੁੱਖ ਸੈਸ਼ਨਾਂ ਵਿਚ ਉਦਘਾਟਨ, ਸਮਾਪਤੀ, ਕੰਟਰੀ ਸੈਸ਼ਨ, ਪਲੇਨਰੀ, ਸੈਕਟਰਲ ਸੈਸ਼ਨ ਅਤੇ ਹੋਰ ਸ਼ਾਮਲ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਨਿਵੇਸ਼ਕ ਸੰਮੇਲਨ ਦੇਸ਼ ਭਰ ਵਿਚ ਵੱਧ ਤੋਂ ਵੱਧ ਰਿਆਇਤਾਂ ਦੀ ਪੇਸ਼ਕਸ਼ ਕਰਦੇ ਹੋਏ ਸੂਬੇ ਵਿਚ ਨਿਵੇਸ਼ ਦੇ ਮੌਕਿਆਂ ਲਈ ਮੰਚ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ, ਪੰਜਾਬ ਸਰਕਾਰ ਨੂੰ ਇਸ ਵਿਆਪਕ ਸਮਾਗਮ ਵਿਚ ਹਿੱਸਾ ਲੈਣ ਲਈ ਨਾ ਸਿਰਫ਼ ਭਾਰਤ ਸਗੋਂ ਦੁਨੀਆ ਭਰ ਦੇ ਉਦਯੋਗਿਕ ਦਿੱਗਜ਼ਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ, ਸੂਬੇ ਦਾ ਮੁੱਖ ਆਧਾਰ ਖੇਤੀਬਾੜੀ ਖੇਤਰ ਪਹਿਲਾਂ ਹੀ ਚੁਣੌਤੀਆਂ ਨਾਲ ਜੂਝ ਰਿਹਾ ਹੈ ਅਤੇ ਕਮਜ਼ੋਰ ਹੋਈ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਵਿਆਪਕ ਉਦਯੋਗੀਕਰਨ ਹੀ ਇੱਕੋ ਇੱਕ ਹੱਲ ਹੈ। ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਨੂੰ ਨਾ ਸਿਰਫ਼ ਦੇਸ਼ ਵਿੱਚ ਸਗੋਂ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣਾਉਣ ਲਈ ਵਿਲੱਖਣ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਨੇ ਸੰਭਾਵੀ ਉੱਦਮੀਆਂ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਨਿਵੇਸ਼ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਦੇ ਯਤਨਾ ਸਦਕਾ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਨੌਜਵਾਨਾਂ ਲਈ 5.20 ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਮਾਨ ਨੇ ਕਿਹਾ, “ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਅਜਿਹੀਆਂ ਹੋਰ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 13 ਤੋਂ 15 ਮਾਰਚ ਨੂੰ ਮੋਹਾਲੀ ਵਿਖੇ ਇਸ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਪ੍ਰੋਜੈਕਟਾਂ ਲਈ ਫੌਰੀ ਅਤੇ ਨਿਰਵਿਘਨ ਢੰਗ ਨਾਲ ਰੈਗੂਲੇਟਰੀ ਮਨਜ਼ੂਰੀਆਂ ਜਾਰੀ ਕਰਨਾ ਯਕੀਨੀ ਬਣਾਉਣ ਲਈ ਸੇਲ ਡੀਡ ਦੀ ਰਜਿਸਟ੍ਰੇਸ਼ਨ ਵਿਚ ਗ੍ਰੀਨ ਸਟੈਂਪ ਪੇਪਰ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੀ ਇਕ ਅਜਿਹਾ ਸੂਬਾ ਹੈ ਜਿਸ ਕੋਲ ਸਥਾਨਕ ਉਦਯੋਗਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਆਪਣੇ ਉਦਯੋਗ ਪੱਖੀ ਮਾਹੌਲ ਦੇ ਨਾਲ-ਨਾਲ ਪੂਰੀ ਤਰ੍ਹਾਂ ਸਮਰੱਥ ਹੁਨਰਮੰਦ ਸਟਾਫ ਉਪਲਬਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਲਈ ਬਿਜਲੀ ਸੁਰੱਖਿਆ ਬਹੁਤ ਅਹਿਮ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਵੱਧ ਤੋਂ ਵੱਧ ਬਿਜਲੀ ਉਤਪਾਦਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਦੇ ਨੁਮਾਇੰਦੇ ਨਿਵੇਸ਼ ਨੂੰ ਮਜ਼ਬੂਤ ਕਰਨ ਲਈ ਸੂਬੇ ਵਿਚ ਕਰਵਾਏ ਜਾਣ ਵਾਲੇ ਇਸ ਮੈਗਾ ਈਵੈਂਟ ਵਿੱਚ ਸੰਭਾਵੀ ਤੌਰ ‘ਤੇ ਸ਼ਾਮਲ ਹੋਣਗੇ। ਮਾਨ ਨੇ ਸੀਨੀਅਰ ਅਧਿਕਾਰੀਆਂ ਨਾਲ ਇਸ ਸੰਮੇਲਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਇਸ ਸੰਮੇਲਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਦਯੋਗ ਦੇ ਵੱਖ-ਵੱਖ ਪਹਿਲੂਆਂ ”ਤੇ ਪ੍ਰਦਰਸ਼ਨੀ, ਸੈਮੀਨਾਰ ਅਤੇ ਤਕਨੀਕੀ ਸੈਸ਼ਨਾਂ ਤੋਂ ਇਲਾਵਾ ਉਦਯੋਗਿਕ ਖੇਤਰ ਵਿੱਚ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਰਣਨੀਤੀਆਂ ”ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button