
ਬਾਲ ਕਿਸ਼ਨ
ਫਿਰੋਜ਼ਪੁਰ, 3 ਅਕਤੂਬਰ : ਜ਼ਿਲ੍ਹੇ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਨਿਯੁਕਤ ਕਲੱਸਟਰ, ਨੋਡਲ ਅਫ਼ਸਰ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਕਾਰਜ ਯੋਜਨਾ ਅਨੁਸਾਰ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਪਰਾਲ਼ੀ ਸਾੜਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਹਾਟ ਸਪਾਟ ਪਿੰਡਾਂ ਵਿਚ ਪੈਟਰੋਲਿੰਗ ਵਧਾਈ ਜਾਵੇ ਅਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਬਾਰੇ ਪ੍ਰੇਰਿਤ ਕੀਤਾ ਜਾਵੇ। ਇਹ ਨਿਰਦੇਸ਼ ਵਧੀਕ ਡਿਪਟੀ ਕਮਿਸ਼ਨਰ (ਵਿ) ਡਾ. ਨਿਧੀ ਕੁਮੁਦ ਬੰਬਾਹ ਨੇ ਐੱਸਡੀਐੱਮ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੁਲਿਸ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੇ। ਮੀਟਿੰਗ ਵਿਚ ਪਰਾਲੀ ਪ੍ਰਬੰਧਨ ਨਾਲ ਸਬੰਧਤ ਇੰਡਸਟਰੀ ਦੇ ਨੁਮਾਇੰਦੇ ਵੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਅਧਿਕਾਰੀ ਬਤੌਰ ਨੋਡਲ ਅਫਸਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਹੌਟ ਸਪਾਟ ਪਿੰਡਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ ਅਤੇ ਸਬੰਧਿਤ ਅਧਿਕਾਰੀ ਹੌਟ ਸਪਾਟ ਪਿੰਡਾਂ ਦੀ ਸਖ਼ਤ ਨਿਗਰਾਨੀ ਲਈ ਥਾਣਾ ਮੁਖੀਆਂ ਨਾਲ ਵੀ ਤਾਲਮੇਲ ਰੱਖਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਪੁਲੀਸ ਪੈਟਰੋਲਿੰਗ ਵੀ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੇ ਪ੍ਰਬੰਧ ਲਈ ਉਪਲੱਬਧ ਮਸ਼ੀਨਾਂ ਦੀ ਪਿੰਡ ਵਾਰ ਸੂਚੀ ਤਿਆਰ ਕਰਕੇ ਇਨ੍ਹਾਂ ਦੀ ਮੈਪਿੰਗ ਵੀ ਕੀਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਮਸ਼ੀਨਾਂ ਦੀ ਵਰਤੋਂ ਕਰਨ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਜਮੀਨ ਦੀ ਉਪਜਾਊ ਸ਼ਕਤੀ ’ਤੇ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਪ੍ਰਦੂਸ਼ਣ ਨਾਲ ਅਨੇਕਾਂ ਬਿਮਾਰੀਆਂ ਹੁੰਦੀਆਂ ਹਨ ਤੇ ਮਿੱਤਰ ਕੀਟ ਅਤੇ ਜੀਵ ਜੰਤੂ ਵੀ ਨਸ਼ਟ ਹੁੰਦੇ ਹਨ। ਇਸ ਦੌਰਾਨ ਸਮੂਹ ਇੰਡਸਟਰੀ ਨੁਮਾਂਇੰਦਿਆਂ ਵੱਲੋਂ ਪਰਾਲੀ ਪ੍ਰਬੰਧਨ ਵਿਚ ਆਪਣੀ ਸਮਰੱਥਾ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਵਿਚ ਐੱਸਡੀਐੱਮ ਫਿਰੋਜ਼ਪੁਰ ਅਮਨਦੀਪ, ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਠਾਕੁਰ, ਸਮੇਤ ਇੰਡਸਟਰੀਜ਼, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਹਿਕਾਰੀ ਸਭਾਵਾਂ ਅਤੇ ਪੰਜਾਬ ਪੁਲਿਸ ਦੇ ਅਧਿਕਾਰੀ ਵੀ ਹਾਜ਼ਰ ਸਨ।



